Share on Facebook Share on Twitter Share on Google+ Share on Pinterest Share on Linkedin ਕੱਚੇ ਅਧਿਆਪਕਾਂ ਨੂੰ ਲਾਰਾ ਲਗਾ ਕੇ ਤੁਰਦੇ ਬਣੇ ਮੁੱਖ ਮੰਤਰੀ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਜੇਕਰ ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਤਾਂ ਧਰਨਾ ਜਾਰੀ ਰਹੇਗਾ: ਆਗੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ: ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਬੁੱਧਵਾਰ ਨੂੰ 29ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਪੰਜਾਬ ਕੈਬਨਿਟ ਦੀ ਮੀਟਿੰਗ ਅਚਾਨਕ ਮੁਲਤਵੀ ਹੋਣ ਤੋਂ ਭੜਕੇ ਕੱਚੇ ਅਧਿਆਪਕਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਪਹਿਲਾਂ ਐਸਐਸਪੀ ਨੇ ਗੱਲ ਕੀਤੀ ਅਤੇ ਉਪਰੰਤ ਅਧਿਆਪਕਾਂ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਦੂਜੀ ਵਾਰ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਨਾਲ ਗੱਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਭਵਨ ਵਿਖੇ ਯੂਨੀਅਨ ਆਗੂਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਹੋਰ ਅਧਿਕਾਰੀ ਵੀ ਸਨ। ਪ੍ਰੰਤੂ ਇਹ ਮੀਟਿੰਗ ਕਿਸੇ ਕੰਢੇ ਨਹੀਂ ਲੱਗੀ। ਇਸ ਮੌਕੇ ਕੈਪਟਨ ਸੰਧੂ ਨੇ ਕਿਹਾ ਕਿ ਕਿਸੇ ਕਾਰਨ ਅੱਜ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਨਹੀਂ ਹੋ ਸਕੀ, ਨਹੀਂ ਤਾਂ ਅੱਜ ਲਗਪਗ ਉਨ੍ਹਾਂ (ਕੱਚੇ ਅਧਿਆਪਕਾਂ) ਦਾ ਮਸਲਾ ਹੱਲ ਹੋ ਜਾਣਾ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਅਗਲੇ ਹਫ਼ਤੇ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਮਾਮਲਾ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ, ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਮਸਲੇ ਦਾ ਪੱਕਾ ਹੱਲ ਨਹੀਂ ਹੋ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਜੇਕਰ ਹਫ਼ਤੇ ਹਫ਼ਤੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰ ਨੇ ਉਨ੍ਹਾਂ ਦੀ ਪੱਕੀ ਨੌਕਰੀ ’ਤੇ ਮੋਹਰੀ ਨਹੀਂ ਲਗਾਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਬਲਕਿ ਇਨਸਾਫ਼ ਪ੍ਰਾਪਤੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ। ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਧਰ, ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ, ਰਾਜਾ ਅੌਲਖ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ। ਉਧਰ, ਦੂਜੇ ਪਾਸੇ ਰਿਵਾਈਜ਼ਡ ਟੈੱਟ-2011 ਦੇ ਬੇਰੁਜ਼ਗਾਰ ਅਧਿਆਪਕ ਵੀ ਬੀਤੀ 17 ਜੂਨ ਤੋਂ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਹਨ। ਯੂਨੀਅਨ ਦੀ ਪ੍ਰਧਾਨ ਇੰਦਰਪਾਲ ਕੌਰ, ਅਮਰਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2011 ਵਿੱਚ ਲਏ ਅਧਿਆਪਕ ਯੋਗਤਾ ਟੈੱਸਟ ਵਿੱਚ ਚਾਰ ਸਵਾਲ ਗਲਤ ਪਾਏ ਗਏ ਸਨ। ਇਸ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਨੇ ਅਕਤੂਬਰ 2017 ਵਿੱਚ ਪੰਜਾਬ ਸਰਕਾਰ ਨੂੰ ਹੁਕਮ ਜਾਰੀ ਕੀਤੇ ਜਾਣ ਉਪਰੰਤ ਅਧਿਆਪਕਾਂ ਨੂੰ ਚਾਰ ਅੰਕ ਦੇ ਕੇ ਸੋਧੇ ਹੋਏ ਨਤੀਜੇ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਹੁਣ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ