nabaz-e-punjab.com

ਅਧਿਕਾਰੀਆਂ ਨੂੰ ਧਮਕੀਆਂ ਦੇਣ ਵਿਰੁੱਧ ਕੈਪਟਨ ਅਮਰਿੰਦਰ ਵੱਲੋਂ ਸੁਖਬੀਰ ਬਾਦਲ ਨੂੰ ਸਖ਼ਤ ਚੇਤਾਵਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਅਗਸਤ:
ਪੰਜਾਬ ਦੀ ਅਫ਼ਸਰਸ਼ਾਹੀ ਅਤੇ ਪੁਲੀਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਧਮਕੀਆਂ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਬਾਅ ਬਣਾਉਣ ਵਾਲੇ ਇਸ ਤਰ੍ਹਾਂ ਦੇ ਦਾਅ-ਪੇਚਾਂ ਨੂੰ ਸਹਿਣ ਨਹੀਂ ਕਰੇਗੀ ਅਤੇ ਇਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਕਾਂਗਰਸ ਆਗੂਆਂ ਦੇ ਕਹਿਣ ’ਤੇ ਕਥਿਤ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਨ ਦਾ ਦਾਅਵਾ ਕਰਦੇ ਹੋਏ ਸੁਖਬੀਰ ਵੱਲੋਂ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਧਮਕੀਆਂ ਉੱਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਦਲਾਖੋਰੀ ਵਾਲੀਆਂ ਕਾਰਵਾਈਆਂ ਵਿਚ ਵਿਸ਼ਵਾਸ ਨਹੀਂ ਰੱਖਦੀ ਅਤੇ ਹਰੇਕ ਮਾਮਲੇ ਵਿਚ ਜਮਹੂਰੀ ਨਿਯਮਾਂ ਉੱਤੇ ਚਲਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਭੜਕਾਊ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਸੂਬੇ ਦੀ ਸ਼ਾਂਤੀ ਅਤੇ ਸਥਿਰਤਾ ਨੂੰ ਭੰਗ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਹਰੇਕ ਉਸ ਵਿਅਕਤੀ ਜਾਂ ਸੰਸਥਾ ਵਿਰੁੱਧ ਤਿੱਖੀ ਕਾਰਵਾਈ ਕਰੇਗੀ ਜੋ ਇਸ ਤਰ੍ਹਾਂ ਦੀਆਂ ਕਾਰਵਾਈਆਂ ਵਿਚ ਲਿਪਤ ਹੋਵੇਗਾ। ਅਕਾਲੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੇ ਸਬੰਧ ਵਿਚ ਆਪਣੀ ਸਰਕਾਰ ਜਾਂ ਆਪਣੇ ਅਧਿਕਾਰੀਆਂ ’ਤੇ ਲੱਗੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਤਾਂ ਬਾਦਲ ਸਰਕਾਰ ਕਰਦੀ ਸੀ ਜੋ ਕਿ ਝੂਠੇ ਅਤੇ ਆਧਾਰਹੀਣ ਕੇਸ ਦਰਜ ਕਰਨ ’ਚ ਵਿਸ਼ਵਾਸ ਰੱਖਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਮਿਸ਼ਨ ਦਾ ਗਠਨ ਕਰਕੇ ਸਾਰੇ ਕੇਸਾਂ ਦੀ ਜਾਂਚ ਕਰਵਾ ਰਹੀ ਹੈ ਤਾਂ ਜੋ ਬੇਗੁਨਾਹ ਲੋਕਾਂ ਨੂੰ ਨਿਆਂ ਯਕੀਨੀ ਬਣਾਇਆ ਜਾ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨਾਂ ਦੇ ਹੇਠ ਸਜ਼ਾ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਕੋਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਰੁੱਧ ਅਨੇਕਾਂ ਸਬੂਤ ਹਨ ਪਰ ਉਨ੍ਹਾਂ ਦੀ ਸਰਕਾਰ ਜਾਂਚ ਕਮਿਸ਼ਨ ਦੀ ਰਿਪੋਰਟ ਦਾ ਇੰਤਜ਼ਾਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਕਾਰਵਾਈ ਕਾਨੂੰਨ ਅਨੁਸਾਰ ਕਰਨਾ ਚਾਹੁੰਦੇ ਹਨ ਅਤੇ ਕਾਨੂੰਨੀ ਪ੍ਰਕ੍ਰਿਆ ਤੋਂ ਲਾਭੇ ਜਾ ਕੇ ਉਹ ਕੋਈ ਵੀ ਕਦਮ ਨਹੀਂ ਚੁੱਕਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਕਿਸੇ ਵੀ ਕੀਮਤ ਉੱਤੇ ਮੁਆਫ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦੀ ਅਖੌਤੀ ‘ਜਬਰ ਵਿਰੋਧੀ ਲਹਿਰ’ ਦੀ ਵੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਜਬਰ ਕਰਨਾ ਬਾਦਲ ਸਰਕਾਰ ਦੀ ਕਾਰਜ ਪ੍ਰਣਾਲੀ ਦਾ ਹਿੱਸਾ ਸੀ ਅਤੇ ਕਾਂਗਰਸ ਹਮੇਸ਼ਾਂ ਹੀ ਜਮਹੂਰੀ ਸਿਧਾਂਤਾਂ ਅਤੇ ਕਾਨੂੰਨਾਂ ਨੂੰ ਸਖ਼ਤੀ ਨਾਲ ਬਣਾਈ ਰੱਖਣ ਵਿਚ ਵਿਸ਼ਵਾਸ ਰੱਖਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਹੋਰ ਅਕਾਲੀ ਆਗੂ ਆਪਣੀ ਚਮੜੀ ਬਚਾਉਣ ਲਈ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਕੀਤੇ ਗਏ ਦੁਰਾਚਾਰ ਇੱਕ ਇੱਕ ਕਰਕੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਰਹੇ ਹਨ ਜਿਸ ਕਰਕੇ ਅਕਾਲੀ ਨਿਰਾਸ਼ਾ ਦੇ ਵਹਿਣ ਵਿਚ ਵਹਿ ਕੇ ਲੋਕਾਂ ਦਾ ਧਿਆਨ ਲਾਭੇ ਕਰਨ ਲਈ ਸਾਰੇ ਕਿਸਮ ਦੇ ਘਟੀਆ ਦਾਅ-ਪੇਚ ਅਪਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਆਪਣੇ 10 ਸਾਲ ਦੇ ਕੁਸ਼ਾਸਨ ਦੌਰਾਨ ਸਾਰੇ ਸੰਭਵੀ ਤਰੀਕਿਆਂ ਨਾਲ ਸੂਬੇ ਦੇ ਲੋਕਾਂ ਉੱਤੇ ਅਤਿਆਚਾਰ ਕੀਤਾ ਅਤੇ ਹੁਣ ਉਹ ਆਪਣੇ ਇਨ੍ਹਾਂ ਘਿਨਾਉਣੇ ਕਾਰਿਆਂ ਦੇ ਸਾਹਮਣੇ ਆਉਣ ਤੋਂ ਡਰ ਕੇ ਵਿੰਗੇ-ਟੇਢੇ ਦਾਅ-ਪੇਚ ਅਪਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਇਸ ਵੇਲੇ ਕਮਿਸ਼ਨ ਅਕਾਲੀਆਂ ਵਿਰੁੱਧ ਲੱਗੇ ਅਨੇਕਾਂ ਦੋਸ਼ਾਂ ਨੂੰ ਸਿੱਧ ਕਰਨ ਲਈ ਲੱਗੇ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਘਟੀਆ ਹੱਦ ਦੀ ਸਿਆਸਤ ਵਿਚ ਲਿਪਤ ਹੋਣ ਵਿਰੁੱਧ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਚੋਣਾਂ ਵਿਚ ਪਹਿਲਾਂ ਹੀ ਅਕਾਲੀਆਂ ਨੂੰ ਰੱਦ ਕਰ ਦਿੱਤਾ ਹੈ ਅਤੇ ਜੇ ਉਹ ਅਜਿਹਾ ਵਤੀਰਾ ਜਾਰੀ ਰੱਖਣਗੇ ਤਾਂ ਲੋਕ ਸੂਬੇ ਦੀ ਸਿਆਸਤ ਦੇ ਭਲੇ ਲਈ ਉਨ੍ਹਾਂ ਨੂੰ ਸਿਆਸੀ ਪਿੜ ਵਿਚੋਂ ਚੁੱਕ ਕੇ ਬਾਹਰ ਸੁੱਟਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਭੈਅ ਤੋਂ ਆਪਣਾ ਕੰਮ-ਕਾਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਰ ਤਰ੍ਹਾਂ ਦੀ ਜਾਇਜ਼ ਕਾਰਵਾਈ ਅਤੇ ਫੈਸਲੇ ਦੇ ਸਬੰਧ ਵਿਚ ਅਧਿਕਾਰੀਆਂ ਨੂੰ ਹਰ ਸਮਰਥਨ ਦਾ ਭਰੋਸਾ ਦਿਵਾਇਆ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…