ਮਿਲਕ ਪਲਾਂਟ ਮੁਹਾਲੀ ਦੇ ਮੈਨੇਜਰ ਕੋਲੋਂ ਨਗਦੀ, ਸੋਨੇ ਦੇ ਗਹਿਣੇ, ਮਹਿੰਗੀ ਘੜੀਆਂ, ਜਾਇਦਾਦ ਦੇ ਦਸਤਾਵੇਜ਼ ਮਿਲੇ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਦਰਜ ਕਰੇਗੀ ਇੱਕ ਹੋਰ ਨਵਾਂ ਕੇਸ ਦਰਜ

ਨਬਜ਼-ਏ-ਪੰਜਾਬ, ਮੁਹਾਲੀ, 6 ਦਸੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮਿਲਕ ਪਲਾਂਟ ਮੁਹਾਲੀ ਦੇ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਦੇ ਘਰੋਂ ਲੱਖਾਂ ਦੀ ਨਗਦੀ ਸਮੇਤ ਕਈ ਕੀਮਤੀ ਜਾਇਦਾਦਾਂ ਅਤੇ ਮਹਿੰਗਾ ਸਮਾਨ ਬਰਾਮਦ ਕੀਤਾ ਹੈ। ਅਧਿਕਾਰੀ ਨੂੰ ਬੀਤੇ ਦਿਨੀਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਵਿਜੀਲੈਂਸ ਦੇ ਜਾਂਚ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੇ ਘਰੋਂ 7 ਲੱਖ ਰੁਪਏ ਨਗਦ, 8 ਸੋਨੇ ਦੀਆਂ ਅੰਗੂਠੀਆਂ, ਇਕ ਸੋਨੇ ਦਾ ਕੜਾ, ਕੁਝ ਹੋਰ ਗਹਿਣੇ ਅਤੇ 14 ਮਹਿੰਗੀਆਂ ਘੜੀਆਂ ਬਰਾਮਦ ਕੀਤੀਆਂ ਹਨ। ਇਕ ਘੜੀ, ਜਿਸ ਦੀ ਕੀਮਤ 45,000 ਰੁਪਏ ਹੈ, ਵੀ ਜ਼ਬਤ ਕੀਤੀ ਗਈ ਹੈ ਜੋ ਕਿ ਸ਼ਿਕਾਇਤਕਰਤਾ ਨੇ ਚੰਡੀਗੜ੍ਹ ਤੋਂ ਖ਼ਰੀਦ ਕੇ ਉਕਤ ਮੈਨੇਜਰ ਨੂੰ ਦਿੱਤੀ ਸੀ। ਵਿਜੀਲੈਂਸ ਵੱਲੋਂ ਬੈਂਕ ਨੂੰ ਉਸਦਾ ਲਾਕਰ ਸੀਲ ਕਰਨ ਅਤੇ ਹੋਰਨਾਂ ਬੈਂਕਾਂ ਨੂੰ ਉਸਦੇ ਖਾਤਿਆਂ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ।
ਸਹਿਕਾਰਤਾ ਵਿਭਾਗ ਦੇ ਉਕਤ ਅਧਿਕਾਰੀ ਨੂੰ ਸੁਖਬੀਰ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਸੀ, ਜੋ ਮਿਲਕ ਪਲਾਂਟ ਮੁਹਾਲੀ ਵਿੱਚ ਇਕ ਨਿੱਜੀ ਫਰਮ ਵੱਲੋਂ ਦੁੱਧ ਇਕੱਠਾ ਕਰਨ ਵਾਲੇ ਟੈਂਕਰਾਂ ਦੀ ਦੇਖ-ਭਾਲ ਕਰਦਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪਹੁੰਚ ਕੇ ਦੋਸ਼ ਲਗਾਇਆ ਹੈ ਕਿ ਵੱਖ-ਵੱਖ ਥਾਵਾਂ ਤੋਂ ਦੁੱਧ ਇਕੱਠਾ ਕਰਨ ਲਈ ਜਾਂਦੇ ਉਸ ਦੇ ਟੈਂਕਰਾਂ ਨੂੰ ਵਧੀਆ ਰੂਟ ਅਲਾਟ ਕਰਨ ਬਦਲੇ ਸਹਿਕਾਰਤਾ ਵਿਭਾਗ ਦਾ ਉਕਤ ਮੁਲਾਜ਼ਮ ਉਸ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੈਨੇਜਰ ਇਸ ਸਬੰਧੀ ਪਹਿਲਾਂ ਹੀ ਉਸ ਕੋਲੋਂ 50 ਹਜ਼ਾਰ ਰੁਪਏ ਲੈ ਚੁੱਕਾ ਹੈ।
ਸ਼ਿਕਾਇਤ ਮਿਲਣ ’ਤੇ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਮੁਹਾਲੀ ਦੀ ਟੀਮ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਕਰਦਿਆਂ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰਨ ਲਈ ਜਾਲ ਵਿਛਾਇਆ ਗਿਆ। ਜਿਸ ਤਹਿਤ ਉਕਤ ਮਿਲਕ ਪਲਾਂਟ ਦੇ ਮੈਨੇਜਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਵਿਜੀਲੈਂਸ ਹੁਣ ਉਕਤ ਮੈਨੇਜਰ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਵੱਖਰਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰੇਗੀ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …