Nabaz-e-punjab.com

ਮੁਹਾਲੀ ਦੇ ਮਟੌਰ ਥਾਣੇ ਵਿੱਚ ਬੈਂਸ ਭਰਾਵਾਂ ਤੇ ਕਈ ਅਣਪਛਾਤੇ ਵਰਕਰਾਂ ਖ਼ਿਲਾਫ਼ ਕੇਸ ਦਰਜ

ਬੈਂਸ ਭਰਾਵਾਂ ਨੂੰ ਪੁੱਛਗਿੱਛ ਲਈ ਜਲਦੀ ਤਲਬ ਕਰੇਗੀ ਮੁਹਾਲੀ ਪੁਲੀਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਲੋਕ ਇਨਸਾਫ਼ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਕੀਤੀ ‘ਸਾਈਕਲ ਯਾਤਰਾ’ ਸਬੰਧੀ ਮੁਹਾਲੀ ਦੇ ਮਟੌਰ ਥਾਣੇ ਵਿੱਚ ਪਾਰਟੀ ਪ੍ਰਧਾਨ ਦੇ ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ, ਉਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ, ਗੁਰਪ੍ਰੀਤ ਸਿੰਘ ਉਰਫ਼ ਜਿੰਮੀ, ਦੀਦਾਰ ਸਿੰਘ ਸਮੇਤ ਹੋਰਨਾਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਅਤੇ ਆਈਪੀਸੀ ਦੀ ਧਾਰਾ 188 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੈਂਸ ਭਰਾਵਾਂ ਦੇ ਖ਼ਿਲਾਫ਼ ਕੋਵਿਡ-19 ਦੇ ਮੱਦੇਨਜ਼ਰ ਲੌਕਡਾਊਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਘੋਰ ਉਲੰਘਣਾ ਕਰਨ ਦਾ ਦੋਸ਼ ਹੈ। ਇਸ ਸਬੰਧੀ ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਬੈਂਸ ਭਰਾਵਾਂ ਨੇ ਅੱਜ ਮੁਹਾਲੀ ਵਿੱਚ ਸਾਈਕਲ ਯਾਤਰਾ ਕੱਢਣ ਦੀ ਕੋਈ ਪ੍ਰਵਾਨਗੀ ਨਹੀਂ ਲਈ ਗਈ ਸੀ।
ਅੱਜ ਦੇਰ ਸ਼ਾਮ ਮੁਹਾਲੀ ਦੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੇ ਬੈਂਸ ਭਰਾਵਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਹਾਲੀ ਵਿੱਚ ਬੈਂਸ ਭਰਾਵਾਂ ਵੱਲੋਂ ਕੱਢੀ ਸਾਈਕਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਸਨ। ਜਿਨ੍ਹਾਂ ’ਚੋਂ ਜ਼ਿਆਦਾਤਰ ਵਿਅਕਤੀਆਂ ਨੇ ਆਪਣੇ ਮੂੰਹ ’ਤੇ ਮਾਸਕ ਨਹੀਂ ਲਾਇਆ ਹੋਇਆ ਸੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਦੂਰੀ ਬਣਾ ਕੇ ਰੱਖਣ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ’ਤੇ ਮਾਸਕ ਲਗਾਉਣ ਦੀਆਂ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਭੀੜ ਇਕੱਠੀ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ। ਪ੍ਰੰਤੂ ਬੈਂਸ ਭਰਾਵਾਂ ਜਾਂ ਉਨ੍ਹਾਂ ਦੇ ਸਮਰਥਕਾਂ ਨੇ ਉਕਤ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।
ਡੀਐਸਪੀ ਨੇ ਦੱਸਿਆ ਕਿ ਸਿਰਫ਼ 20 ਤੋਂ 50 ਬੰਦਿਆਂ ਦਾ ਇਕੱਠ ਦੀ ਇਜਾਜ਼ਤ ਹੈ, ਉਹ ਵੀ ਬਹੁਤ ਹੀ ਖਾਸ ਤੇ ਜ਼ਰੂਰੀ ਮੌਕਿਆਂ ਜਿਵੇਂ ਕਿ ਵਿਆਹ-ਸ਼ਾਦੀ, ਅੰਤਿਮ ਸਸਕਾਰ, ਅੰਤਿਮ ਅਰਦਾਸ ਲਈ ਖੁੱਲ੍ਹ ਹੈ। ਇਸ ਲਈ ਬਾਕਾਇਦਾ ਸਬੰਧਤ ਸਬ ਡਿਵੀਜ਼ਨ ਦੇ ਐਸਡੀਐਮ ਤੋਂ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ, ਪ੍ਰੰਤੂ ਬੈਂਸ ਭਰਾਵਾਂ ਦੀ ਅੱਜ ਦੀ ਸਾਈਕਲ ਯਾਤਰਾ ਵਿੱਚ 150 ਤੋਂ 200 ਵਿਅਕਤੀਆਂ ਦਾ ਇਕੱਠ ਸੀ। ਉਨ੍ਹਾਂ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦੇ ਵਰਕਰ ਅਤੇ ਹੋਰ ਲੋਕ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਈਕਲਾਂ ਦੇ ਸਵਾਰ ਹੋ ਕੇ ਅੱਜ ਦੁਪਹਿਰ ਵੇਲੇ ਮੁਹਾਲੀ ਪਹੁੰਚੇ ਸੀ। ਡੀਐਸਪੀ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਪੁੱਛਗਿੱਛ ਲਈ ਬੈਂਸ ਭਰਾਵਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਥਾਣੇ ਸੱਦਿਆ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…