ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਇੱਕ ਪਰਚਾ ਦਰਜ, 10 ਰੋਜ਼ਾ ਪੁਲੀਸ ਰਿਮਾਂਡ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਖੂੰਖਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਪੁਲੀਸ ਨੇ ਕਾਨੂੰਨ ਦਾ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਨੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਮੁਹਾਲੀ ਵਿੱਚ ਵੱਖ-ਵੱਖ ਧਰਾਵਾਂ ਤਹਿਤ ਇੱਕ ਹੋਰ ਨਵਾਂ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ।
ਲਾਰੈਂਸ ’ਤੇ ਆਪਣੇ ਦੋ ਭਰਾਵਾਂ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਕਾਨੂੰਨੀ ਕਾਰਵਾਈ ਤੋਂ ਬਚਾਉਣ ਲਈ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁੱਝ ਦਿਨ ਪਹਿਲਾਂ ਹੀ ਜਾਅਲੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜਣ ਦਾ ਦੋਸ਼ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋਵੇਂ ਭਰਾਵਾਂ ਅਤੇ ਉਨ੍ਹਾਂ ਨੂੰ ਜਾਅਲੀ ਪਾਸਪੋਰਟ ਰਾਹੀਂ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੀ ਜਾਂਚ ਟੀਮ ਨੇ ਅੱਜ ਬਾਅਦ ਦੁਪਹਿਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ ਸੋਨਾਲੀ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 10 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਲਾਰੈਂਸ ਬਿਸ਼ਨੋਈ ਨੂੰ 29 ਅਗਸਤ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਦਫ਼ਤਰ ਖਰੜ ਵਿੱਚ ਲਿਆਂਦਾ ਗਿਆ। ਜਿੱਥੇ ਸੀਨੀਅਰ ਅਧਿਕਾਰੀਆਂ ਨੇ ਖ਼ੁਦ ਉਸ ਤੋਂ ਪੁੱਛਗਿੱਛ ਕੀਤੀ।
ਪੁਲੀਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਘੜਨ ਵਾਲਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਭਰਾਵਾਂ ਸਚਿਨ ਬਿਸ਼ਨੋਈ ਅਤੇ ਅਨਮੋਲ ਬਿਸ਼ਨੋਈ ਨੂੰ ਪੁਲੀਸ ਤੋਂ ਬਚਾਉਣ ਲਈ ਉਨ੍ਹਾਂ ਦੇ ਜਾਅਲੀ ਪਾਸਪੋਰਟ ਬਣਾਏ ਗਏ ਅਤੇ ਗਾਇਕ ਦੀ ਹੱਤਿਆ ਤੋਂ ਪਹਿਲਾਂ ਉਨ੍ਹਾਂ ਨੂੰ ਸੁਰੱਖਿਅਤ ਵਿਦੇਸ਼ ਭੇਜ ਦਿੱਤਾ। ਕਿਉਂਕਿ ਬਿਸ਼ਨੋਈ ਭਲੀਭਾਂਤ ਇਹ ਜਾਣਦਾ ਸੀ ਕਿ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੁਲੀਸ ਉਸ ਤੱਕ ਪਹੁੰਚਣ ਲਈ ਉਸ ਦੇ ਭਰਾਵਾਂ ਨੂੰ ਜ਼ਰੀਆ ਬਣਾਏਗੀ। ਪੁਲੀਸ ਸੂਤਰਾਂ ਦੀ ਜਾਣਕਾਰੀ ਅਨੁਸਾਰ ਲਾਰੈਂਸ ਦੇ ਉਕਤ ਭਰਾਵਾਂ ਦਾ ਵੀ ਸਿੱਧੂ ਮੂਸੇਵਾਲ ਕਤਲ ਮਾਮਲੇ ਵਿੱਚ ਹੱਥ ਦੱਸਿਆ ਜਾ ਰਿਹਾ ਹੈ।
ਪੁਲੀਸ ਨੇ ਇਸ ਨਵੇਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਜਾਅਲੀ ਪਾਸਪੋਰਟ ਬਣਾਉਣ ਵਿੱਚ ਮੁਲਜ਼ਮਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਲਾਰੈਂਸ ਤੋਂ ਪੁੱਛਗਿੱਛ ਕਰਕੇ ਸਬੰਧਤ ਮਦਦਗਾਰਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਤਲਬ ਕੀਤਾ ਜਾਵੇਗਾ।
ਉਧਰ, ਜਾਅਲੀ ਪਾਸਪੋਰਟ ਮਾਮਲੇ ਵਿੱਚ ਪੰਜਾਬ ਪੁਲੀਸ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ, ਕਿਉਂਕਿ ਕਿਸੇ ਵੀ ਵਿਅਕਤੀ ਦਾ ਪਾਸਪੋਰਟ ਬਣਾਉਣ ਤੋਂ ਪਹਿਲਾਂ ਪੁਲੀਸ ਦੀ ਵੈਰੀਫ਼ਿਕੇਸ਼ਨ ਅਹਿਮ ਮੰਨੀ ਜਾਂਦੀ ਹੈ ਅਤੇ ਪੁਲੀਸ ਕਰਮਚਾਰੀ ਪਾਸਪੋਰਟ ਦੀ ਵੈਰੀਫਿਕੇਸ਼ਨ ਲਈ ਸਬੰਧਤ ਵਿਅਕਤੀ ਦੇ ਘਰ ਖ਼ੁਦ ਜਾਂਦੇ ਹਨ ਅਤੇ ਦੋ ਗੁਆਂਢੀਆਂ ਦੀ ਮੌਜੂਦਗੀ ਵਿੱਚ ਸਾਰੀ ਕਾਰਵਾਈ ਕੀਤੀ ਜਾਂਦੀ ਹੈ। ਇਹੀ ਨਹੀਂ ਗੁਆਂਢੀਆਂ ਤੋਂ ਵੀ ਬਕਾਇਦਾ ਤਸਦੀਕ ਕਰਵਾਈ ਜਾਂਦੀ ਹੈ। ਇਸ ਦੇ ਬਾਵਜੂਦ ਜੇਕਰ ਮੁਲਜ਼ਮ ਜਾਅਲੀ ਪਾਸਪੋਰਟ ਬਣਾਉਣ ਵਿੱਚ ਸਫਲ ਹੋ ਜਾਂਦੇ ਹਨ ਤਾਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣੇ ਲਾਜ਼ਮੀ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…