
ਕਰੋਨਾ ਮਹਾਮਾਰੀ ਦੇ ਕੇਸ ਜ਼ਰੂਰ ਘਟੇ ਪਰ ਹਾਲੇ ਵੀ ਸਾਵਧਾਨੀ ਵਰਤਣ ਦੀ ਸਖ਼ਤ ਲੋੜ: ਸਿਵਲ ਸਰਜਨ
ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਿਆ ਜਾਵੇ, ਮੂੰਹ ਢੱਕ ਕੇ ਰੱਖਣ ਦੀ ਸਖ਼ਤ ਲੋੜ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਕਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਮੁੜ ਚੌਕਸ ਕਰਦਿਆਂ ਮੁਹਾਲੀ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਮਹਾਮਾਰੀ ਦੇ ਕੇਸ ਘਟਣੇ ਸ਼ੁਰੂ ਹੋ ਗਏ ਹਨ ਪ੍ਰੰਤੂ ਹਾਲੇ ਵੀ ਇਸ ਮਾਰੂ ਬੀਮਾਰੀ ਦਾ ਖ਼ਤਰਾ ਵਾਂਗ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਦੀ ਦੂਜੀ ਲਹਿਰ ਸਿਖਰ ਤੋਂ ਹੇਠਾਂ ਵੱਲ ਆ ਰਹੀ ਹੈ ਅਤੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪਰ ਸਾਰਿਆਂ ਨੂੰ ਪਹਿਲਾਂ ਵਾਂਗ ਸਾਵਧਾਨੀਆਂ ਵਰਤਣ ਦੀ ਸਖ਼ਤ ਲੋੜ ਹੈ।
ਅੱਜ ਇੱਥੇ ਸਿਵਲ ਸਰਜਨ ਨੇ ਕਿਹਾ ਕਿ ਜਿਵੇਂ ਸਿਹਤ ਮਾਹਰਾਂ ਵੱਲੋਂ ਤੀਜੀ ਲਹਿਰ ਦੀ ਆਮਦ ਦੀ ਭਵਿੱਖਬਾਣੀ ਕੀਤੀ ਗਈ ਹੈ, ਉਸ ਨੂੰ ਦੇਖਦਿਆਂ ਹੋਰ ਵੀ ਜ਼ਿਆਦਾ ਮੁਸਤੈਦ ਅਤੇ ਸਾਵਧਾਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਲਈ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਇਕ ਦੂਜੇ ਤੋਂ ਦੋ ਗਜ਼ ਦਾ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਕਰਫ਼ਿਊ ਜਾਂ ਤਾਲਾਬੰਦੀ ਹਟਾ ਲਏ ਜਾਣ ਜਾਂ ਢਿੱਲਾਂ ਦਿਤੇ ਜਾਣ ਦਾ ਮਤਲਬ ਇਹ ਨਾ ਸਮਝਿਆ ਜਾਵੇ ਕਿ ਇਹ ਬੀਮਾਰੀ ਖ਼ਤਮ ਹੋ ਗਈ ਹੈ। ਜੇ ਅਸੀਂ ਥੋੜੇ ਜਿਹੇ ਵੀ ਲਾਪਰਵਾਹ ਜਾਂ ਅਵੇਸਲੇ ਹੋਏ ਤਾਂ ਇਹ ਬੀਮਾਰੀ ਮੁੜ ਗੰਭੀਰ ਰੂਪ ਧਾਰ ਸਕਦੀ ਹੈ। ਉਨ੍ਹਾਂ ਦੁਹਰਾਇਆ ਕਿ ਪਾਣੀ ਅਤੇ ਬਿਜਲੀ ਦਾ ਬਿੱਲ ਭਰਨ, ਰਸੋਈ ਗੈਸ ਸਿਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿੱਚ ਹੀ ਮੋਬਾਈਲ ਜਾਂ ਕੰਪਿਊਟਰ ’ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿੱਚ ਜਾਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਿਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ‘ਕਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਥਾਵਾਂ ਉੱਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਟਰ, ਮੋਟਰਸਾਈਕਲ, ਕਾਰ, ਜੀਪ, ਬੱਸ ਆਦਿ ਵਿਚ ਸਫ਼ਰ ਕਰਦੇ ਸਮੇਂ ਮੂੰਹ ਢਕਿਆ ਹੋਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਮਹਾਮਾਰੀ ਦਾ ਖ਼ਾਤਮਾ ਸੰਭਵ ਨਹੀਂ ਹੈ। ਲਿਹਾਜ਼ਾ ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਆਉਣ ਦੀ ਥਾਂ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਡਾਕਟਰ ਦੀ ਸਲਾਹ ਲਈ ਜਾਵੇ।