ਪਸ਼ੂ ਪਾਲਕਾਂ ਵੱਲੋਂ ਲਾਵਾਰਿਸ ਪਸ਼ੂ ਫੜਨ ਵਾਲੇ ਕਰਮਚਾਰੀਆਂ ’ਤੇ ਹਮਲਾ, ਤਿੰਨ ਜ਼ਖ਼ਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਪਿੰਡ ਸੋਹਾਣਾ ਵਿੱਚ ਲਾਵਾਰਿਸ ਪਸ਼ੂ ਫੜਨ ਵਾਲੇ ਠੇਕੇਦਾਰ ਦੇ ਕਰਮਚਾਰੀਆਂ ’ਤੇ ਅੱਜ ਪਸ਼ੂ ਪਾਲਕਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਹੋਏ ਤਿੰਨ ਕਰਮਚਾਰੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਦੋਂਕਿ ਚੌਥੇ ਕਰਮਚਾਰੀਆਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਤੋਂ ਪਹਿਲਾਂ ਵੀ ਸਿਆਸੀ ਦਖ਼ਲ ਕਾਰਨ ਕਈ ਵਾਰ ਕਰਮਚਾਰੀਆਂ ਦਾ ਰਾਹ ਘੇਰ ਕੇ ਲੋਕ ਆਪਣੇ ਜਾਨਵਰ ਜਬਰੀ ਛੁਡਵਾ ਲੈਂਦੇ ਰਹੇ ਹਨ ਪ੍ਰੰਤੂ ਹੁਣ ਇਨ੍ਹਾਂ ਦਾ ਹੌਸਲਾ ਏਨਾ ਵੱਧ ਗਿਆ ਹੈ ਕਿ ਪਸ਼ੂ ਪਾਲਕ ਕੁੱਟਮਾਰ ਕਰਨ ਲੱਗ ਪਏ ਹਨ।
ਪੀੜਤ ਕਰਮਚਾਰੀ ਸੋਨੂੰ ਨੇ ਦੱਸਿਆ ਕਿ ਉਹ ਅੱਜ ਰੋਜ਼ਾਨਾ ਵਾਂਗ ਗੱਡੀ ਲੈ ਕੇ ਸ਼ਹਿਰ ਵਿੱਚ ਘੁੰਮਦੇ ਲਾਵਾਰਿਸ ਪਸ਼ੂਆਂ ਨੂੰ ਫੜ ਰਹੇ ਸਨ। ਇਸ ਦੌਰਾਨ ਸੋਹਾਣਾ ਨੇੜੇ ਸੜਕ ’ਤੇ ਇੱਕ ਗਊ ਘੁੰਮਦੀ ਨਜ਼ਰ ਆਈ ਤਾਂ ਉਨ੍ਹਾਂ ਨੇ ਗੱਡੀ ਰੋਕ ਲਈ। ਜਿਵੇਂ ਹੀ ਸਾਥੀ ਕਰਮਚਾਰੀ ਵਰਿੰਦਰ ਸਿੰਘ, ਦਲਬੀਰ ਸਿੰਘ ਅਤੇ ਰਾਕੇਸ਼ ਕੁਮਾਰ ਗਊ ਨੂੰ ਫੜਨ ਲੱਗੇ ਤਾਂ ਕੁੱਝ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਦੇ ਹੱਥਾਂ ਵਿੱਚ ਲੋਹੇ ਦੀਆਂ ਰਾਡਾਂ ਫੜੀਆਂ ਹੋਈਆਂ ਸਨ। ਰੌਲਾ ਪਾਉਣ ’ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਠੇਕੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦੇ ਦਿੱਤੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਾਦਸੇ ਬਾਰੇ ਜਾਣੂ ਕਰਵਾ ਕੇ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਅੱਜ ਕਰਮਚਾਰੀਆਂ ’ਤੇ ਹਮਲਾ ਕੀਤਾ ਹੈ, ਬੀਤੀ ਸ਼ਾਮ ਵੀ ਉਹ ਸੋਹਾਣਾ ’ਚੋਂ ਫੜੇ ਪਸ਼ੂਆਂ ਜ਼ਬਰਦਸਤੀ ਗੱਡੀ ਤੋਂ ਲਾਹ ਕੇ ਲੈ ਗਏ ਸੀ। ਇਸ ਸਬੰਧੀ ਬੀਤੇ ਦਿਨੀਂ ਵੀ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਲਾਵਾਰਿਸ ਪਸ਼ੂ ਗਊਸ਼ਾਲਾ ਨੇੜੇ ਜਬਰੀ ਲਾਹ ਲਏ ਗਏ ਸੀ। ਇਸ ਸਬੰਧੀ ਥਾਣਾ ਫੇਜ਼-1 ਵਿੱਚ ਸ਼ਿਕਾਇਤ ਦਿੱਤੀ ਸੀ ਲੇਕਿਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਸ ਤਰੀਕੇ ਨਾਲ ਗੁੰਡਾਗਰਦੀ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਹ ਐਸਐਸਪੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ’ਤੇ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਲਾਵਾਰਿਸ ਪਸ਼ੂ ਫੜਨ ਵਾਲੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਕਰਮਚਾਰੀ ਤਾਇਨਾਤ ਕੀਤਾ ਜਾਵੇ ਤਾਂ ਜੋ ਦੁਬਾਰਾ ਅਜਿਹੀ ਘਟਨਾ ਨਾ ਵਾਪਰ ਸਕੇ।
ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਜ਼ਖ਼ਮੀ ਵਿਅਕਤੀਆਂ ਦੇ ਬਿਆਨ ਲੈਣ ਲਈ ਡਿਊਟੀ ਅਫ਼ਸਰ ਨੂੰ ਹਸਪਤਾਲ ਵਿੱਚ ਭੇਜਿਆ ਗਿਆ ਹੈ ਅਤੇ ਪੁਲੀਸ ਵੱਲੋਂ ਪੀੜਤ ਵਿਅਕਤੀਆਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…