Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਸੁਣਵਾਈ ਟਲੀ ਪੀੜਤ ਪਰਿਵਾਰ, ਬਚਾਅ ਪੱਖ ਅਤੇ ਸਰਕਾਰੀ ਵਕੀਲਾਂ ਵਿੱਚ ਹੋਈ ਉਸਾਰੂ ਬਹਿਸ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਦਰਜ ਹੈ ਅਪਰਾਧਿਕ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਮੁਲਤਾਨੀ ਨੇ ਸਰਕਾਰੀ ਵਕੀਲ ਸੰਜੀਵ ਬੱਤਰਾ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐਸ ਰਾਏ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੈਣੀ ਤੇ ਹੋਰਨਾਂ ਖ਼ਿਲਾਫ਼ ਦਰਜ ਕੇਸ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਸੈਸ਼ਨ ਜੱਜ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰਕੇ ਅੱਜ (15 ਜੂਨ) ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਆਪਣਾ ਫੈਸਲਾ ਸੁਣਾਉਣ ਤੋਂ ਪਹਿਲਾਂ ਸੈਣੀ ਦੀ ਟਿੱਪਣੀ ਲੈਣਾ ਚਾਹੁੰਦੀ ਹੈ, ਕਿ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਦੀਲ ਕਰਨ ’ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਤਾਂ ਨਹੀਂ? ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ, ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ, ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਉਸਾਰੂ ਬਹਿਸ ਹੋਈ। ਸਾਬਕਾ ਡੀਜੀਪੀ ਸੈਣੀ ਨੇ ਆਪਣੇ ਵਕੀਲ ਐਚਐਸ ਧਨੋਆ ਰਾਹੀਂ ਆਪਣਾ ਪੱਖ ਰੱਖਦਿਆਂ ਅਦਾਲਤ ਨੂੰ ਦੱਸਿਆ ਕਿ ਅੱਜ ਦੀ ਸੁਣਵਾਈ ਬਾਰੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਕੋਈ ਸੰਮਨ ਨਹੀਂ ਮਿਲਿਆ ਹੈ। ਉਂਜ ਵੀ ਉਨ੍ਹਾਂ ਨੂੰ ਸਟੇਅ ਮਿਲੀ ਹੋਈ ਹੈ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ 18 ਜੂਨ ਨੂੰ ਸੁਣਵਾਈ ਹੋਣੀ ਹੈ। ਇਸ ’ਤੇ ਸਰਕਾਰੀ ਵਕੀਲਾਂ ਨੇ ਕਿਹਾ ਕਿ ਉਸ ਦਿਨ (18 ਜੂਨ) ਸਬੰਧਤ ਅਦਾਲਤ ਨੂੰ ਕੋਈ ਅੰਤਿਮ ਫੈਸਲਾ ਲੈਣ ਤੋਂ ਰੋਕਿਆ ਜਾਵੇ। ਸਰਕਾਰੀ ਵਕੀਲਾਂ ਦੀ ਇਸ ਮੰਗ ਨੂੰ ਜਾਇਜ਼ ਮੰਨਦਿਆਂ ਸੈਸ਼ਨ ਜੱਜ ਨੇ ਕੇਸ ਦੀ ਸੁਣਵਾਈ ਲਈ 23 ਜੂਨ ਦਾ ਦਿਨ ਨਿਰਧਾਰਿਤ ਕੀਤਾ ਹੈ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੂੰ ਕਿਹਾ ਗਿਆ ਕਿ ਫਿਲਹਾਲ ਇਸ ਕੇਸ ਬਾਰੇ ਕੋਈ ਅੰਤਿਮ ਫੈਸਲਾ ਨਾ ਲਿਆ ਜਾਵੇ। ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਤੇ ਸੈਸ਼ਨ ਮੋਨਿਕਾ ਗੋਇਲ ਦੀ ਅਦਾਲਤ ਨੇ ਬੀਤੀ 11 ਮਈ ਨੂੰ ਸੈਣੀ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ ਅਤੇ ਹਫ਼ਤੇ ਬਾਅਦ 19 ਮਈ ਇਸ ਮਾਮਲੇ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਹਰ ਸਹਾਏ ਸ਼ਰਮਾ ਵਾਸੀ ਸੈਕਟਰ-51ਡੀ, ਜਗੀਰ ਸਿੰਘ ਵਾਸੀ ਸੈਕਟਰ-51, ਅਨੌਖ ਸਿੰਘ ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ ਵਾਸੀ ਮਨੀਮਾਜਰਾ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ ਸੀ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ। ਪਿਛਲੇ ਦਿਨੀਂ ਇਸੇ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੁੜ ਵੱਡੀ ਰਾਹਤ ਦਿੰਦਿਆਂ ਪੁਲੀਸ ਨੂੰ ਨਿਰਦੇਸ਼ ਦਿੱਤੇ ਸਨ ਕਿ ਜੇਕਰ ਇਸ ਮਾਮਲੇ ਵਿੱਚ ਧਾਰਾ 302 ਦਾ ਵਾਧਾ ਕੀਤਾ ਜਾਂਦਾ ਹੈ ਤਾਂ ਸੈਣੀ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਸੈਣੀ ਨੂੰ ਵਾਰ-ਵਾਰ ਵੱਡੀ ਰਾਹਤ ਦੇਣ ਤੋਂ ਖ਼ਫ਼ਾ ਪੀੜਤ ਪਰਿਵਾਰ ਨੇ ਇਸ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਗੁਹਾਰ ਲਗਾਈ ਹੈ। ਸੁਮੇਧ ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਜ਼ਬਰਦਸਤੀ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦਾ ਦੋਸ਼ ਹੈ। ਇਸ ਸਬੰਧੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ