Nabaz-e-punjab.com

ਗਲੀਆਂ ਵਿੱਚ ਨਾਜਾਇਜ਼ ਬੋਰਾਂ ਦਾ ਮਾਮਲਾ: ਬਲੌਂਗੀ ਕਲੋਨੀ ਦੀ ਅਕਾਲੀ ਸਰਪੰਚ ਦੇ ਖ਼ਿਲਾਫ਼ ਕੇਸ ਦਰਜ

ਅਕਾਲੀ ਦਲ ਦੇ ਆਗੂਆਂ ਦਾ ਵਫ਼ਦ ਐਸਐਸਪੀ ਨੂੰ ਮਿਲਿਆ, ਮਾਮਲੇ ਦੀ ਨਵੇਂ ਸਿਰੇ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਕੰਗ ਨੇ ਮਹਿਲਾ ਕਮਿਸ਼ਨ ਦੀ ਮੁਖੀ ਦਾ ਨਿੱਜੀ ਦਖ਼ਲ ਮੰਗਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਇੱਥੋਂ ਦੇ ਨੇੜਲੇ ਪਿੰਡ ਬਲੌਂਗੀ ਅਤੇ ਬਲੌਂਗੀ ਕਲੋਨੀ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਸਰਕਾਰੀ ਗਲੀ ਵਿੱਚ ਅਣਅਧਿਕਾਰਤ ਤੌਰ ’ਤੇ ਸਬਮਰਸੀਬਲ ਪੰਪ ਲਗਾਉਣ ਲਈ ਬੋਰ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਬਲੌਂਗੀ ਪੁਲੀਸ ਨੇ ਉਲਟਾ ਬਲੌਂਗੀ ਕਲੋਨੀ ਦੀ ਅਕਾਲੀ ਸਰਪੰਚ ਸਰੋਜਾ ਦੇਵੀ ਦੇ ਖ਼ਿਲਾਫ਼ ਹੀ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਤੇ ਇਸਤਰੀ ਅਕਾਲੀ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਅੱਜ ਐਸਐਸਪੀ ਨੂੰ ਮਿਲ ਕੇ ਮੰਗ ਕੀਤੀ ਇਸ ਪੂਰੇ ਮਾਮਲੇ ਦੀ ਨਵੇਂ ਸਿਰਿਓਂ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਦਬਾਅ ਦੇ ਚੱਲਦਿਆਂ ਅਕਾਲੀ ਸਰਪੰਚ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਸਪੀ ਨੇ ਮਾਮਲੇ ਦੀ ਜਾਂਚ ਖਰੜ ਦੇ ਡੀਐਸਪੀ ਨੂੰ ਸੌਂਪਦਿਆਂ ਜਲਦੀ ਰਿਪੋਰਟ ਦੇਣ ਲਈ ਆਖਿਆ ਹੈ।
ਯੂਥ ਆਗੂ ਪਰਵਿੰਦਰ ਸਿੰਘ ਬੈਦਵਾਨ ਅਤੇ ਮਹਿਲਾ ਆਗੂ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਸਰਪੰਚ ਸਰੋਜਾ ਦੇਵੀ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ। ਜਦੋਂਕਿ ਸਚਾਈ ਇਹ ਹੈ ਕਿ ਮਹਿਲਾ ਸਰਪੰਚ ਵੱਲੋਂ ਬਲੌਂਗੀ ਵਿੱਚ ਸਰਕਾਰੀ ਗਲੀਆਂ ਵਿੱਚ ਕੀਤੇ ਜਾ ਰਹੇ ਨਾਜਾਇਜ਼ ਬੋਰਾਂ ਸਬੰਧੀ ਮਤਾ ਪਾਸ ਕਰਕੇ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਬੀਡੀਪੀਓ ਅਤੇ ਬਲੌਂਗੀ ਪੁਲੀਸ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ ਅਤੇ ਬੀਤੇ ਦਿਨੀਂ ਥਾਣਾ ਬਲੌਂਗੀ ਦੇ ਬਾਹਰ ਰੋਸ ਵੀ ਪ੍ਰਗਟਾਇਆ ਗਿਆ ਸੀ। ਬੋਰ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਦੀ ਥਾਂ ਉਲਟਾ ਮਹਿਲਾ ਸਰਪੰਚ ਖ਼ਿਲਾਫ਼ ਹੀ ਕੇਸ ਦਰਜ ਕਰ ਦਿੱਤਾ। ਪੁਲੀਸ ਮੁਖੀ ਨੂੰ ਮਿਲੇ ਵਫ਼ਦ ਵਿੱਚ ਕੌਂਸਲਰ ਆਰਪੀ ਸ਼ਰਮਾ ਵੀ ਸ਼ਾਮਲ ਸਨ।
ਉਧਰ, ਇਸਤਰੀ ਅਕਾਲੀ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਇਸ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੂੰ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਮਹਿਲਾ ਕਮਿਸ਼ਨ ਅੌਰਤਾਂ ਦੀ ਰੱਖਿਆ ਅਤੇ ਮਾਣ ਸਨਮਾਨ ਦੀ ਦੁਹਾਈ ਦੇ ਰਿਹਾ ਹੈ, ਦੂਜੇ ਪਾਸੇ ਪੁਲੀਸ ਅੌਰਤਾਂ ਦੇ ਖ਼ਿਲਾਫ਼ ਦੇ ਝੂਠੇ ਕੇਸ ਕਰ ਰਹੀ ਹੈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਬਲੌਂਗੀ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਬੀਡੀਪੀਓ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਜਿਨ੍ਹਾਂ ਆਪਣੇ ਪੱਤਰ ਵਿੱਚ ਸਰਪੰਚ ਦੇ ਖ਼ਿਲਾਫ਼ ਕਾਰਵਾਈ ਲਈ ਲਿਖਿਆ ਸੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…