Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੈਣੀ ਖ਼ਿਲਾਫ਼ ਕੇਸ ਦੂਜੀ ਅਦਾਲਤ ’ਚ ਤਬਦੀਲ ਕਰਨ ਦੀ ਸੁਣਵਾਈ ਅੱਗੇ ਪਈ ਕੇਸ ਦੀ ਸੁਣਵਾਈ ਦੂਜੀ ਅਦਾਲਤ ਵਿੱਚ ਤਬਦੀਲ ਨਾ ਕੀਤਾ ਜਾਵੇ: ਸੁਮੇਧ ਸੈਣੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਸੁਣਵਾਈ 29 ਜੂਨ ਤੱਕ ਅੱਗੇ ਟਲ ਗਈ ਹੈ। ਮੌਜੂਦਾ ਸਮੇਂ ਵਿੱਚ ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚਲ ਰਹੀ ਹੈ। ਇਸ ਅਦਾਲਤ ਵਿੱਚ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਬਾਰੇ ਸੁਣਵਾਈ 25 ਜੂਨ ਨੂੰ ਹੋਵੇਗੀ। ਅੱਜ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਉਂਜ ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ। ਬਚਾਅ ਪੱਖ ਦੇ ਵਕੀਲ ਐਚਐਸ ਧਨੋਆ ਨੇ ਸਾਬਕਾ ਡੀਜੀਪੀ ਸੈਣੀ ਦਾ ਲਿਖਤੀ ਪੱਖ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਗੁਹਾਰ ਲਗਾਈ ਕਿ ਕੇਸ ਦੀ ਸੁਣਵਾਈ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਨਾ ਕੀਤੀ ਜਾਵੇ। ਉਨ੍ਹਾਂ ਤਿੰਨ ਦਹਾਕੇ ਪੁਰਾਣੇ ਕੇਸ ਮਹਾਰਾਸ਼ਟਰ ਸਰਕਾਰ ਬਨਾਮ ਕੈਪਟਨ ਬੁੱਢੀ ਕੋਟਾ ਸੂਬਾ ਰਾਓ ਕੇਸ ਦੀ ਸੁਪਰੀਮ ਕੋਰਟ ਦੀ ਜੱਜਮੈਂਟ ਪੇਸ਼ ਕਰਦਿਆਂ ਦਲੀਲ ਦਿੱਤੀ ਸੀ ਕਿ ਜਿਸ ਅਦਾਲਤ ਵਿੱਚ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋ ਰਹੀ ਹੋਵੇ, ਉਸ ਕੇਸ ਨੂੰ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਕੋਈ ਤੁਕ ਨਹੀਂ ਬਣਦੀ ਹੈ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ’ਚੋਂ ਦੋ ਪੁਲੀਸ ਵਾਲਿਆਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਸਿਰਫ਼ ਸੈਣੀ ਦਾ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਨਾਲ ਇਕੋ ਕੇਸ ਦੀਆਂ ਦੋ ਵੱਖ ਵੱਖ ਅਦਾਲਤਾਂ ਵਿੱਚ ਸੁਣਵਾਈ ਹੋਣ ਕਾਰਨ ਕੇਸ ਉਲਝ ਸਕਦਾ ਹੈ। ਉਂਜ ਵੀ ਪੁਲੀਸ ਨੇ ਹਾਲੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਲਿਹਾਜ਼ਾ ਸਾਬਕਾ ਡੀਜੀਪੀ ਸੈਣੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ। ਅਦਾਲਤ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੇਸ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਦੀ ਸੁਣਵਾਈ 29 ਜੂਨ ਤੱਕ ਅੱਗੇ ਟਾਲ ਦਿੱਤੀ ਹੈ। ਸੁਮੇਧ ਸੈਣੀ ’ਤੇ 29 ਸਾਲ ਪਹਿਲਾਂ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਨੂੰ 11 ਦਸੰਬਰ 1991 ਨੂੰ ਇੱਥੋਂ ਦੇ ਫੇਜ਼-7 ਸਥਿਤ ਘਰੋਂ ਜ਼ਬਰਦਸਤੀ ਚੁੱਕ ਕੇ ਤਸ਼ੱਦਦ ਢਾਹੁਣ ਅਤੇ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦਾ ਦੋਸ਼ ਹੈ। ਇਸ ਸਬੰਧੀ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਧਾਰਾ 364, 201, 344, 330 ਅਤੇ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੈਣੀ ਸਮੇਤ ਇਸ ਮਾਮਲੇ ਵਿੱਚ ਨਾਮਜ਼ਦ ਚਾਰ ਹੋਰ ਮੁਲਜ਼ਮ ਹਰ ਸਹਾਏ ਸ਼ਰਮਾ ਵਾਸੀ ਸੈਕਟਰ-51ਡੀ, ਜਗੀਰ ਸਿੰਘ ਵਾਸੀ ਸੈਕਟਰ-51, ਅਨੌਖ ਸਿੰਘ ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ ਵਾਸੀ ਮਨੀਮਾਜਰਾ ਵੀ ਜ਼ਮਾਨਤ ’ਤੇ ਹਨ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ