
ਕੌਮੀ ਲੋਕ ਅਦਾਲਤ ਵਿੱਚ 19432 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ, 381 ਕਰੋੜ ਦੇ ਐਵਾਰਡ ਪਾਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਸੁਪਰੀਮ ਕੋਰਟ ਦੇ ਜਸਟਿਸ ਸ਼ਰਦ ਅਰਵਿੰਦ ਬੋਬਡੇ ਦੀ ਗਤੀਸ਼ੀਲ ਅਗਵਾਈ ਹੇਠ ਦੇਸ਼ ਭਰ ਵਿੱਚ ਅੱਜ ਕੌਮੀ ਅਦਾਲਤ ਲਗਾਈ ਗਈ। ਪੰਜਾਬ ਵਿੱਚ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਰਾਕੇਸ਼ ਕੁਮਾਰ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਤੇ ਤਹਿਸੀਲ ਪੱਧਰ ਉੱਤੇ ਕੌਮੀ ਲੋਕ ਅਦਾਲਤ ਲਗਾਈ ਗਈ। ਅਥਾਰਟੀ ਦੀ ਸਕੱਤਰ ਸ੍ਰੀਮਤੀ ਰੁਪਿੰਦਰਜੀਤ ਚਾਹਲ ਨੇ ਦੱਸਿਆ ਕਿ ਲੋਕਾਂ ਨੂੰ ਲੋਕ ਅਦਾਲਤ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ ਸੀ ਅਤੇ ਬੈਂਕਾਂ, ਬੀਮਾ ਕੰਪਨੀਆਂ, ਮਾਲ ਅਧਿਕਾਰੀਆਂ ਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ ਸੂਬਾਈ ਪੱਧਰ ’ਤੇ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਕੇਸ ਲੋਕ ਅਦਾਲਤਾਂ ਰਾਹੀਂ ਹੱਲ ਕਰਵਾਉਣ ਲਈ ਪ੍ਰੇਰਿਆ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਲੱਗੀਆਂ ਲੋਕ ਅਦਾਲਤਾਂ ਦੌਰਾਨ ਕੁੱਲ 44981 ਕੇਸ ਪੇਸ਼ ਹੋਏ। ਜਿਨ੍ਹਾਂ ’ਚੋਂ 19432 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਹੱਲ ਕੀਤਾ ਗਿਆ। ਇਨ੍ਹਾਂ ਵਿੱਚ ਅਦਾਲਤਾਂ ਵਿੱਚ ਚਲਦੇ ਪੁਰਾਣੇ ਕੇਸ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਨੂੰ ਰਾਜ ਭਰ ਵਿੱਚ ਚੰਗਾ ਹੁੰਗਾਰਾ ਮਿਲਿਆ। ਇਸ ਦੌਰਾਨ 381 ਕਰੋੜ ਦੇ ਐਵਾਰਡ ਪਾਸ ਕੀਤੇ ਗਏ।
ਸ੍ਰੀਮਤੀ ਚਾਹਲ ਨੇ ਦੱਸਿਆ ਕਿ ਕਾਰਜਕਾਰੀ ਚੇਅਰਮੈਨ ਜਸਟਿਸ ਰਾਕੇਸ਼ ਕੁਮਾਰ ਜੈਨ ਨੇ ਅੱਜ ਖ਼ੁਦ ਮੁਹਾਲੀ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਲੱਗੀਆਂ ਵੱਖ ਵੱਖ ਕੌਮੀ ਲੋਕ ਅਦਾਲਤਾਂ ਦਾ ਦੌਰਾ ਕੀਤਾ। ਉਨ੍ਹਾਂ ਦੀ ਸਖ਼ਤ ਮਿਹਨਤ ਤੇ ਸ਼ਮੂਲੀਅਤ ਨਾਲ ਵੱਡੀ ਗਿਣਤੀ ਵਿੱਚ ਕੇਸਾਂ ਨੂੰ ਹੱਲ ਕਰਨ ਅਤੇ ਲੋਕਾਂ ਦੇ ਚਿਹਰਿਆਂ ਉੱਤੇ ਆਸ ਤੇ ਖ਼ੁਸ਼ੀ ਲਿਆਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੌਰਾਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਨੰਬਰ ’ਤੇ ਫੋਨ ਕਰ ਕੇ ਸਮਾਜ ਦੇ ਹਾਸ਼ੀਏ ਉੱਤੇ ਧੱਕੇ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਲੋਕਾਂ ਦਾ ਮਾਰਗ ਦਰਸ਼ਨ ਕਰਨ ਲਈ ਦਫ਼ਤਰ ਵੀ ਖੋਲ੍ਹੇ ਗਏ ਹਨ। ਜਿੱਥੋਂ ਉਨ੍ਹਾਂ ਨੂੰ ਪਤਾ ਲੱਗ ਸਕਦਾ ਹੈ ਕਿ ਉਹ ਮੁਫ਼ਤ ਕਾਨੂੰਨੀ ਸਹਾਇਤਾ ਕਿਵੇਂ ਹਾਸਲ ਕਰ ਸਕਦੇ ਹਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਸ਼ਿਖਾ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿੱਚ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ। ਉਨ੍ਹਾਂ ਦੱਸਿਆ ਕਿ ਅਗਲੀ ਲੋਕ ਅਦਾਲਤ 14 ਸਤੰਬਰ ਨੂੰ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।