ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਕੈਪਟਨ ਸਰਕਾਰ ਦੀ ਕਾਰਵਾਈ ਮਹਿਜ਼ ਖਾਨਾਪੂਰਤੀ: ਖਹਿਰਾ

ਸ਼ਰਧਾਲੂਆਂ ਦੀ ਸੁਵਿਧਾ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ

ਸੁਖਪਾਲ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇਣ ਦੀ ਅਪੀਲ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਿੱਜੀ ਦਖ਼ਲ ਦੇਣ ਦੀ ਗੁਹਾਰ ਲਗਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਅਪੀਲ ਕੀਤੀ ਕਿ ਉਹ ਲਾਂਘਾ ਖੁਲ੍ਹਵਾਉਣ ਲਈ ਯੋਗ ਪੈਰਵਾਈ ਕਰਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੇ ਬੀਤੀ 16 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਸੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਬੀਤੀ 29 ਜੂਨ ਨੂੰ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ ਪ੍ਰੰਤੂ ਪੰਜਾਬ ਵਾਲੇ ਪਾਸਿਓਂ ਇਹ ਲਾਂਘਾ ਹਾਲੇ ਵੀ ਬੰਦ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਮਾਜਿਕ ਗਤੀਵਿਧੀਆਂ ਆਮ ਦਿਲਾਂ ਵਾਂਗ ਚੱਲ ਰਹੀਆਂ ਹਨ ਅਤੇ ਗੁਰਦੁਆਰੇ, ਮੰਦਰ, ਮਸਜਿਦਾਂ, ਗਿਰਜਾਘਰ ਅਤੇ ਧਰਮਸ਼ਾਲਾ ਆਦਿ ਸਥਾਨ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ ਬੀਤੀ 5 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਅਯੋਧਿਆਂ ਵਿੱਚ ਰਾਮ ਮੰਦਰ ਦੀ ਉਸਾਰੀ ਬਾਬਤ ਨੀਂਹ ਪੱਥਰ ਰੱਖਿਆ ਹੈ। ਲਿਹਾਜ਼ਾ ਹੁਣ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ।
ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਮੋਤੀਆਂ ਵਾਲੀ ਸਰਕਾਰ ਨੂੰ ਘੇਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਸ਼ਰ੍ਹੇਆਮ ਸਰਕਾਰੀ ਸਰਪ੍ਰਸਤੀ ਹੇਠ ਨਕਲੀ ਸ਼ਰਾਬ ਦਾ ਗੋਰਖ ਧੰਦਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਣ ਬਾਰੇ ਮੁੱਖ ਮੰਤਰੀ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਸਰਕਾਰ ਨੇ ਚੰਦ ਕੁ ਆਬਕਾਰੀ ਵਿਭਾਗ ਅਤੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕਰਕੇ ਮਹਿਜ਼ ਖਾਨਾਪੂਰਤੀ ਕੀਤੀ ਹੈ, ਜਦੋਂਕਿ ਅਸਲ ਦੋਸ਼ੀ ਬੇਖ਼ੌਫ਼ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਮੁੱਖ ਮੰਤਰੀ ਲਈ ਵਧੀਆਂ ਟੈਂਟ ਲਗਾਇਆ ਗਿਆ ਅਤੇ ਖੂਬਸੂਰਤ ਮੈਟ ਵਿਛਾਏ ਗਏ। ਇਹੀ ਨਹੀਂ ਮੁੱਖ ਮੰਤਰੀ ਨੇ ਸ਼ਰਾਬ ਦੇ ਕਾਰੋਬਾਰੀ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਆਪਣੇ ਲਿਜਾ ਕੇ ਜਾਂਚ ਅਧਿਕਾਰੀ ਨੂੰ ਇਹ ਦਰਸਾਇਆ ਗਿਆ ਹੈ ਕਿ ਉਹ ਪੜਤਾਲ ਦੌਰਾਨ ਇਸ ਗੱਲ ਦਾ ਧਿਆਨ ਰੱਖਣ ਕਿ ਕਾਂਗਰਸੀ ਆਗੂ ਉਨ੍ਹਾਂ ਦੇ ਖ਼ਾਸ ਬੰਦੇ ਹਨ। ਅਜਿਹੇ ਹਾਲਾਤਾਂ ਵਿੱਚ ਕਿਵੇਂ ਨਿਰਪੱਖ ਜਾਂਚ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਦੌਰਾ ਮਹਿਜ਼ ਜਾਂਚ ਨੂੰ ਪ੍ਰਭਾਵਿਤ ਕਰਨਾ ਸੀ। ਸ੍ਰੀ ਖਹਿਰਾ ਨੇ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਕਿਸੇ ਸੀਨੀਅਰ ਜੱਜ ਤੋਂ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਅਸਲ ਦੋਸ਼ੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਤੀ ਵਿਅਕਤੀ 25 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ’ਚੋਂ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਸ੍ਰੀ ਖਹਿਰਾ ਨੇ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਡੀਜੀਪੀ ਇਹ ਤਾਂ ਜਾਣਦੇ ਹਨ ਕਿ ਗੁਆਂਢੀ ਮੁਲਕ ਵਿੱਚ ਖਾਲਿਸਤਾਨ ਪੱਖੀ ਲੋਕ ਬੈਠੇ ਅਤੇ ਪੰਜਾਬ ਵਿੱਚ ਗੜਬੜ ਕਰਨਾ ਚਾਹੁੰਦੇ ਹਨ ਪ੍ਰੰਤੂ ਉਹ ਇਸ ਗੱਲੋਂ ਬਿਲਕੁਲ ਬੇਖ਼ਬਰ ਹਨ ਕਿ ਸਰਹੱਦੀ ਇਲਾਕਿਆਂ ਸਮੇਤ ਹੋਰਨਾਂ ਕਈ ਥਾਵਾਂ ’ਤੇ ਸ਼ਰ੍ਹੇਆਮ ਕਾਂਗਰਸ ਦੀ ਸ਼ਹਿ ’ਤੇ ਜ਼ਹਿਰੀਲੀ ਸ਼ਰਾਬ, ਹੋਰ ਕਿਸਮ ਦੇ ਨਸ਼ੇ ਅਤੇ ਨਾਜਾਇਜ਼ ਖਣਨ ਦਾ ਕਾਰੋਬਾਰ ਚੱਲ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜ਼ਮੀਨੀ ਹਕੀਕਤ ਜਾਣਨ ਲਈ ਉਹ ਇਕੱਲੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਕਚਹਿਰੀ ਵਿੱਚ ਬੈਠ ਕੇ ਉਨ੍ਹਾਂ ਦਾ ਦਰਦ ਸੁਣਨ ਤਾਂ ਉਨ੍ਹਾਂ ਨੂੰ ਅਸਲੀਅਤ ਦਾ ਪਤਾ ਚੱਲ ਸਕੇ।
ਇਸ ਮੌਕੇ ਮੌੜ ਦੇ ਵਿਧਾਇਕ ਜਗਦੇਵ ਸਿੰਘ, ਨਵਦੀਪ ਸਿੰਘ ਬੱਬੂ, ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…