Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ਡੇਅਰੀ ਫਾਰਮਿੰਗ ਨੂੰ ਉਤਸ਼ਾਹਤ ਕਰਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 5 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮਤੰਰੀ ਨੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ 5-ਮੈਂਬਰੀ ਕਮੇਟੀ ਦੇ ਗਠਨ ਲਈ ਲੋੜੀਂਦੀਆਂ ਰਸਮਾਂ ਮੁਕੰਮਲ ਕਰਨ ਲਈ ਆਖਿਆ। ਇਹ ਕਮੇਟੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਅਤੇ ਗੁਰੂ ਅੰਗਦ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਇਕ ਨੁਮਾਇੰਦੇ ‘ਤੇ ਆਧਾਰਤ ਹੋਵੇਗੀ। ਇਹ ਕਮੇਟੀ ਸਹਾਇਕ ਕਿੱਤਿਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਸੁਝਾਅ ਦੇਵੇਗੀ। ਮੁੱਖ ਮੰਤਰੀ ਨੇ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੂੰ ਇਜ਼ਰਾਈਲ ਦੇ ਡੇਅਰੀ ਫਾਰਮਿੰਗ ਦੇ ਮਾਹਿਰ ਯੇਹੁਦਾ ਸਪਰੈਚਰ ਦੀਆਂ ਸੇਵਾਵਾਂ ਪਸ਼ੂ ਪਾਲਣ ਵਿਭਾਗ ਦੇ ਸਲਾਹਕਾਰ ਵਜੋਂ ਹਾਸਲ ਕਰਨ ਲਈ ਆਖਿਆ। ਸ੍ਰੀ ਸਪਰੈਚਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਖੇਤੀਬਾੜੀ ਨੂੰ ਮੁੜ ਪੱਕੇ ਪੈਰੀਂ ਕਰਨ ਲਈ ਕਿਸਾਨਾਂ ਦੀ ਆਮਦਨ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਰਿਵਾਇਤੀ ਫਸਲੀ ਚੱਕਰ ਤੋਂ ਹੁੰਦੀ ਆਮਦਨ ਵੀ ਹਾਸ਼ੀਏ ‘ਤੇ ਪਹੁੰਚ ਚੁੱਕੀ ਹੈ ਜਿਸ ਕਰਕੇ ਖੇਤੀਬਾੜੀ ਤਰੱਕੀ ਨੂੰ ਸਥਿਰ ਬਣਾਉਣ ਲਈ ਬਦਲਵੇਂ ਮੌਕਿਆਂ ਨੂੰ ਤਲਾਸ਼ਣ ਦੀ ਲੋੜ ਹੈ। ਉਨ•ਾਂ ਨੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਹੰਡਣਸਾਰ ਸਹਾਇਕ ਕਿੱਤਿਆਂ ਵੱਲ ਮੁੜਨ ਲਈ ਪ੍ਰੇਰਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਪਾਸਾਰ ਸੇਵਾਵਾਂ ਦੇ ਨੈਟਵਰਕ ਨੂੰ ਹੋਰ ਮਜ਼ਬੂਤ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਨੂੰ ਗੁਰੂ ਅੰਗਦ ਦੇਵ ਯੂਨੀਵਰਸਿਟੀ ਨਾਲ ਮਿਲ ਕੇ ਆਪਣੇ ਉਪਰਾਲੇ ਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਡੇਅਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਆਖਿਆ। ਉਨ•ਾਂ ਨੇ ਵਿਭਾਗ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੋਲ ਪਹੁੰਚ ਕਰਕੇ ਮਧੂ ਮੱਖੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਆਦਿ ਕਿੱਤਿਆਂ ਨੂੰ ਉਤਸ਼ਾਹਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਆਖਿਆ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਰਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਗੈਰ-ਨਿਯਮਿਤ ਪਸ਼ੂ ਧਨ ਵੀਰਜ ‘ਤੇ ਕਾਬੂ ਪਾਉਣ ਲਈ ਆਖਿਆ ਤਾਂ ਕਿ ਭਵਿੱਖ ਵਿੱਚ ਪਸ਼ੂਆਂ ‘ਤੇ ਕਿਸੇ ਤਰ•ਾਂ ਦੇ ਮਾੜੇ ਪ੍ਰਭਾਵ ਨੂੰ ਰੋਕਿਆ ਜਾ ਸਕੇ। ਇਸ ਤੋਂ ਪਹਿਲਾਂ ਯੇਹੁਦਾ ਸਪਰੈਚਰ ਨੇ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਸੂਬੇ ਵਿੱਚ ਦੁੱਧ ਦੀ ਗੁਣਵੱਤਾ ਤੇ ਮਿਕਦਾਰ ਵਧਾਉਣ ਲਈ ਫੀਡ ਅਤੇ ਚਾਰੇ ਦੇ ਮਿਆਰ ਨੂੰ ਸੁਧਾਰਨ ਦੇ ਸੁਝਾਅ ਰੱਖੇ। ਉਨ•ਾਂ ਨੇ ਮੁੱਖ ਮੰਤਰੀ ਨੂੰ ਫੀਡ ਅਤੇ ਪਸ਼ੂ ਪਾਲਣ ਨਾਲ ਸਬੰਧਤ ਹੋਰ ਜਾਣਕਾਰੀ ਵੀ ਮੁਹੱਈਆ ਕਰਵਾਈ। ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਵਿਸ਼ੇਸ਼ ਸਕੱਤਰ ਪਸ਼ੂ ਪਾਲਣ ਰਾਜ ਕਮਲ ਚੌਧਰੀ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਗੁਰੂ ਅੰਗਦ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਅਮਰਜੀਤ ਸਿੰਘ ਨੰਦਾ ਅਤੇ ਪੰਜਾਬ ਖੇਤੀਬਾੜੀ ਦੇ ਉਪ-ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ