Nabaz-e-punjab.com

ਕਰੋਨਾ ਦੇ ਨਾਲ-ਨਾਲ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਲੋੜ: ਸਿਵਲ ਸਰਜਨ

ਮੁਹਾਲੀ ਜ਼ਿਲ੍ਹੇ ਵਿੱਚ ਕਈ ਥਾਵਾਂ ’ਤੇ ਮਿਲਿਆ ਲਾਰਵਾ, ਚਲਾਨ ਤੇ ਜਾਗਰੂਕਤਾ ਸਰਗਰਮੀਆਂ ਜਾਰੀ

ਸਿਹਤ ਵਿਭਾਗ ਨੇ ਲੋਕਾਂ ਨੂੰ ਜਾਨਲੇਵਾ ਮੱਛਰ ਬਾਰੇ ਕੀਤਾ ਚੌਕਸ, ਸ਼ੁੱਕਰਵਾਰ ਨੂੰ ‘ਡਰਾਈ ਡੇਅ’ ਵਜੋਂ ਮਨਾਇਆ ਜਾਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਰੋਨਾ ਮਹਾਮਾਰੀ ਦੇ ਨਾਲ-ਨਾਲ ਡੇਂਗੂ ਤੋਂ ਬਚਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਡੇਂਗੂ ਬੁਖ਼ਾਰ ਅਤੇ ਡੇਂਗੂ ਫੈਲਾਉਣ ਵਾਲੇ ਮੱਛਰ ਤੋਂ ਸਾਵਧਾਨ ਰਹਿਣਾ ਜ਼ਰੂਰੀ ਹੈ ਕਿਉਂਕਿ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਜਾਂਚ ਦੌਰਾਨ ਜਾਨਲੇਵਾ ਮੱਛਰ ਦਾ ਲਾਰਵਾ ਮਿਲਿਆ ਹੈ। ਅੱਜ ਇੱਥੇ ਉਨ੍ਹਾਂ ਕਿਹਾ ਕਿ ਜਿੱਥੇ ਸਿਹਤ ਵਿਭਾਗ ਦੀਆਂ ਟੀਮਾਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪੂਰੀ ਤਰ੍ਹਾਂ ਸਰਗਰਮ ਹਨ, ਉੱਥੇ ਹੁਣ ਘਰਾਂ, ਦੁਕਾਨਾਂ ਅਤੇ ਹੋਰ ਥਾਵਾਂ ’ਤੇ ਚੈਕਿੰਗ ਅਤੇ ਚਲਾਨ ਦੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਜਾਗਰੂਕ ਕਰ ਰਹੀਆਂ ਹਨ।
ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਇਸ ਸੰਕਟ ਸਮੇਂ ਵਿੱਚ ਸਾਰਿਆਂ ਨੂੰ ਡੇਂਗੂ ਜਿਹੀ ਜਾਨਲੇਵਾ ਬਿਮਾਰੀ ਤੋਂ ਵੀ ਬਚਣ ਦੀ ਓਨੀ ਹੀ ਲੋੜ ਹੈ ਜਿੰਨੀ ਕਰੋਨਾ ਤੋਂ ਕਿਉਂਕਿ ਦੋਵੇਂ ਬਿਮਾਰੀਆਂ ਦੀ ਇਕੋ ਸਮੇਂ ਲਾਗ ਜ਼ੋਖ਼ਮ-ਭਰਪੂਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਕਰਨ ਵੱਲ ਧਿਆਨ ਦੇਣ ਦੀ ਅਤਿਅੰਤ ਲੋੜ ਹੇ। ਉਨ੍ਹਾਂ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਦੀ ਗੱਲ ਵੀ ਦੁਹਰਾਈ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ ‘ਏਡੀਜ਼ ਅਜਿਪਟੀ’ ਨੂੰ ਘਰਾਂ ਅਤੇ ਅਪਣੇ ਆਲੇ-ਦੁਆਲੇ ਕਿਸ ਵੀ ਕੀਮਤ ’ਤੇ ਪੈਦਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਲਾਜਯੋਗ ਬਿਮਾਰੀ ਹੈ ਅਤੇ ਡੇਂਗੂ ਹੋਣ ’ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂ ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਹਫ਼ਤੇ ਵਿੱਚ ਘੱਟੋ-ਘੱਟ ਇਕ ਵਾਰ ਫਰਿੱਜਾਂ ਦੀਆਂ ਟਰੇਆਂ, ਕੂਲਰਾਂ ਨੂੰ ਖਾਲੀ ਕਰਕੇ ਸੁਕਾਇਆ ਜਾਵੇ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਸਮੇਤ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ। ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿੱਚ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕੱਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿੱਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖ ਦੇ ਪਿੱਛਲੇ ਹਿੱਸੇ ਵਿੱਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ’ਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਸ਼ਾਮਲ ਹਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …