Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ: ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਦੇ ਵਾਧੇ ਦੌਰਾਨ ਨਵਾਂ ਖੇਡ ਮੰਤਰੀ ਬਣਾਉਣ ਦਾ ਵੀ ਦਿੱਤਾ ਸੰਕੇਤ, ਪ੍ਰਗਟ ਸਿੰਘ ਬਣ ਸਕਦੇ ਨੇ ਖੇਡ ਮੰਤਰੀ ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 10 ਅਪਰੈਲ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਬਾਰੇ ਫ਼ੈਸਲਾ ਕਾਂਗਰਸ ਹਾਈ ਕਮਾਂਡ ਵੱਲੋਂ ਢੁਕਵੇਂ ਸਮੇਂ ਉੱਤੇ ਕੀਤਾ ਜਾਵੇਗਾ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਵੱਲੋਂ ਬਸਪਾ ਅਤੇ ਕਾਂਗਰਸ ਨਾਲ ਕੀਤੇ ਗੱਠਜੋੜ ਦੀ ਤਰਜ਼ ਉਤੇ ਪੰਜਾਬ ਵਿੱਚ ਚੋਣ ਗੱਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਅੰਤਿਮ ਫੈਸਲਾ ਹਾਈ ਕਮਾਂਡ ਵੱਲੋਂ ਲਿਆ ਜਾਣਾ ਹੈ। ਪਟਿਆਲਾ ਵਿੱਚ ਉੱਦਮ ਤੇ ਕਾਢ ਕਨਵੈਨਸ਼ਨ ਦੌਰਾਨ ਵੱਖਰੇ ਤੌਰ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਵਜ਼ਾਰਤ ਵਿੱਚ ਵਾਧੇ, ਜਿਸ ਦੇ ਜਲਦੀ ਹੋਣ ਦੀ ਉਮੀਦ ਹੈ, ਵਿੱਚ ਨਵਾਂ ਖੇਡ ਮੰਤਰੀ ਬਣਾਇਆ ਜਾਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਵਿਧਾਇਕ ਪ੍ਰਗਟ ਸਿੰਘ ਨਵੇਂ ਖੇਡ ਮੰਤਰੀ ਹੋ ਸਕਦੇ ਹਨ। ਨਵਜੋਤ ਸਿੱਧੂ ਵੀ ਉਨ੍ਹਾਂ ਨੂੰ ਖੇਡ ਮੰਤਰੀ ਬਣਾਉਣ ਲਈ ਪੂਰਾ ਜੋਰ ਲਗਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਵੀਂ ਖੇਡ ਨੀਤੀ ਤਿਆਰ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਗੋਲਡ ਕੋਸਟ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਸੋਨੇ ਦਾ ਤਗ਼ਮਾ ਜਿੱਤਣ ਲਈ ਨਿਸ਼ਾਨੇਬਾਜ਼ ਹਿਨਾ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਹਰੇਕ ਪੰਜਾਬੀ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਇਸ ਖਿਡਾਰਨ ਦੇ ਖੇਡ ਕਰੀਅਰ ਲਈ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ। ਪਟਿਆਲਾ ਵਿੱਚ ਰਾਤ ਨੂੰ ਗ਼ੈਰਕਾਨੂੰਨੀ ਖਣਨ ਹੋਣ ਬਾਰੇ ਰਿਪੋਰਟਾਂ ਬਾਰੇ ਪੁੱਛਣ ’ਤੇ ਮੁੱਖ ਮੰਤਰੀ ਨੇ ਮੁਕੰਮਲ ਜਾਂਚ ਅਤੇ ਕਾਰਵਾਈ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੂਬੇ ਵਿੱਚ ਗ਼ੈਰਕਾਨੂੰਨੀ ਖਣਨ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲੀਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸੂਬੇ ਵਿੱਚ ਕਿਤੇ ਵੀ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪਹਿਲਾਂ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡਰੱਗਜ਼ ਕੇਸ ਵਿੱਚ ਐਸ.ਟੀ.ਐਫ ਵੱਲੋਂ ਸੌਂਪੀ ਰਿਪੋਰਟ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਸੁਣਵਾਈ ਅਧੀਨ ਹੈ, ਜਿਸ ਕਾਰਨ ਉਹ ਟਿੱਪਣੀ ਨਹੀਂ ਕਰ ਸਕਦੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ