
ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਭਗਤ ਧੰਨਾ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਮੀਰੀ ਪੀਰੀ ਪੰਥਕ ਢਾਡੀ ਜੱਥੇ ਨੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਜਤਿੰਦਰ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ਼੍ਰੋਮਣੀ ਭਗਤ ਧੰਨਾ ਜੀ ਦੇ ਜੀਵਨ ਬ੍ਰਿਤਾਂਤ, ਭਗਤ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪਰਮਾਤਮਾ ਤੋਂ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ।
ਇਸ ਮੌਕੇ ਭਾਈ ਗੁਰਵਿੰਦਰ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜੱਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ, ਭਾਈ ਜਗਤਾਰ ਸਿੰਘ, ਭਾਈ ਬਹਾਦਰ ਸਿੰਘ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਤਾਰਾ ਸਿੰਘ ਜੀ, ਭਾਈ ਕੁਦਲੀਪ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਅਮਰਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ, ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਮਾਹਰ ਡਾਕਟਰਾਂ ਵੱਲੋੱ ਮਰੀਜਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੱ ਦਿੱਤੀ ਗਈ। ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਿਆ।