
ਕੈਪਟਨ ਸਿੱਧੂ ਨੇ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਮੁਹਾਲੀ ਦੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਸਾਰੇ ਵਿੰਗਾਂ ਦੀ ਨਿਯੁਕਤੀ ਜਲਦੀ ਕੀਤੀ ਜਾਵੇਗੀ: ਕੈਪਟਨ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਜ਼ਿਲ੍ਹੇ ਦੀ ਜਥੇਬੰਦੀ ਦੀ ਮੀਟਿੰਗ ਅੱਜ ਪਾਰਟੀ ਮੁੱਖ ਦਫ਼ਤਰ ਵਿਖੇ ਬੁਲਾਈ ਗਈ। ਇਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਆਗੂਆਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਗੰਭੀਰ ਦੌਰ ਵਿੱਚੋਂ ਨਿਕਲ ਰਿਹਾ ਹੈ ਅਤੇ ਸਾਰਿਆਂ ਨੂੰ ਇਕੱਠੇ ਹੋ ਕੇ ਲੜਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਪੰਜਾਬ ਦੇ ਕਿਸੇ ਵੀ ਵਰਗ ਦੀ ਬਾਂਹ ਨਹੀਂ ਫੜ ਰਹੀ ਸੋ ਲੋਕਾਂ ਨੂੰ ਇਕੱਠੇ ਹੋ ਕੇ ਮੌਜੂਦਾ ਨਿਜ਼ਾਮ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਕੈਪਟਨ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵੱਡੇ ਬਦਲ ਵਜੋਂ ਉੱਭਰ ਰਿਹਾ ਹੈ ਅਤੇ ਪੰਜਾਬ ਦੇ ਵੱਖ ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪਾਰਟੀ ਦੀ ਜ਼ਿਲਾ ਇਕਾਈ ਦੇ ਮੈਂਬਰ ਨਿਯੁਕਤ ਕੀਤੇ ਜਾਣਗੇ ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਬਣਾਏ ਜਾ ਰਹੇ ਵਿੰਗਾਂ ਵਿੱਚ ਵੀ ਜ਼ਿਲ੍ਹੇ ਦੇ ਮੈਂਬਰਾਂ ਨੂੰ ਸਰਗਰਮੀ ਨਾਲ ਕਾਰਜ ਕਰਨ ਦੀ ਡਿਊਟੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ, ਕਿਸਾਨ, ਐਸਸੀਬੀਸੀ ਸਮੇਤ ਜ਼ਿਲੇ ਦੇ ਸਾਰੇ ਵਿੰਗਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਚੰਨਣ ਸਿੰਘ, ਆਰਕੇ ਸੇਠੀ, ਹਰਵਿੰਦਰ ਸਿੰਘ, ਡਾ. ਮੇਜਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਸੰਤੋਖ ਸਿੰਘ, ਹਰਪਾਲ ਸਿੰਘ, ਹਰਜੀਤ ਸਿੰਘ, ਜਰਨੈਲ ਸਿੰਘ ਅਤੇ ਸੁਖਦੇਵ ਸਿੰਘ ਵਾਲੀਆ ਮੌਜੂਦ ਸਨ।