
ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ, ਜੱਚਾ-ਬੱਚਾ ਦਾ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਸੋਹਾਣਾ ਥਾਣੇ ਅਧੀਨ ਆਉਂਦੇ ਨਜ਼ਦੀਕੀ ਪਿੰਡ ਮਾਣਕਮਾਜਰਾ ਵਿੱਚ ਸਮਾਜ ਸੇਵੀ ਅਮਨ ਪੂਨੀਆ ਦੀ ਅਗਵਾਈ ਹੇਠ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ 1 ਸਾਲ ਤੋਂ ਘੱਟ ਉਮਰ ਦੀਆਂ ਦਰਜਨ ਨਵ-ਜੰਮੀਆਂ ਕੁੜੀਆਂ ਦੀ ਸਾਂਝੇ ਤੌਰ ’ਤੇ ਲੋਹੜੀ ਮਨਾਈ ਗਈ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਅਤੇ ਹਰਜਿੰਦਰ ਕੌਰ ਸੋਹਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਲੜਕੀਆਂ ਨੂੰ ਬਰਾਬਰ ਦੇ ਹੱਕ ਦੇਣੇ ਚਾਹੀਦੇ ਹਨ ਅਤੇ ਹਰੇਕ ਨਾਗਰਿਕ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਕਿਸੇ ਵੀ ਪੱਖੋਂ ਲੜਕਿਆਂ ਤੋਂ ਘੱਟ ਨਹੀਂ ਹਨ ਅਤੇ ਸਗੋਂ ਪੜ੍ਹਾਈ ਅਤੇ ਹੋਰ ਕਈ ਖੇਤਰਾਂ ਲੜਕਿਆਂ ਤੋਂ ਵੀ ਅੱਗੇ ਹਨ। ਉਨ੍ਹਾਂ ਲੋਹੜੀ ਸਮਾਗਮ ਵਿੱਚ ਹਾਜ਼ਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਇਸ ਮੌਕੇ ਨਵ-ਜੰਮੀਆਂ ਧੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਮਾਣਕਮਾਜਰਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬਲਵਿੰਦਰ ਸਿੰਘ ਲਖਨੌਰ, ਹਰਮਿੰਦਰ ਸਿੰਘ ਪੱਤੋਂ, ਕਮਲਜੀਤ ਸਿੰਘ ਬੜੀ, ਸੋਨੀ ਬੜੀ, ਐਡਵੋਕੇਟ ਗਗਨਦੀਪ ਸਿੰਘ ਅਤੇ ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।