
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਬੁੱਧਵਾਰ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਿਆਂ ਵਿੱਚ ਪਾਠ ਦੇ ਭੋਗ ਪਾਏ ਅਤੇ ਸਾਰਾ ਦਿਨ ਸ਼ਬਦ ਕੀਰਤਨ ਹੋਇਆ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਵਿੱਚ ਭਾਈ ਗੁਰਸੇਵਕ ਸਿੰਘ ਚਮਕਾਰਾ ਦੇ ਪੰਥਕ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਵੱਲੋਂ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਬਾਰੇ ਦੱਸਿਆ।
ਸ਼੍ਰੋਮਣੀ ਪ੍ਰਚਾਰਕ ਭਾਈ ਪਰਮਜੀਤ ਸਿੰਘ ਕਰਨਾਲ ਵਾਲੇ ਨੇ ਗੁਰਮਤਿ ਵਿਚਾਰਾਂ ਰਾਹੀਂ ਦੱਸਿਆ ਕਿ ਕਿਵੇਂ ਬਾਲ ਉਮਰੇ ਦਸਮੇਸ਼ ਪਿਤਾ ਵੱਲੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ ਗਿਆ। ਭਾਈ ਗੁਰਜੀਤ ਸਿੰਘ ਮਹਿਤਾ ਚੌਂਕ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।ਇਸ ਮੌਕੇ ਭਾਈ ਬਲਜੀਤ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਗੁਰਪਾਲ ਸਿੰਘ, ਭਾਈ ਤਲਵਿੰਦਰ ਸਿੰਘ, ਭਾਈ ਤਾਰਾ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਸਾਰੇ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਭਾਈ ਲਖਵਿੰਦਰ ਸਿੰਘ, ਭਾਈ ਅਮਰਜੀਤ ਸਿੰਘ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ, ਢਾਡੀ ਜਥਾ ਭਾਈ ਹਰਜੋਤ ਸਿੰਘ ਗੁਰਦਾਸਪੁਰੀ, ਬੱਚਿਆਂ ਦਾ ਕੀਰਤਨੀ ਜਥਾ, ਭਾਈ ਕੁਲਵੰਤ ਸਿੰਘ, ਮਾਤਾ ਗੰਗਾ ਇਸਤਰੀ ਸਤਿਸੰਗ, ਬੇਬੇ ਨਾਨਕੀ ਇਸਤਰੀ ਸਤਿਸੰਗ ਅਤੇ ਮਾਤਾ ਗੁਜਰੀ ਇਸਤਰੀ ਸਤਿਸੰਗ ਦੀਆਂ ਬੀਬੀਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇੰਜ ਹੀ ਹੋਰਨਾਂ ਥਾਵਾਂ ’ਤੇ ਵੀ ਸ਼ਹੀਦੀ ਪੁਰਬ ਮਨਾਇਆ ਗਿਆ।