Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸ਼ੁਰੂਆਤੀ ਧੁਰਾ’ ਸਥਾਪਿਤ ਕਰਨ ਲਈ ਹਰੀ ਝੰਡੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ: ਪੰਜਾਬ ਵਿੱਚ ਪਰਿਆਵਰਣ ਪ੍ਰਬੰਧ ਨੂੰ ਬੜ੍ਹਾਵਾ ਦੇਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸ਼ੁਰੂਆਤੀ ਧੁਰਾ (ਪੰਜਾਬ ਸਟਾਰਟ ਅੱਪ ਹੱਬ) ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਹੇਠ ਮੁਹਾਲੀ ਵਿੱਚ ਅਤਿਆਧੁਨਿਕ ਸ਼ੁਰੂਆਤੀ ਕੇਂਦਰ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਭਰ ਵਿਚ ਸਨਅਤੀ ਧੁਰੇ ਸਥਾਪਤ ਕਰਨ ਲਈ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਏ ਜਾਣ ਦੀ ਪ੍ਰਕਿਆ ਦੌਰਾਨ ਪ੍ਰਭਾਵਿਤ ਹੋਣ ਵਾਲੇ ਵਿਅਕਤੀਆਂ ਦੇ ਮੁੜ ਵਸੇਬੇ ਵਾਸਤੇ ਖਰੜਾ ਪ੍ਰਸਤਾਵ ਤਿਆਰ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਸ ਕਮੇਟੀ ਵਿਚ ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਪ੍ਰਮੁੱਖ ਸਕੱਤਰ ਵਿੱਤ ਹੋਣਗੇ। ਮੁੱਖ ਮੰਤਰੀ ਨੇ ਇਹ ਹਦਾਇਤਾਂ ਪੰਜਾਬ ਉਦਯੋਗਿਕ ਅਤੇ ਬਿਜ਼ਨਸ ਵਿਕਾਸ ਬੋਰਡ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਾਰੀ ਕੀਤੀਆਂ। ਇਸ ਬੋਰਡ ਦਾ ਗਠਨ ਨਵੀਂ ਸਨਅਤੀ ਨੀਤੀ ਨੂੰ ਬਿਨਾਂ ਕਿਸੇ ਅੜਚਣ ਅਤੇ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਕੀਤਾ ਗਿਆ ਹੈ। ਸੂਬੇ ਵਿਚ ਸਨਅਤ ਨੂੰ ਬੜ੍ਹਾਵਾ ਦੇਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਨਅਤਾਂ ਵਾਸਤੇ ਆਗਿਆ ਦੇਣ ਸਬੰਧੀ ਲੋੜੀਂਦੀ ਪ੍ਰਕ੍ਰਿਆ ਨੂੰ ਹੋਰ ਦਰੁਸਤ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਸੂਬੇ ਵਿਚ ਉਦਯੋਗਾਂ ਲਈ ਢੁੱਕਵਾਂ ਮਾਹੌਲ ਯਕੀਨੀ ਬਣਾਉਣ ਤੋਂ ਇਲਾਵਾ ਸਾਰੇ ਉਦਯੋਗਪਤੀਆਂ ਅਤੇ ਉਦਮੀਆਂ ਨੂੰ ਆਪਣੇ ਉਦਮ ਸ਼ੁਰੂ ਕਰਨ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਦਯੋਗਪਤੀਆਂ ਨੂੰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਤਾਂ ਜੋ ਸੂਬੇ ਨੂੰ ਦੇਸ਼ ਭਰ ਵਿਚ ਸਭ ਤੋਂ ਵੱਧ ਪਸੰਦੀਦੇ ਸੂਬੇ ਵਿਚ ਲਿਆਂਦਾ ਜਾ ਸਕੇ। ਚਮੜਾ ਸੈਕਟਰ ਵਿਚ ਮੌਕਿਆਂ ਦਾ ਲਾਭ ਉਠਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਨਅਤੀ ਵਿਭਾਗ ਨੂੰ ਭਾਰਤ ਸਰਕਾਰ ਦੀ ਮੈਗਾ ਲੈਦਰ ਕਲਸਟਰ ਸਕੀਮ ਦੇ ਹੇਠ ਜਲੰਧਰ ਵਿਖੇ ਸਪੈਸ਼ਲ ਪਰਪਜ਼ ਵਹਿਕਲ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਵੀ ਆਖਿਆ ਹੈ। ਵਿਚਾਰ ਚਰਚਾ ਵਿੱਚ ਹਿੱਸਾ ਲੈਂਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਖੇਡਾਂ ਅਤੇ ਚਮੜਾ ਉਦਯੋਗ ਲਈ ਜਲੰਧਰ ਵਿਖੇ ਵਿਸ਼ੇਸ਼ ਆਰਥਕ ਜ਼ੋਨ ਸਥਾਪਤ ਕਰਨ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੋਵਾਂ ਸੈਕਟਰਾਂ ਦੀ ਬਰਾਮਦੀ ਸਮਰਥਾ ਦਾ ਲਾਭ ਉਠਾਇਆ ਜਾ ਸਕੇ। ਲੁਧਿਆਣਾ ਵਿਖੇ ਅਤਿ ਅਧੁਨਿਕ ‘ਸਾਇਕਲ ਵੈਲੀ’ ਸਥਾਪਤ ਕਰਨ ਦੀਆਂ ਪ੍ਰਸਥਿਤੀਆਂ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਧਾਰਨਾ ਯੋਜਨਾ ਅੰਤਿਮ ਪੜਾਅ ’ਤੇ ਪਹੁੰਚ ਗਈ ਹੈ ਅਤੇ ਪਹਿਲਾਂ ਹੀ ਪ੍ਰਸਤਾਵਿਤ 300 ਏਕੜ ਜ਼ਮੀਨ ਤੋਂ ਇਲਾਵਾ ਧਾਨੰਸੂ ਪਿੰਡ ਵਿੱਚ 80 ਏਕੜ ਪੰਚਾਇਤੀ ਜ਼ਮੀਨ ਉਪਲਬਧ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਸਨਅਤੀ ਪ੍ਰੋਜੈਕਟਾਂ ਲਈ ਜ਼ਮੀਨ ਪ੍ਰਾਪਤ ਕਰਦੇ ਸਮੇਂ ਜ਼ਮੀਨ ਇਕੱਤਰੀਕਰਨ ਸਕੀਮ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਦੇ ਪ੍ਰਸਤਾਵ ਨੂੰ ਵੀ ਪ੍ਰਵਾਨ ਕਰ ਲਿਆ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਅੰਮ੍ਰਿਤਸਰ-ਕੋਲਕਾਤਾ ਸਨਅਤੀ ਗਲਿਆਰੇ ਹੇਠ ਰਾਜਪੁਰਾ ਵਿਖੇ ਸੰਗਠਿਤ ਉਤਪਾਦਨੀ ਕਲੱਸਟਰ (ਆਈ.ਐਮ.ਸੀ.) ਦੇ ਅਧੀਨ ਸਰਕਾਰ ਵੱਲੋਂ ਜ਼ਮੀਨ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਲੰਬਿਤ ਮੁਕੱਦਮੇਬਾਜ਼ੀ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਾਇਆ। ਇਹ ਵੀ ਦੱਸਿਆ ਗਿਆ ਕਿ ਆਈਐਮਸੀ ਦੀ ਸਥਾਪਤੀ ਲਈ 1000 ਏਕੜ ਰਕਬਾ ਪ੍ਰਾਪਤ ਕਰ ਲਿਆ ਹੈ ਅਤੇ ਪੀਐਸਆਈਈਸੀ ਨੇ ਪਹਿਲੇ ਪੜਾਅ ਲਈ ਪਹਿਲਾਂ ਹੀ 206 ਏਕੜ ਦੀ ਸ਼ਨਾਖਤ ਕਰ ਲਈ ਹੈ। ਫੋਕਲ ਪੋਆਇੰਟਾਂ ਦੇ ਰੱਖ-ਰਖਾਵ ਅਤੇ ਇਨ੍ਹਾਂ ਦਾ ਪੱਧਰ ਉੱਚਾ ਕਰਨ ਦੇ ਮੁੱਦੇ ਉੱਤੇ ਮੁੱਖ ਮੰਤਰੀ ਨੇ ਪੀਐਸਆਈਈਸੀ ਨੂੰ ਜਨਤਕ ਨਿੱਜੀ ਭਾਈਵਾਲੀ ਮਾਡਲ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਨਿਰਦੇਸ਼ ਦਿੱਤੇ ਹਨ ਅਤੇ ਸਨਅਤੀ ਵਿਕਾਸ ਦੇ ਵਾਸਤੇ ਤੁਰੰਤ ਪ੍ਰਭਾਵ ਤੋਂ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਸਨਅਤੀ ਵਿਭਾਗ ਦੀ ਸਹਾਇਤਾ ਨਾਲ ਸਲਾਹਕਾਰ ਨਿਯੁਕਤ ਕਰਨ ਲਈ ਆਖਿਆ ਹੈ। ਮੁਹਾਲੀ ਵਿਖੇ ਬਾਇਓਟੈਕਨਾਲੋਜੀ ਪਾਰਕ ਸਥਾਪਿਤ ਕਰਨ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ 80 ਏਕੜ ਜ਼ਮੀਨ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਸਨਅਤੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਜਿਸ ਦੀ ਵਿਭਾਗ ਵੱਲੋਂ ਪਹਿਲਾਂ ਹੀ ਸ਼ਨਾਖਤ ਕੀਤੀ ਗਈ ਹੈ। ਵਿੱਤ ਕਮਿਸ਼ਨਰ ਮਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੋਹਾਲੀ ਦੇ ਆਲੇ-ਦੁਆਲੇ ਇਲੈਕਟ੍ਰੋਨਿਕ ਸਿਸਟਮ ਅਤੇ ਡਿਜ਼ਾਇਨ ਮੈਨੂਫੈਕਚਰਿੰਗ ਕਲੱਸਟਰ ਸਥਾਪਤ ਕਰਨ ਲਈ ਲੋੜੀਂਦੀ 40 ਏਕੜ ਜ਼ਮੀਨ ਪਹਿਲ ਦੇ ਆਧਾਰ ’ਤੇ ਉਪਲਬਧ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ, ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਪੀ.ਡਬਲਯੂ.ਡੀ. ਮੰਤਰੀ ਰਜ਼ੀਆ ਸੁਲਤਾਨਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਮਕਾਨ ਉਸਾਰੀ ਤੇ ਐਫ.ਸੀ.ਆਰ. ਵਿੰਨੀ ਮਹਾਜਨ, ਵਧੀਕ ਮੁੱਖ ਸਕੱਤਰ ਆਬਕਾਰੀ ਐਮ.ਪੀ. ਸਿੰਘ, ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਜੀਤ ਖੰਨਾ, ਪ੍ਰਮੁੱਖ ਸਕੱਤਰ ਕਿਰਤ ਸੰਜੇ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅੰਜਲੀ ਭਾਵਰਾ, ਵਧੀਕ ਮੁੱਖ ਸਕੱਤਰ ਜੰਗਲਤਾ ਅਤੇ ਜੰਗਲੀ ਜੀਵ ਸਤੀਸ਼ ਚੰਦਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਾਇੰਸ ਤੇ ਤਕਨਾਲੋਜੀ ਰੋਸ਼ਨ ਸੁੰਕਾਰੀਆ, ਸੀ.ਈ.ਓ. ਇਨਵੈਸਟ ਪੰਜਾਬ ਤੇ ਸਕੱਤਰ ਉਦਯੋਗ ਰਾਕੇਸ਼ ਵਰਮਾ, ਡਾਇਰੈਕਟਰ ਉਦਯੋਗ ਡੀ.ਪੀ.ਐਸ.ਖਰਬੰਦਾ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸ਼ਿਵ ਦੁਆਰ ਸਿੰਘ ਢਿੱਲੋਂ ਅਤੇ ਵਿਸ਼ੇਸ਼ ਸਕੱਤਰ ਖਰਚਾ ਅਭਿਨਵ ਤ੍ਰਿਖਾ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ