Nabaz-e-punjab.com

ਕੌਮੀ ਲੋਕ ਅਦਾਲਤ ਵਿੱਚ 952 ਕੇਸਾਂ ਦਾ ਨਿਪਟਾਰਾ, ਪੌਣੇ 6 ਕਰੋੜ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਜੁਡੀਸ਼ਲ ਕੰਪਲੈਕਸ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਜਿਸ ਦਾ ਉਦਘਾਟਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਆਰਕੇ ਜੈਨ ਨੇ ਕੀਤਾ। ਜਿਸ ਵਿੱਚ 2769 ਕੇਸ ਸੁਣਵਾਈ ਲਈ ਪੇਸ਼ ਕੀਤੇ ਗਏ। ਜਿਨ੍ਹਾਂ ’ਚੋਂ 952 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਨਿਬੇੜਾ ਕੀਤਾ ਗਿਆ ਅਤੇ 5,75,96,62,282 ਰੁਪਏ ਦੇ ਐਵਾਰਡ ਪਾਸ ਕੀਤੇ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਮੈਡਮ ਸ਼ਿਖਾ ਗੋਇਲ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਘਰੇਲੂ ਹਿੰਸਾ ਸਮੇਤ ਕ੍ਰਿਮੀਨਲ ਕੰਪਾਊਂਡਏਬਲ ਓਫੈਂਸੀਜ਼, ਐਨਆਈ ਐਕਟ ਕੇਸ ਅੰਡਰ ਸੈਕਸ਼ਨ-138, ਬੈਂਕ ਰਿਕਵਰੀ ਕੇਸ, ਐਮਏਸੀਟੀ ਕੇਸ, ਲੇਬਰ ਡਿਸਪਿਊਟਸ, ਲੈਂਡ ਐਕਿਊਜੀਸ਼ਨ ਕੇਸ, ਬਿਜਲੀ-ਪਾਣੀ ਦੇ ਬਿੱਲਾਂ, ਮਾਲ ਵਿਭਾਗ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਗਈ।
ਇਸ ਸਬੰਧੀ ਜ਼ਿਲ੍ਹਾ ਅਦਾਲਤ ਵਿੱਚ 10 ਬੈਂਚ ਬਣਾਏ ਗਏ। ਜਿਨ੍ਹਾਂ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਵਿੰਦਰ ਕੁਮਾਰ ਗੁਪਤਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਵਾਰਦਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਗਿਰੀਸ਼, ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਮਿਤ ਬਖ਼ਸ਼ੀ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਹਰਜਿੰਦਰ ਕੌਰ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਇੰਡਸਟਰੀ ਟ੍ਰਿਬਿਊਨਲ ਰਵਤੇਸ਼ ਇੰਦਰਜੀਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਡੇਰਾਬੱਸੀ ਵਿੱਚ ਦੋ ਬੈਂਚ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਪੈਮਲਪ੍ਰੀਤ ਕੌਰ ਗਰੇਵਾਲ ਕਾਹਲ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਜਗਮੀਤ ਸਿੰਘ, ਖਰੜ ਵਿੱਚ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਸ਼ਿਲਪੀ ਗੁਪਤਾ ਅਤੇ ਸਿਵਲ ਜੱਜ (ਜੂਨੀਅਰ ਡਵੀਜ਼ਨ) ਸ੍ਰੀਮਤੀ ਆਸ਼ੀਮਾ ਸ਼ਰਮਾ ਦੀ ਅਗਵਾਈ ਵਿੱਚ ਦੋ ਬੈਂਚ ਬਣਾਏ ਗਏ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਨਿਬੇੜੇ ਗਏ ਕੇਸਾਂ ਵਿੱਚ ਲੱਗੀ ਕੋਰਟ ਫੀਸ ਵੀ ਸਬੰਧਤ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਦੀ ਕੋਈ ਉੱਚ ਅਦਾਲਤ ਵਿੱਚ ਅਪੀਲ ਵੀ ਨਹੀਂ ਹੁੰਦੀ ਹੈ ਕਿਉਂਕਿ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਤੋਂ ਬਾਅਦ ਹੀ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਰੀਤੂ ਜੋਸ਼ੀ ਅਤੇ ਹੋਰ ਵਕੀਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…