nabaz-e-punjab.com

ਗੁਰਦੁਆਰਾ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਸਮੇਤ ਹੋਰਨਾਂ ਖ਼ਿਲਾਫ਼ ਕੇਸ ਦਰਜ

ਪੱਤਰਕਾਰ ਮਾਮਲੇ ਵਿੱਚ ਏਐਸਆਈ ਓਮ ਪ੍ਰਕਾਸ਼ ਨੂੰ ਤਰਨ ਤਾਰਨ ਦਾ ਰਸਤਾ ਦਿਖਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਬੀਤੀ 22 ਨੂੰ ਦੋ ਧਿਰਾਂ ਵਿੱਚ ਹੋਏ ਝਗੜੇ ਸਬੰਧੀ ਥਾਣਾ ਫੇਜ਼-1 ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਅਤੇ ਅਮਰਜੀਤ ਸਿੰਘ ਸਮੇਤ 5 ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 323,341,506, 148 ਅਤੇ 149 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਕਾਂਗਰਸੀ ਆਗੂ ਜਸਪਾਲ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਹਾਲਾਂਕਿ ਇਸੇ ਵਿਵਾਦ ਦੀ ਪ੍ਰੈਸ ਕਵਰੇਜ ਕਰ ਰਹੇ ਪੱਤਰਕਾਰ ਮੇਜਰ ਸਿੰਘ ਦੀ ਪੁਲੀਸ ਮੁਲਾਜ਼ਮਾਂ ਵੱਲੋਂ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਲੇਕਿਨ ਹੁਣ ਤੱਕ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਏਐਸਆਈ ਓਮ ਪ੍ਰਕਾਸ਼ ਅਤੇ ਅਮਰ ਨਾਥ ਨੂੰ ਮੁਅੱਤਲ ਕਰਕੇ ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਵੱਖਰੇ ਤੌਰ ’ਤੇ ਨਿਆਇਕ ਜਾਂਚ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨੂੰ ਸ਼ਾਂਤ ਕਰਨ ਲਈ ਏਐਸਆਈ ਨੂੰ ਸਰਹੱਦੀ ਇਲਾਕਾ ਤਰਨ ਤਾਰਨ ਦਾ ਰਾਸਤਾ ਦਿਖਾਇਆ ਹੈ।
ਗੁਰਦੁਆਰਾ ਵਿਵਾਦ ਮਾਮਲੇ ਵਿੱਚ ਜਸਪਾਲ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਬੀਤੀ 22 ਮਈ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਕਿਸੇ ਮ੍ਰਿਤਕ ਵਿਅਕਤੀ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਸਵੇਰੇ ਲਗਭਗ 11:30 ਵਜੇ ਜਦੋਂ ਉਹ ਗੁਰਦੁਆਰੇ ਵਿੱਚ ਮੱਥਾ ਟੇਕਣ ਲੱਗੇ ਤਾਂ ਪ੍ਰਧਾਨ ਜਤਿੰਦਰਪਾਲ ਸਿੰਘ ਅਤੇ ਅਮਰਜੀਤ ਸਿੰਘ ਸਮੇਤ ਕਈ ਹੋਰ ਅਣਪਛਾਤੇ ਵਿਅਕਤੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੂੰ ਕੀਰਤਨ ਕਰਨ ਤੋਂ ਰੋਕ ਰਹੇ ਸਨ ਅਤੇ ਉਨ੍ਹਾਂ ਦੀ ਖਿੱਚ ਧੂਹ ਕਰ ਰਹੇ ਸਨ। ਜਦੋਂ ਉਨ੍ਹਾਂ ਸਮੇਤ ਉੱਥੇ ਮੌਜੂਦ ਸੰਗਤ ਨੇ ਇਸ ਦਾ ਵਿਰੋਧ ਕੀਤਾ ਤਾਂ ਪ੍ਰਧਾਨ ਅਤੇ ਉਨ੍ਹਾਂ ਦੇ ਸਮਰਥਕ ਹੱਥੋਪਾਈ ’ਤੇ ਉਤਰ ਆਏ ਅਤੇ ਉਨ੍ਹਾਂ ਨੂੰ ਧੱਕੇ ਮਾਰੇ ਗਏ। ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀ ਵੀ ਉੱਥੇ ਪਹੁੰਚ ਗਏ ਅਤੇ ਪੁਲੀਸ ਦੀ ਮੌਜੂਦ ਵਿੱਚ ਪ੍ਰਧਾਨ ਦੇ ਬੰਦਿਆਂ ਨੇ ਉਸ ਦੀ ਖਿੱਚ ਧੂਹ ਕੀਤੀ ਅਤੇ ਪੁਲੀਸ ਨੇ ਉਸ ਨੂੰ ਜ਼ਬਰਦਸਤੀ ਫੜ ਕੇ ਗੱਡੀ ਵਿੱਚ ਬਿਠਾ ਲਿਆ। ਪ੍ਰਧਾਨ ਦੇ ਸਮਰਥਕਾਂ ਨੇ ਉਸ ਦੇ ਥੱਪੜ ਮਾਰੇ ਅਤੇ ਧਮਕੀਆਂ ਦਿੱਤੀਆਂ।
(ਬਾਕਸ ਆਈਟਮ)
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇਪੀ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਕਿਹਾ ਕਿ ਪੁਲੀਸ ਨੇ ਸਿਆਸੀ ਦਬਾਅ ਪੈਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਸਪਾਲ ਸਿੰਘ ਝਗੜਾਲੂ ਕਿਸਮ ਦਾ ਬੰਦਾ ਹੈ। ਉਸ ਨੇ ਘਟਨਾ ਵਾਲੇ ਦਿਨ ਅਤੇ ਉਸ ਤੋਂ ਪਹਿਲਾਂ ਵੀ ਗਾਲੀ ਗਲੋਚ ਕੀਤੀ ਸੀ। ਇਸ ਸਬੰਧੀ ਉਨ੍ਹਾਂ ਨੇ ਵੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਲਟਾ ਡੂੰਘੀ ਸਾਜ਼ਿਸ਼ ਤਹਿਤ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ। ਜਦੋਂਕਿ ਸੋਸ਼ਲ ਮੀਡੀਆ ’ਤੇ ਵਾਇਰਸ ਹੋਈ ਵੀਡੀਓ ਵਿੱਚ ਪੁਲੀਸ ਹੀ ਸ਼ਿਕਾਇਤ ਕਰਤਾ ਨੂੰ ਫੜ ਕੇ ਆਪਣੇ ਨਾਲ ਲਿਜਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੂਰੇ ਘਟਨਾਕ੍ਰਮ ਦੌਰਾਨ ਵੀਡੀਓ ’ਚ ਉਹ ਕਿਧਰੇ ਵੀ ਨਜ਼ਰ ਨਹੀਂ ਆ ਰਹੇ ਹਨ। ਪ੍ਰਧਾਨ ਨੇ ਕਿਹਾ ਕਿ ਇਨਸਾਫ਼ ਪ੍ਰਾਪਤੀ ਲਈ ਹੁਣ ਉਹ ਅਦਾਲਤ ਦਾ ਬੂਹਾ ਖੜਕਾਉਣਗੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…