Nabaz-e-punjab.com

ਬੇਅਦਬੀ ਮਾਮਲਾ: ਆਪਸ ਵਿੱਚ ਮਿਲੇ ਹੋਏ ਨੇ ਕੈਪਟਨ ਤੇ ਬਾਦਲ ਪਰਿਵਾਰ: ਢੀਂਡਸਾ

ਜ਼ਿਲ੍ਹਾ ਪੱਧਰੀ ਕਮੇਟੀਆਂ ਤੋਂ ਬਾਅਦ ਨਵੇਂ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਐਲਾਨਿਆ ਜਾਵੇਗਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਹੁਣ ਤੱਕ ਕਿਸੇ ਕੰਢੇ ਨਾ ਲੱਗਣਾ ਅਤੇ ਜ਼ਿੰਮੇਵਾਰ ਲੋਕਾਂ ਨੂੰ ਢੁਕਵੀਆਂ ਸਜ਼ਾਵਾਂ ਨਾ ਮਿਲਣ ਪਿੱਛੇ ਕਾਰਨ ਸਾਫ਼ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਰਿਵਾਰ ਆਪਸ ਵਿੱਚ ਮਿਲੇ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਸਭਾ ਦੇ ਮੈਂਬਰ ਤੇ ਨਵਾਂ ਅਕਾਲੀ ਦਲ ਸਥਾਪਿਤ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਅਤੇ ਸਾਬਕਾ ਹੁਕਮਰਾਨਾਂ ਦੀ ਸਾਂਝ ਕਾਰਨ ਇਹ ਮਾਮਲਾ ਪਿਛਲੇ 5 ਸਾਲ ਤੋਂ ਲਮਕ ਰਿਹਾ ਹੈ। ਜਦੋਂ ਉਨ੍ਹਾਂ ਪੁੱਛਿਆ ਗਿਆ ਕਿ ਜਦੋਂ ਉਹ ਬਾਦਲਾਂ ਨਾਲ ਸਨ ਤਾਂ ਉਦੋਂ ਇਹ ਮੁੱਦੇ ਕਿਉਂ ਨਹੀਂ ਚੁੱਕੇ ਗਏ ਤਾਂ ਇਸ ਬਾਰੇ ਢੀਂਡਸਾ ਅਤੇ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਇਸ ਸਬੰਧੀ ਸਮੇਂ ਸਮੇਂ ਵਿੱਚ ਵੱਡੇ ਬਾਦਲ ਨਾਲ ਗੱਲ ਕੀਤੀ ਜਾਂਦੀ ਹੈ ਪਰ ਉਹ ਪੁੱਤ ਦੀ ਚੌਧਰ ਅੱਗੇ ਬੇਵੱਸ ਸਨ।
ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਸਿੱਟ ਜਿਹੜਾ ਕੰਮ ਹੁਣ ਕੰਮ ਲੱਗੀ ਹੈ, ਉਹ ਕਾਫੀ ਸਮਾਂ ਪਹਿਲਾਂ ਹੋਣਾ ਚਾਹੀਦਾ ਸੀ। ਉਨ੍ਹਾਂ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੇ ਆਪਣੇ ਪੁਰਾਣੇ ਸਾਥੀ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਮਾਂ ਆਉਣ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸ਼੍ਰੋਮਣੀ ਕਮੇਟੀ ਵਿੱਚ ਹੋ ਰਹੇ ਘਪਲਿਆਂ ਦਾ ਪਰਦਾਫਾਸ਼ ਕਰਕੇ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ’ਚੋਂ ਕਰੀਬ 69 ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਗਾਇਬ\ਚੋਰੀ ਹੋਣ ਦੇ ਮਾਮਲੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਹੁਣ ਤੱਕ ਐਸਜੀਪੀਸੀ ਜਾਂ ਪੰਥਕ ਧਿਰਾਂ ਨੇ ਪਸ਼ਚਾਤਾਪ ਤੱਕ ਨਹੀਂ ਕੀਤਾ ਗਿਆ ਪ੍ਰੰਤੂ ਹੁਣ ਨਵੇਂ ਅਕਾਲੀ ਦਲ ਵੱਲੋਂ ਗੁਰੂ ਮਰਿਆਦਾ ਅਨੁਸਾਰ ਮਸਤੂਆਣਾ ਸਾਹਿਬ ਵਿਖੇ 30 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ ਅਤੇ 1 ਅਗਸਤ ਨੂੰ ਭੋਗ ਪਾ ਕੇ ਪਸ਼ਚਾਤਾਪ ਕੀਤਾ ਜਾਵੇਗਾ।
(ਬਾਕਸ ਆਈਟਮ)
ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਨਵੇਂ ਅਕਾਲੀ ਦਲ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਜਲਦੀ ਹੀ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਮਗਰੋਂ ਸਾਰਿਆਂ ਦੀ ਰਾਇ ਨਾਲ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ ਜਾਵੇਗਾ। ਜਿਸ ਵਿੱਚ ਸਾਰੇ ਵਰਗਾਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਟਕਸਾਲੀ ਆਗੂਆਂ ਨੂੰ ਆਪਣੇ ਨਾਲ ਜੋੜਨ ਲਈ ਘਰ-ਘਰ ਜਾਣ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਛੇਤੀ ਹੀ ਮੁੱਖ ਬੁਲਾਰਾ ਅਤੇ ਹੋਰ ਬੁਲਾਰਿਆਂ ਦੀ ਨਿਯੁਕਤੀ ਕੀਤੀ ਜਾਵੇਗੀ ਤਾਂ ਜੋ ਟੀਵੀ ਚੈਨਲਾਂ ’ਤੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਬਹਿਸ ਵਿੱਚ ਹਿੱਸਾ ਲੈ ਕੇ ਆਪਣੀ ਗੱਲ ਰੱਖੀ ਜਾ ਸਕੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…