‘ਆਪ’ ਦਾ ਫਰਜ਼ੀ ਪੱਤਰ ਸੋਸ਼ਲ ਮੀਡੀਆ ’ਤੇ ਫੈਲਾਉਣ ਲਈ ਰਾਜਾ ਵੜਿੰਗ ਤੇ ਸੁਖਪਾਲ ਖਹਿਰਾ ਵਿਰੁੱਧ ਕੇਸ ਦਰਜ

ਆਪ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਦਰਜ ਹੋਇਆ ਕੇਸ

ਕਾਂਗਰਸੀਆਂ ਨੇ ਆਪਣੇ ਅਧਿਕਾਰਤ ਟਵਿਟਰ ਹੈਂਡਲਾਂ ’ਤੇ ਕੇਜਰੀਵਾਲ ਦੇ ਜਾਅਲੀ ਦਸਖ਼ਤ ਵਾਲੇ ਫਰਜੀ ਦਸਤਾਵੇਜ਼ ਕੀਤੇ ਸੀ ਪੋਸਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਮੁਹਾਲੀ ਪੁਲੀਸ ਨੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਨਿਯੁਕਤ ਕੀਤੇ ਚੇਅਰਮੈਨਾਂ ਦੀ ਸੂਚੀ ਆਮ ਆਦਮੀ ਪਾਰਟੀ ਦੇ ਇੱਕ ਨਕਲੀ ਲੈਟਰਹੈੱਡ ਰਾਹੀਂ ਸਾਂਝੀ ਕਰਨ, ਜਿਸ ਵਿੱਚ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਾਅਲੀ ਦਸਤਖਤ ਕੀਤੇ ਹੋਏ ਸਨ, ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਟਵਿੱਟਰ ਹੈਂਡਲਾਂ ’ਤੇ ਸਾਂਝਾ ਕੀਤੇ ਜਾਣ ’ਤੇ ਉਨ੍ਹਾਂ ਵਿਰੁੱਧ ਜਾਅਲਸਾਜ਼ੀ ਦਾ ਫੇਜ਼-1 ਥਾਣੇ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ। ਇਹ ਕੇਸ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਮੁਹਾਲੀ ਪ੍ਰਭਜੋਤ ਕੌਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਕਾਂਗਰਸੀ ਆਗੂਆਂ ਖ਼ਿਲਾਫ਼ ਧਾਰਾ 465 ਅਤੇ 471 ਅਤੇ ਆਈਟੀ ਐਕਟ ਦੀ ਧਾਰਾ 66 (ਡੀ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਕਤ ਕਾਂਗਰਸੀ ਆਗੂਆਂ ’ਤੇ ਮੁਹਾਲੀ ਥਾਣੇ ਵਿੱਚ ਕੇਸ ਦਰਜ ਕਰਨ ਬਾਰੇ ਥਾਣਾ ਮੁਖੀ ਸੁਮਿਤ ਮੋਰ ਨੇ ਪੁਸ਼ਟੀ ਕੀਤੀ ਹੈ।
ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਨੇ ਟਵਿੱਟਰ ਪੇਜ ’ਤੇ ਦੇਖਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਜਾਅਲੀ ਦਸਤਾਵੇਜ਼ ਪੋਸਟ ਕੀਤੇ ਹਨ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੇ ਨਾਵਾਂ ਦਾ ਵੇਰਵਾ ਦਿੱਤਾ ਗਿਆ ਹੈ। ਹਾਲਾਂਕਿ ਉਕਤ ਸੂਚੀ ਨੂੰ ਆਮ ਆਦਮੀ ਪਾਰਟੀ ਦੇ ਨਕਲੀ ਲੈਟਰਹੈੱਡ ਬਣਾ ਕੇ ਅਤੇ ਕੇਜਰੀਵਾਲ ਦੇ ਜਾਅਲੀ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਜਦਕਿ ਅਜਿਹੀ ਕੋਈ ਲਿਸਟ ਪਾਰਟੀ ਵੱਲੋਂ ਆਪਣੇ ਲੈਟਰਹੈੱਡ ’ਤੇ ਜਾਰੀ ਨਹੀਂ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਦਸਤਾਵੇਜ਼ ਦੀ ਅਸਲੀਅਤ ਬਾਰੇ ਦਿੱਲੀ ਸਥਿਤ ਪਾਰਟੀ ਦਫ਼ਤਰ ਤੋਂ ਨਿੱਜੀ ਤੌਰ ’ਤੇ ਤੱਥਾਂ ਦੀ ਤਸਦੀਕ ਕੀਤੀ ਗਈ ਸੀ ਅਤੇ ਉਨ੍ਹਾਂ ਦੀ ਜਾਣਕਾਰੀ ਵਿੱਚ ਇਹ ਆਇਆ ਹੈ ਕਿ ਅਰਵਿੰਦ ਕੇਜਰੀਵਾਲ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਅਜਿਹੀ ਕੋਈ ਸੂਚੀ ਪ੍ਰਕਾਸ਼ਿਤ ਨਹੀਂ ਕੀਤੀ ਗਈ ਹੈ।
ਸ਼ਿਕਾਇਤ ਅਨੁਸਾਰ ਉਪਰੋਕਤ ਵਿਅਕਤੀਆਂ (ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ) ਨੇ ਜਾਣਬੁੱਝ ਕੇ ਪਾਰਟੀ ਨੂੰ ਬਦਨਾਮ ਕਰਨ, ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਅਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ ਇਹ ਜਾਅਲੀ ਸੂਚੀਆਂ ਭੜਕਾਊ ਟਿੱਪਣੀਆਂ ਨਾਲ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਇਸ ਸ਼ਿਕਾਇਤ ਰਾਹੀਂ ਉਕਤ ਆਗੂਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…