Share on Facebook Share on Twitter Share on Google+ Share on Pinterest Share on Linkedin ਬੇਅਦਬੀ ਮਾਮਲਾ: ਸੀਬੀਆਈ ਨੇ ਪੁਰਾਣੀ ਟੀਮ ਨੂੰ ਜਾਂਚ ਤੋਂ ਹਟਾਇਆ, ਨਵੀਂ ਸਿੱਟ ਦਾ ਗਠਨ ਸ਼ਿਕਾਇਤ ਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ 200 ਪੰਨਿਆਂ ਦਾ ਜਵਾਬ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ: ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਨੇ ਅਡੀਸ਼ਨਲ ਐਸਪੀ ਪੀ ਚੱਕਰਵਰਤੀ ਨੂੰ ਅਚਾਨਕ ਜਾਂਚ ਤੋਂ ਲਾਂਭੇ ਕਰਕੇ ਮਾਮਲੇ ਦੀ ਜਾਂਚ ਅਡੀਸ਼ਨਲ ਐਸਪੀ ਅਨਿਲ ਯਾਦਵ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਨੇ ਆਪਣੀ ਪੁਰਾਣੀ ਪੁਰੀ ਜਾਂਚ ਟੀਮ ਚੇਂਜ ਕਰਕੇ ਨਵੇਂ ਸਿਰਿਓਂ ਨਵੀਂ ਸਿੱਟ ਦਾ ਗਠਨ ਕੀਤਾ ਗਿਆ ਹੈ। ਬੇਅਦਬੀ ਮਾਮਲਿਆਂ ਸਬੰਧੀ ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ ਕਰਨ ਲਈ ਦਾਇਰ ਅਰਜ਼ੀ ’ਤੇ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਜਿਵੇਂ ਹੀ ਜੱਜ ਨੇ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਸੀਬੀਆਈ ਦੇ ਵਕੀਲ ਅਤੇ ਵਧੀਕ ਐਸਪੀ ਅਨਿਲ ਯਾਦਵ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੀਬੀਆਈ ਦੇ ਨਵੇਂ ਜਾਂਚ ਅਧਿਕਾਰੀ ਹਨ। ਇਸ ਕੇਸ ਬਾਰੇ ਬਹੁਤੀ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਹੁਣ ਤੱਕ ਦੀ ਪੜਤਾਲ ਤੋਂ ਵਾਕਿਫ਼ ਹਨ। ਇਹੀ ਨਹੀਂ ਉਨ੍ਹਾਂ ਨੂੰ ਪੁਰੇ ਦਸਤਾਵੇਜ਼ ਵੀ ਨਹੀਂ ਮਿਲੇ ਹਨ। ਇਸ ਕਰਕੇ ਉਨ੍ਹਾਂ (ਨਵੇਂ ਜਾਂਚ ਅਧਿਕਾਰੀ) ਨੂੰ ਘੱਟੋ ਘੱਟ ਇਕ ਮਹੀਨੇ ਦੀ ਮੋਹਲਤ ਦਿੱਤੀ ਜਾਵੇ। ਅਦਾਲਤ ਨੇ ਏਨੀ ਗੱਲ ਸੁਣ ਕੇ ਸੀਬੀਆਈ ਦੇ ਨਵੇਂ ਜਾਂਚ ਅਧਿਕਾਰੀ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਆਖਿਆ ਅਤੇ ਅਡੀਸ਼ਨਲ ਐਸਪੀ ਨੇ ਖੁੱਲ੍ਹੀ ਅਦਾਲਤ ਵਿੱਚ ਉਕਤ ਜਾਣਕਾਰੀ ਸਬੰਧੀ ਆਪਣੇ ਬਿਆਨ ਦਰਜ ਕਰਵਾਏ ਗਏ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 30 ਅਕਤੂਬਰ ਤੱਕ ਅੱਗੇ ਟਾਲ ਦਿੱਤੀ। ਇਸ ਮੌਕੇ ਤਿੰਨ ਸ਼ਿਕਾਇਤ ਕਰਤਾ ਪਿੰਡ ਬਰਗਾੜੀ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਮੈਨੇਜਰ ਗਿਆਨੀ ਕੁਲਵਿੰਦਰ ਸਿੰਘ, ਸਿੱਖ ਆਗੂ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਅਤੇ ਗ੍ਰੰਥੀ ਗੋਰਾ ਸਿੰਘ ਅਤੇ ਉਨ੍ਹਾਂ ਦੇ ਵਕੀਲ ਵੀ ਹਾਜ਼ਰ ਸਨ। ਰਾਮਪੁਰਾ ਫੂਲ ਤੋਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਸੁਣਵਾਈ ਮੌਕੇ ਜੱਜ ਅੱਗੇ ਪੇਸ਼ ਹੋ ਕੇ ਬੇਅਦਬੀ ਕਾਂਡ ਮਾਮਲੇ ਸਬੰਧੀ ਵੱਖ ਵੱਖ ਪਹਿਲੂਆਂ ’ਤੇ ਚਾਣਨਾ ਪਾਉਂਦਿਆਂ ਆਪਣੀਆਂ ਦਲੀਲਾਂ ਦੇਣੀਆਂ ਸ਼ੁਰੂ ਕੀਤੀਆਂ ਤਾਂ ਜੱਜ ਨੇ ਵਿਚੋਂ ਟੋਕਦਿਆਂ ਕਿਹਾ ਕਿ ਸਮਾਂ ਆਉਣ ’ਤੇ ਉਨ੍ਹਾਂ ਨੂੰ ਆਪਣੀ ਗੱਲ ਕਹਿਣ ਦਾ ਪੁਰਾ ਮੌਕਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪੁਰੀ ਗੱਲ ਸੁਣੀ ਜਾਵੇਗੀ। ਇਸ ਮੌਕੇ ਸ਼ਿਕਾਇਤ ਕਰਤਾ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਅਤੇ ਗ੍ਰੰਥੀ ਗੋਰਾ ਸਿੰਘ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ 200 ਪੰਨਿਆਂ ਦਾ ਜਵਾਬ ਦਾਖ਼ਲ ਕਰਦਿਆਂ ਸੀਬੀਆਈ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ-ਚਿੰਨ੍ਹ ਲਗਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਮੁੜ ਤੋਂ ਪੰਜਾਬ ਪੁਲੀਸ ਦੀ ਸਿੱਟ ਦੇ ਹਵਾਲੇ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਬਾਰੇ ਕਿਹਾ ਕਿ ਉਨ੍ਹਾਂ ਨੂੰ ਸੁਣਵਾਈ ਦੌਰਾਨ ਕੁਝ ਵੀ ਕਹਿਣ ਦਾ ਹੱਕ ਤੇ ਅਧਿਕਾਰ ਨਹੀਂ ਹੈ, ਕਿਉਂਕਿ ਜਦੋਂ ਹੇਠਲੀਆਂ ਅਦਾਲਤਾਂ ਵਿੱਚ ਸੁਣਵਾਈ ਚੱਲ ਰਹੀ ਸੀ ਅਤੇ ਗਵਾਹੀਆਂ ਹੋ ਰਹੀਆਂ ਸਨ ਤਾਂ ਉਦੋਂ ਕੋਈ ਗਵਾਹੀ ਦੇਣ ਲਈ ਅੱਗੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਹੁਣ ਸਿਆਸੀ ਲਾਹਾ ਲੈਣ ਲਈ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਕੇਸ ਦੀ ਸੁਣਵਾਈ ਅਤੇ ਜਾਂਚ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਸ਼ਿਕਾਇਤ ਕਰਤਾ ਦੇ ਵਕੀਲ ਨੇ ਕਿਹਾ ਕਿ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਦੀ ਲੀਡ ਤੋਂ ਬਾਅਦ ਸੀਬੀਆਈ ਨੇ ਗੂੜੀ ਨੀਂਦ ਤੋਂ ਜਾਗਦਿਆਂ ਕੇਸ ਦੀ ਨਵੇਂ ਸਿਰਿਓਂ ਜਾਂਚ ਕਰਨ ਦੀ ਗੁਹਾਰ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਓਆਈ ਵੱਲੋਂ ਲੀਡ ਨਾ ਦਿੱਤੀ ਜਾਂਦੀ ਤਾਂ ਹੁਣ ਤੱਕ ਕਲੋਜ਼ਰ ਰਿਪੋਰਟ ’ਤੇ ਸੁਣਵਾਈ ਹੋ ਚੁੱਕੀ ਹੋਣੀ ਸੀ। ਉਨ੍ਹਾਂ ਦੱਸਿਆ ਕਿ ਸੱਤ ਮੁਲਜ਼ਮਾਂ ਦੀ ਫੋਰੈਂਸ਼ਿਕ ਸਾਇੰਸ ਲੈਬ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਜਾਂਚ ਪੁਲੀਸ ਦੀ ਸਿੱਟ ਹਵਾਲੇ ਕਰਨ ਦੀ ਦਲੀਲ ਦਿੰਦਿਆਂ ਕਿਹਾ ਕਿ ਕਿਉਂ ਜੋ ਪੰਜਾਬ ਪੁਲੀਸ ਦੀ ਸਿੱਟ ਵੱਲੋਂ ਹੀ ਕੇਸ ਦਰਜ ਕੀਤੇ ਗਏ ਹਨ। ਅਦਾਲਤਾਂ ਵਿੱਚ ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਗਈਆਂ ਹਨ ਜਦੋਂਕਿ ਸੀਬੀਆਈ ਨੇ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀਆਂ ਨਜ਼ਰਾਂ ਬੇਅਦਬੀ ਮਾਮਲੇ ’ਤੇ ਲੱਗੀਆਂ ਹੋਈਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ