nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਜਮੇਰ ਵਿੱਚ ਚਾਰ ਸਿੱਖਾਂ ’ਤੇ ਹੋਏ ਹਮਲੇ ਦੇ ਮਾਮਲੇ ’ਤੇ ਰਾਜਸਥਾਨ ਦੀ ਮੁੱਖ ਮੰਤਰੀ ਨਾਲ ਗੱਲਬਾਤ

ਹਮਲਾਵਰਾਂ ਨੂੰ ਉਕਸਾਉਣ ਵਾਲੇ ਸਿਪਾਹੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਮਈ:
ਅਜਮੇਰ ਵਿਖੇ ਚਾਰ ਸਿੱਖਾਂ ’ਤੇ ਹੋਏ ਘਿਨਾਉਣੇ ਹਮਲੇ ਦੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਵਿੱਚ ਆਪਣੀ ਹਮਰੁਤਬਾ ਵਸੁੰਧਰਾ ਰਾਜੇ ਸਿੰਧੀਆ ਨਾਲ ਗੱਲਬਾਤ ਕਰਕੇ ਇਸ ਮਾਮਲੇ ਵਿੱਚ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਭੀੜ ਵੱਲੋਂ ਕੀਤੀ ਹਿੰਸਾ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਭੀੜ ਨੂੰ ਉਕਸਾਉਣ ਵਾਲੇ ਸਿਪਾਹੀ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੇ ਵਾਪਰਨ ਨੂੰ ਰੋਕਣ ਵਾਸਤੇ ਤੁਰੰਤ ਕਦਮ ਚੁੱਕਣ ਲਈ ਪੁਲੀਸ ਨੂੰ ਨਿਰਦੇਸ਼ ਜਾਰੀ ਕਰਨ ਲਈ ਵੀ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ। ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਸਰਕਾਰ ਨੂੰ ਆਖਿਆ ਕਿ ਇਸ ਘਟਨਾ ਵਿੱਚ ਦੋਸ਼ ਤੈਅ ਕਰਕੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਈ ਜਾਵੇ।
ਮੀਡੀਆ ਰਿਪੋਰਟਾਂ ਮੁਤਾਬਕ ਅਪਰੈਲ ਮਹੀਨੇ ਵਿੱਚ ਵਾਪਰੀ ਇਸ ਘਟਨਾ ਸਬੰਧੀ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਇਸ ਘਟਨਾ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਗੱਲ ’ਤੇ ਵੀ ਹੈਰਾਨੀ ਜ਼ਾਹਰ ਕੀਤੀ ਕਿ ਇਹ ਘਟਨਾ ਸ਼ੋਸਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੱਕ ਸਥਾਨਕ ਪੁਲੀਸ ਦੇ ਧਿਆਨ ਵਿੱਚ ਨਹੀਂ ਆਈ ਜਿਸ ਵਿੱਚ ਦਿਖਾਇਆ ਗਿਆ ਹੈ ਕਿ ਚਾਰ ਸਿੱਖਾਂ ਨੂੰ ਇਕ ਬੋਲੈਰੋ ਐਸ.ਯੂ.ਵੀ. ਵਿੱਚੋਂ ਬਾਹਰ ਕੱਢ ਕੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸਿਪਾਹੀ ਦੀ ਕਾਰਗੁਜ਼ਾਰੀ ਬਾਰੇ ਸਾਹਮਣੇ ਆਈ ਰਿਪੋਰਟ ਤੋਂ ਵੀ ਹੈਰਾਨੀ ਹੋਈ ਹੈ ਜਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚਣ ਤੋਂ ਬਾਅਦ ਵੀ ਪੀੜਤਾਂ ਨੂੰ ਨਹੀਂ ਬਚਾਇਆ ਸਗੋਂ ‘ਉਨ੍ਹਾਂ ਨੂੰ ਸਬਕ ਸਿਖਾਉਣ’ ਲਈ ਭੀੜ ਨੂੰ ਭੜਕਾਉਂਦਾ ਰਿਹਾ। ਉਨ੍ਹਾਂ ਨੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਵਾਉਣ ਅਤੇ ਦੋਸ਼ੀ ਹੋਣ ਦੀ ਸੂਰਤ ਵਿੱਚ ਸਿਪਾਹੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਰਾਜਸਥਾਨ ਸੂਬੇ ਦਾ ਘੱਟ ਗਿਣਤੀ ਕਮਿਸ਼ਨ ਨੇ 24 ਅਪਰੈਲ ਦੀ ਇਸ ਵੀਡੀਓ ਦਾ ਨੋਟਿਸ ਲੈਂਦਿਆਂ ਅਜਮੇਰ ਪੁਲੀਸ ਕੋਲੋਂ ਕਾਰਵਾਈ ਰਿਪੋਰਟ ਮੰਗੀ ਹੈ ਪਰ ਫਿਰ ਵੀ ਇਸ ਹਿੰਸਾ ਵਿੱਚ ਸ਼ਾਮਲ ਲੋਕਾਂ ਨੂੰ ਸੂਬੇ ਦੀ ਸਿਆਸੀ ਸੱਤਾ ਵੱਲੋਂ ਸਖ਼ਤ ਸੁਨੇਹਾ ਦਿੱਤੇ ਜਾਣ ਦੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੱਥਾਂ ਅਨੁਸਾਰ ਚਾਰੇ ਪੀੜਤ ਅਲਵਰ ਗੁਰਦੁਆਰਾ ਦੇ ਸੇਵਾਦਾਰ ਸਨ ਜਿਨ੍ਹਾਂ ਨੂੰ ਲੰਗਰ ਲਈ ਰਸਦ ਇਕੱਠੀ ਕਰਨ ਮੌਕੇ ਰਾਜਗੜ੍ਹ ਪਿੰਡ ਵਿੱਚ ਰੋਕ ਲਿਆ ਸੀ ਜਿਸ ਤੋਂ ਬਾਅਦ ਇਹ ਸਾਰਾ ਘਟਨਾਕ੍ਰਮ ਵਾਪਰਿਆ ਜਿਸ ਕਰਕੇ ਇਹ ਹੋਰ ਵੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਕ ਸੱਭਿਅਕ ਸਮਾਜ ਵਿੱਚ ਇਸ ਤਰ੍ਹਾਂ ਦੀ ਅਸਿਹਣਸ਼ੀਲਤਾ ਲਈ ਕੋਈ ਥਾਂ ਨਹੀਂ ਹੈ ਅਤੇ ਘਟਨਾ ਨੂੰ ਫਿਰਕੂ ਰੰਗਤ ਦਿੱਤੇ ਜਾਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸ਼ੁਰੂ ਵਿੱਚ ਰੋਕ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…