
ਖ਼ਾਲਸਾ ਕਾਲਜ ਵਿੱਚ ਵਾਤਾਵਰਨ ਦਿਵਸ ਮਨਾਇਆ, ਪੌਦੇ ਲਗਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ
ਇੱਥੋਂ ਦੇ ਖ਼ਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਫੇਜ਼-3ਏ ਦੇ ਐਨਐਸਐਸ ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਦੀ ਅਗਵਾਈ ਹੇਠ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਕਾਲਜ ਦੇ ਗਰਾਉਂਡ ਸਮੇਤ ਹੋਰ ਖਾਲੀ ਥਾਵਾਂ ’ਤੇ ਪੌਦੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫ਼ਓ) ਕੰਵਰਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਾਲਜ ਦੇ ਵਿਹੜੇ ਵਿੱਚ ਇੱਕ ਪੌਦਾ ਲਗਾ ਕੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਘੱਟੋ-ਘੱਟ ਦੋ ਪੌਦੇ ਲਗਾਉਣ ਅਤੇ ਪਹਿਲਾਂ ਤੋਂ ਲੱਗੇ ਰੁੱਖਾਂ ਦੀ ਸੰਭਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਸਮਾਜ ਸੇਵੀ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਮੀਤ ਪ੍ਰਧਾਨ ਸ੍ਰੀਮਤੀ ਸੁਰਜੀਤ ਕੌਰ ਸੈਣੀ ਅਤੇ ਅਧਿਆਪਕਾ ਰਵਿੰਦਰ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੀ ਪੌਦੇ ਲਗਾਏ। ਕਾਲਜ ਦੇ ਵਿਦਿਆਰਥੀ ਜਸਜੀਤ ਸਿੰਘ ਸੋਢੀ ਵੱਲੋਂ ਅੰਗਰੇਜ਼ੀ ਕਵਿਤਾਵਾਂ ਦੀ ਲਿਖੀ ਪੁਸਤਕ ਵੀ ਰਿਲੀਜ਼ ਕੀਤੀ ਗਈ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ ਨੇ ਕਿਹਾ ਕਿ ਸ਼ੁੱਧ ਵਾਤਾਵਰਨ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਇਸ ਲਈ ਖ਼ੁਦ ਜਿਊਂਦਾ ਰਹਿਣ ਲਈ ਸਭ ਤੋਂ ਪਹਿਲਾਂ ਵਾਤਾਵਰਨ ਦਾ ਭਵਿੱਖ ਸੁਰੱਖਿਅਤ ਰੱਖਣਾ ਹੋਵੇਗਾ। ਇਹ ਜ਼ਿੰਮੇਵਾਰੀ ਕਿਸੇ ਇਕ ਵਿਅਕਤੀ ਦੀ ਨਾ ਹੋ ਕੇ ਸਾਡੀ ਸਾਰਿਆਂ ਦੀ ਸਾਂਝੀ ਹੈ।
ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਮੁਹਾਲੀ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਹਰ ਸਾਲ ਜਾਗਰੂਕਤਾ ਅਭਿਆਨ ਚਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਆਲਮੀ ਤਪਸ਼ ਨੂੰ ਘਟਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਸਖ਼ਤ ਲੋੜ ਹੈ। ਐਨਐਸਐਸ ਯੂਨਿਟ ਦੇ ਕਨਵੀਨਰ ਪ੍ਰੋ. ਨਵੀਨ ਵਰਮਾ ਨੇ ਮੁੱਖ ਮਹਿਮਾਨ ਤੇ ਹੋਰਨਾਂ ਮਹਿਮਾਨਾਂ ਦਾ ਧੰਨਵਾਦ ਕੀਤਾ।