
ਮਿਸ਼ਨ ਫਤਿਹ: ਜ਼ਿਲ੍ਹਾ ਰੈੱਡ ਕਰਾਸ ਨੇ ਗਊਸ਼ਾਲਾ ਵਿੱਚ ਪਸ਼ੂਆਂ ਲਈ ਚਾਰਾ ਦਿੱਤਾ
ਗਊਸ਼ਾਲਾ ਵਿੱਚ ਪਸ਼ੂਆਂ ਦੀ ਦੇਖਭਾਲ ਕਰਨ ਵਾਲੇ ਕਾਮਿਆਂ ਨੂੰ ਸਾਬਣ, ਸੈਨੀਟਾਈਜਰ ਤੇ ਮਾਸਕ ਵੰਡੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਕੋਵਿਡ-19 ਮਹਾਮਾਰੀ ਦੌਰਾਨ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਸ਼ਨ ਫਤਿਹ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੱਖ-ਵੱਖ ਥਾਵਾਂ ’ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਆਮ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਦੇ ਸਕੱਤਰ ਕਮਲੇਸ਼ ਕੌਸ਼ਲ ਨੇ ਦੱਸਿਆ ਕਿ ਕੋਵਿਡ-19 ਦੌਰਾਨ ਰਾਸ਼ਨ, ਦਵਾਈਆਂ, ਮਾਸਕ, ਸੈਨੀਟਾਈਜ਼ਰ ਅਤੇ ਹੋਰ ਲੋੜੀਂਦਾ ਸਮਾਨ ਦਾਨੀ ਸੱਜਣਾ ਦੀ ਸਹਾਇਤਾ ਨਾਲ ਗਰੀਬ ਅਤੇ ਲੋੜਵੰਦਾਂ ਨੂੰ ਸਮੇਂ ਸਮੇਂ ਸਿਰ ਲਗਾਤਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸੇ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਰੈਡ ਕਰਾਸ ਵੱਲੋਂ ਸਰਕਾਰੀ ਗਊਸ਼ਾਲਾ ਫੇਜ਼-6 ਵਿੱਚ ਪਸ਼ੂਆਂ ਲਈ ਚਾਰਾ ਅਤੇ ਗਊਸ਼ਾਲਾ ਵਿੱਚ ਪਸ਼ੂਆਂ ਦੀ ਦੇਖਭਾਲ ਕਰਨ ਵਾਲੇ ਕਰਮਚਾਰਆਂ ਅਤੇ ਹੋਰ ਲੋੜਵੰਦ ਵਿਅਕਤੀਆਂ ਨੂੰ 60 ਸਾਬਣਾਂ ਦੇ ਪੈਕਟ, 60 ਛੋਟੇ ਸੈਨੇਟਾਈਜਰ ਅਤੇ 100 ਤੋਂ ਵੱਧ ਮਾਸਕ ਵੰਡੇ ਗਏ ਅਤੇ ਸਮੂਹ ਕਰਮਚਾਰੀਆਂ ਨੂੰ ਮੂੰਹ ’ਤੇ ਮਾਸਕ ਲਗਾਉਣ, ਵਾਰ ਵਾਰ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ, ਸਮਾਜਿਕ ਦੂਰੀ ਬਣਾਈ ਰੱਖਣ ਬਾਰੇ ਵੀ ਜਾਗਰੂਕ ਕੀਤਾ ਗਿਆ।