Nabaz-e-punjab.com

ਪੰਜਾਬ ਵਿੱਚ ਹੁਣ ਤੱਕ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ: ਸਿੱਧੂ

ਖੂਨਦਾਨ ਕੈਂਪ ਵਿੱਚ 120 ਵਿਅਕਤੀਆਂ ਵੱਲੋਂ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵੱਲੋਂ ਇੱਥੋਂ ਫੇਜ਼-7 ਵਿੱਚ ਲਗਾਏ ਗਏ 10ਵੇਂ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹੁਣ ਤੱਕ ਕੋਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਵਿਦੇਸ਼ਾਂ ਮੁਲਕਾਂ ਤੋਂ ਆਉਣ ਵਾਲੇ ਵਿਅਕਤੀਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੱਕੀ ਮਰੀਜ਼ਾਂ ਦੀ ਜਾਂਚ ਤੋਂ ਬਾਅਦ ਉਨ੍ਹਾਂ ਦੇ ਖੂਨ ਦੇ ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਸਹੂਲਤ ਲਈ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਇਲਾਜ ਕਰਵਾਉਣ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਦੱਸਿਆ ਕਿ ਸੰਸਥਾ ਵੱਲੋਂ ਹਰ ਸਾਲ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਇਸ ਕੈਂਪ ਵਿੱਚ 120 ਵਿਅਕਤੀਆਂ ਨੇ ਖੂਨਦਾਨ ਕੀਤਾ। ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਨੇ ਮੁੱਖ ਮਹਿਮਾਨ ਤੇ ਹੋਰ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਐਸੋਸੀਏਸ਼ਨ ਦੇ ਚੇਅਰਮੈਨ ਏਕੇ ਪਵਾਰ, ਸੀਨੀਅਰ ਮੀਤ ਪ੍ਰਧਾਨ ਜਤਿੰਦਰ ਆਨੰਦ ਟਿੰਕੂ, ਕੈਸ਼ੀਅਰ ਪਲਵਿੰਦਰ ਸਿੰਘ, ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਅਮਿਤ ਮਰਵਾਹਾ, ਚਰਨਜੀਤ ਸਿੰਘ, ਅਮਨਦੀਪ ਸਿੰਘ, ਤੀਰਥ ਗੁਲਾਟੀ, ਸੁਰਿੰਦਰ ਲੱਕੀ, ਅਮਨ ਗੁਲਾਟੀ, ਬਸੰਤ ਚੌਧਰੀ, ਸੰਜੇ ਉਬਰਾਏ, ਬਲਦੇਵ ਸਿੰਘ ਝੱਜ, ਪ੍ਰਮੋਦ ਧਵਨ, ਭੁਪਿੰਦਰ ਸਿੰਘ ਬੱਬੂ, ਧਰਮਿੰਦਰ ਆਨੰਦ, ਅਸ਼ੋਕ ਗੋਇਲ, ਅਮਰਜੀਤ ਆਹੂਜਾ ਅਤੇ ਹਰਦੀਪ ਸਿੰਘ ਵਿੱਕੀ, ਵਿਨੋਦ ਸਭਰਵਾਲ, ਸਤਨਾਮ ਸਿੰਘ ਅਤੇ ਗੁਰਿੰਦਰ ਟੰਡਨ ਵੀ ਹਾਜ਼ਰ ਸਨ।
(ਬਾਕਸ ਆਈਟਮ)
ਬੀਤੇ ਦਿਨੀਂ ਲੌਂਗੋਵਾਲ ਵਿੱਚ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਫੌਤ ਹੋਏ ਚਾਰ ਬੱਚਿਆਂ ਦੀ ਮੌਤ ਬਾਰੇ ਪੁੱਛੇ ਜਾਣ ’ਤੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਸਬੰਧੀ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨ ਨੂੰ ਗੈਸ ਨਾਲ ਚਲਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਖ਼ੁਦ ਪੈਟਰੋਲ ਨਾਲ ਚੱਲਣ ਵਾਲੇ ਵਾਹਨ ਨੂੰ ਜੁਗਾੜ ਬਣਾ ਕੇ ਗੈਸ ਨਾਲ ਚਲਾਵਾਂਗੇ ਤਾਂ ਅਜਿਹੇ ਹਾਦਸੇ ਵਾਪਰਨ ਦਾ ਖਤਰਾ ਹਮੇਸ਼ਾ ਬਣਿਆ ਰਹੇਗਾ। ਉਨ੍ਹਾਂ ਜ਼ੋਰ ਦੇ ਕੇ ਆਖਿਆ ਸਕੂਲਾਂ ਦੇ ਪ੍ਰਬੰਧਕ ਜਿਹੜੀਆਂ ਸਕੂਲ ਬੱਸਾਂ, ਵੈਨਾਂ ਅਤੇ ਹੋਰ ਵਾਹਨਾਂ ਦੀ ਖਰੀਦ ਕੀਤੀ ਜਾਂਦੀ ਹੈ, ਉਸ ਦੇ ਮਾਡਲ, ਫਿਟਨੈਸ ਦੀ ਪਹਿਲਾਂ ਸਰਕਾਰ ਕੋਲੋਂ ਜਾਂਚ ਕਰਵਾਉਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਸਕੂਲ ਬੱਸਾਂ ਤੇ ਵੈਨਾਂ ਦੀ ਹਰ ਮਹੀਨੇ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਵਾਪਰ ਸਕਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…