
ਵਿਵਾਦਿਤ ਪੁਸਤਕਾਂ ਦਾ ਮਾਮਲਾ: ਪੁਸਤਕਾਂ ਲਿਖਣ ਵਾਲੇ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਨੇ ਕੀਤੀ ਵੱਡੀ ਕਾਰਵਾਈ
ਮੁੱਖ ਮੰਤਰੀ ਦੇ ਨਿੱਜੀ ਦਖ਼ਲ ਤੋਂ ਬਾਅਦ ਗੂੜੀ ਨੀਂਦ ਤੋਂ ਜਾਗਿਆ ਸਿੱਖਿਆ ਵਿਭਾਗ
ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ 84ਵੇਂ ਦਿਨ ’ਚ ਦਾਖ਼ਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਜਮਾਤ ਲਈ ਇਤਿਹਾਸ ਦੀ ਵਿਵਾਦਿਤ ਪੁਸਤਕ ਪੜਾਉਣ ਦੇ ਮਾਮਲੇ ਨੂੰ ਲੈ ਕੇ ਗੰਭੀਰਤਾ ਨਾਲ ਲੈਂਦੇ ਪੰਜਾਬ ਦੀ ਆਪ ਸਰਕਾਰ ਨੇ ਲੇਖਕਾਂ ਅਤੇ ਪਬਲਿਸ਼ਰਾਂ ਦੇ ਖ਼ਿਲਾਫ਼ ਐਫ਼ਆਈਆਰ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਇਹ ਕਾਰਵਾਈ ਮੁੱਖ ਮੰਤਰੀ ਦੇ ਨਿੱਜੀ ਦਖ਼ਲ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਦੋਂਕਿ ਇਸ ਤੋਂ ਪਹਿਲਾਂ ਪੁਲੀਸ ਅਤੇ ਸਿੱਖਿਆ ਅਧਿਕਾਰੀ ਟਾਲਾ ਵਟਦੇ ਆ ਰਹੇ ਸਨ। ਉਧਰ, ਇਤਿਹਾਸ ਬਚਾਓ-ਸਿੱਖੀ ਬਚਾਓ ਮੋਰਚਾ ਤਹਿਤ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਐਤਵਾਰ ਨੂੰ 84ਵੇਂ ਦਿਨ ਵਿੱਚ ਦਾਖ਼ਲ ਹੋ ਗਿਆ।
ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣ ਵਾਲੀ ‘ਪੰਜਾਬ ਦੇ ਇਤਿਹਾਸ’ (ਹਿਸਟਰੀ ਆਫ਼ ਪੰਜਾਬ) ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵੱਡੀ ਕਾਰਵਾਈ ਕਰਦਿਆਂ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਠੇਸ ਪਹੁੰਚਣ ਦੇ ਦੋਸ਼ ਵਿੱਚ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿਵਾਦਿਤ ਕਿਤਾਬਾਂ ਦੀ ਸਕੂਲਾਂ ਵਿੱਚ ਵਰਤੋਂ ’ਤੇ ਤੁਰੰਤ ਰੋਕ ਲਗਾਉਣ ਅਤੇ ਇਸ ਮਾਮਲੇ ਵਿੱਚ ਕੋਤਾਹੀ ਵਰਤਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਵੀ ਆਖਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ।
ਸਿੱਖਿਆ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਬਲਦੇਵ ਸਿੰਘ ਸਿਰਸਾ ਵੱਲੋਂ ਇਨ੍ਹਾਂ ਵਿਵਾਦਿਤ ਪੁਸਤਕਾਂ ਦੇ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਸ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਇਸ ਕੇਸ ਵਿੱਚ ਡੀਜੀਐਸਈ ਦੇ ਤਤਕਾਲੀ ਵਿਸ਼ੇਸ਼ ਕਾਰਜ ਅਫ਼ਸਰ ਅਤੇ ਪੜਤਾਲੀਆਂ ਅਫ਼ਸਰ ਆਈਪੀਐਸ ਮਲਹੋਤਰਾ ਦੀ ਮੁੱਢਲੀ ਜਾਂਚ ਅਨੁਸਾਰ ਮਾਡਰਨ ਪਬਲਿਸ਼ਰ ਦੇ ਮਾਡਰਨ ਏਬੀਸੀ ਆਫ਼ ਹਿਸਟਰੀ ਆਫ਼ ਪੰਜਾਬ ਦੇ ਲੇਖਕ ਮਨਜੀਤ ਸਿੰਘ ਸੋਢੀ, ਮਾਡਰਨ ਬੁੱਕ ਡਿਪੂ (ਐਮਬੀਡੀ) ਦੇ ਮਹਿੰਦਰ ਪਾਲ ਕੌਰ, ਰਾਜ ਪਬਲਿਸ਼ਰਜ਼ (ਹਿਸਟਰੀ ਆਫ਼ ਪੰਜਾਬ ਦੇ ਲੇਖਕ) ਐਮਐਸ ਮਾਨ ਵਿਰੁੱਧ ਕਾਰਵਾਈ ਦੀ ਤਜਵੀਜ਼ ਕੀਤੀ ਗਈ ਸੀ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਲੇਖਕਾਂ/ਪਬਲਿਸ਼ਰਾਂ ਵੱਲੋਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਅਤੇ ਵਿਦਿਆਰਥੀਆਂ ਦੇ ਦਿਮਾਗ ਵਿੱਚ ਸਿੱਖ ਇਤਿਹਾਸ ਬਾਰੇ ਤੱਥਾਂ ਨੂੰ ਅਸਮੰਜਸ ਪੈਦਾ ਹੋਣ ਦੇ ਨਾਲ ਉਕਤ ਗਲਤ ਤੱਥਾਂ ਦਾ ਲੰਬੇ ਸਮੇਂ ਤੱਕ ਅਸਰ ਰਹੇਗਾ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਲੇਖਕਾਂ/ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਕਿਤਾਬਾਂ ਦੀ ਸਕੂਲਾਂ ਵਿੱਚ ਵਰਤੋਂ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ।

ਉਧਰ, ਦੇਰ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਬਲਦੇਵ ਸਿੰਘ ਸਿਰਸਾ ਅਤੇ ਹੋਰਨਾਂ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਜਥੇਦਾਰ ਸਿਰਸਾ ਨੇ ਸ੍ਰੀ ਸੰਧਵਾ ਨੂੰ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾ ਰਹੀਆਂ ਪੁਸਤਕਾਂ ਵੀ ਦਿਖਾਈਆਂ। ਸਪੀਕਰ ਨੇ ਕਿਹਾ ਕਿ ਪਾਠਕ੍ਰਮ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪਰੋਸਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।