Nabaz-e-punjab.com

ਕੈਪਟਨ ਆਪਣੇ ਵਿਹਲੜ ਸਲਾਹਕਾਰਾਂ ਤੇ ਓਐਸਡੀਜ਼ ਦੀ ਫੌਜ਼ ਦੀ ਛੁੱਟੀ ਕਰਕੇ ਖ਼ਜ਼ਾਨੇ ਦਾ ਭਾਰ ਘਟਾਉਣ: ਬੀਰਦਵਿੰਦਰ ਸਿੰਘ

ਬੀਰਦਵਿੰਦਰ ਸਿੰਘ ਵੱਲੋਂ ਕਰੋਨਾ ਸੰਕਟ ਸਮੇਂ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੀ ਸਖ਼ਤ ਅਲੋਚਨਾ

ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢੇ ਜਾਣ ਨਾਲ ਮੈਡੀਕਲ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ: ਬੀਰਦਵਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਕਰੋਨਾ ਸੰਕਟ ਦੌਰਾਨ ਅੱਗੇ ਵੱਧ ਕੇ ਕੰਮ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐੱਮ) ਦੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਮੇਤ ਪੂਰਾ ਦੇਸ਼ ਕਰੋਨਾ ਮਹਾਮਾਰੀ ਦੇ ਕਹਿਰ ਨਾਲ ਜੂਝ ਰਿਹਾ ਹੈ। ਅਜਿਹੇ ਦੌਰ ਵਿੱਚ ਸੂਬਾ ਸਰਕਾਰ ਦੇ ਤੁਗਲਕੀ ਫਰਮਾਨ ਨਾਲ ਪੰਜਾਬ ਦੇ ਹਸਪਤਾਲਾਂ ਵਿੱਚ ਐੱਨਐੱਚਐੱਮ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਅਤੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਨਾਲ ਸੂਬੇ ਵਿੱਚ ਮੈਡੀਕਲ ਐਮਰਜੈਂਸੀ ਵਰਗੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਹੈ।
ਬੀਰਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮਾੜੇ ਸਮੇਂ ਵਿੱਚ ਸਰਕਾਰ ਨੂੰ ਹੜਤਾਲ ’ਤੇ ਬੈਠੇ ਡਾਕਟਰਾਂ ਅਤੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਣ ਦੇ ਬਜਾਏ ਉਨ੍ਹਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਸਿਹਤ ਸਹੂਲਤਾਂ ਦੀ ਘਾਟ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਸਹਾਰੇ ਚੱਲ ਰਹੇ ਕੋਵਿਡ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਵੀ ਉਪਰ ਟੱਪ ਚੁੱਕੀ ਹੈ, ਅਜਿਹੇ ਵਿੱਚ ਜਿੱਥੇ ਸਿਹਤ ਸਹੂਲਤਾਂ ਦੀ ਘਾਟ ਸਾਫ਼ ਦਿਖਾਈ ਦੇ ਰਹੀ ਹੈ, ਉੱਥੇ ਹੀ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਿਹਤ ਕਾਮਿਆਂ ਨੂੰ ਨੌਕਰੀ ਤੋਂ ਕੱਢਿਆ ਜਾਣਾ ਸਰਕਾਰ ਦੀ ਵੱਡੀ ਨਾਲਾਇਕੀ ਸਾਹਮਣੇ ਆਈ ਹੈ।
ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕੋਲ ਕਰੋਨਾ ’ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਸੀ ਪਰ ਇਸਦੇ ਬਾਵਜੂਦ ਮਹਾਮਾਰੀ ਦੀ ਦੂਜੀ ਲਹਿਰ ਨੇ ਜਿੱਥੇ ਆਪਣਾ ਕਹਿਰ ਵਰਤਾਇਆ ਹੈ, ਉੱਥੇ ਹੀ ਸਰਕਾਰਾਂ ਦੇ ਸਿਹਤ ਸੇਵਾਵਾਂ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਹੀ ਸਿਹਤ ਸੇਵਾਵਾਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਅੱਜ ਸਿਹਤ ਕਾਮਿਆਂ ਨੂੰ ਹੜਤਾਲ ਕਰਨ ਲਈ ਮਜਬੂਰ ਨਾ ਹੋਣਾ ਪੈਣਾ ਸੀ ਅਤੇ ਨਹ ਹੀ ਸਿਹਤ ਸਹੂਲਤਾਂ ਦੀ ਘਾਟ ਮਹਿਸੂਸ ਹੋਣੀ ਸੀ ਪਰ ਅਫਸੋਸ ਕੇਂਦਰ ਅਤੇ ਰਾਜ ਸਰਕਾਰ ਸਿਹਤ ਸਹੂਲਤਾਂ ਦੇ ਮੁਕੰਮਲ ਪ੍ਰਬੰਧ ਕਰਨ ਵਿੱਚ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਹੜਤਾਲ ਕਰਨਾ ਹਰ ਕਿਸੇ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੁਝਾਅ ਦਿੱਤਾ ਕਿ ਮੋਟੀਆਂ ਤਨਖ਼ਾਹਾਂ ’ਤੇ ਰੱਖੇ ਆਪਣੇ ਸਲਾਹਕਾਰਾਂ ਦੀ ਫੌਜ ਨੂੰ ਤੁਰੰਤ ਅਹੁਦੇ ਤੋਂ ਫਾਰਗ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਪ੍ਰਦਾਨ ਕਰਨ ਲਈ ਖ਼ਰਚੇ ਜਾ ਰਹੇ ਮੋਟੇ ਫੰਡਾਂ ਨਾਲ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾਣ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …