Nabaz-e-punjab.com

ਸਰਕਾਰੀ ਸਕੂਲਾਂ ਵਿੱਚ ਜਸ਼ਨ ਵਾਂਗ ਮਨਾਈ ਮਾਪੇ-ਅਧਿਆਪਕ ਮਿਲਣੀ

ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਗੁਣਾਤਮਿਕ ਸਿੱਖਿਆ ਨੇ ਸਮਾਜ ਨੂੰ ਕੀਤਾ ਪ੍ਰਭਾਵਿਤ

ਐਸ.ਏ.ਐਸ. ਨਗਰ (ਮੁਹਾਲੀ), 13 ਦਸੰਬਰ
ਸਿੱਖਿਆ ਵਿਭਾਗ ਵੱਲੋਂ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਕਰਵਾਈਆਂ ਗਈਆਂ। ਇਸ ਸਬੰਧੀ ਸਕੂਲਾਂ ਵਿੱਚ ਤਿਉਹਾਰ ਵਾਂਗ ਰੰਗ ਬੰਨ੍ਹਿਆ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਮਾਪੇ ਅਧਿਆਪਕ ਮਿਲਣੀ ਦੇ ਸਫਲ ਆਯੋਜਨ ’ਤੇ ਤਸੱਲੀ ਪ੍ਰਗਟਾਈ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਹੁਣ ਅਗਲੇ ਆਉਣ ਵਾਲੇ ਦੋ ਮਹੀਨਿਆਂ ਵਿੱਚ ਵਿਦਿਆਰਥੀਆਂ ਨੂੰ ਯੋਜਨਾਬੱਧ ਢੰਗ ਨਾਲ ਕੰਮ ਕਰਵਾਉਣ ਦੀ ਲੋੜ ਹੈ ਤਾਂ ਜੋ ਮਿਸ਼ਨ ਨਤੀਜਾ ਸ਼ਤ-ਪ੍ਰਤੀਸ਼ਤ ਵਿੱਚ ਸਫਲਤਾ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਪਿੰਡਾਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਵੀ ਸਰਕਾਰੀ ਸਕੂਲਾਂ ਵਿੱਚ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਹੈ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਹੋਰ ਸਿੱਖਿਆ ਅਧਿਕਾਰੀਆਂ ਨੇ ਮੁਹਾਲੀ ਸਮੇਤ ਹੋਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਾਪੇ-ਅਧਿਆਪਕ ਮਿਲਣੀ ਦੇ ਸੁਚੱਜੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰੇਰਨਾਦਾਇਕ ਦੌਰਾ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਉਨ੍ਹਾਂ ਦੇ ਬੱਚਿਆਂ ਦੀਆਂ ਕਾਰਗੁਜ਼ਾਰੀਆਂ ਸਾਂਝੀਆਂ ਕੀਤੀਆਂ। ਸਕੂਲਾਂ ਵਿੱਚ ਵਿਭਾਗ ਦੀਆਂ ਗੁਣਾਤਮਿਕ ਸਿੱਖਿਆ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਈ-ਕੰਟੈਂਟ, ਅੰਗਰੇਜ਼ੀ ਮਾਧਿਅਮ, ਸਮਾਰਟ ਸਕੂਲ ਮੁਹਿੰਮ ਆਦਿ ਦੀ ਜਾਣਕਾਰੀ ਮਾਪਿਆਂ ਅਤੇ ਪਿੰਡਾਂ ਦੇ ਪਤਵੰਤਿਆਂ ਨਾਲ਼ ਸਾਂਝੀ ਕੀਤੀ ਗਈ।
ਇਸ ਮੌਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ, ਲਿਖਾਈ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ ਆਯੋਜਿਤ ਕੀਤੇ ਗਏ। ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦੀ ਮਾਪਿਆਂ ਦੀ ਹਾਜ਼ਰੀ ਵਿੱਚ ਹੌਸਲਾ ਅਫ਼ਜਾਈ ਕੀਤੀ। ਮਾਪੇ ਆਪਣੇ ਬੱਚਿਆਂ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਮਾਰੀਆਂ ਮੱਲ੍ਹਾਂ ਤੋਂ ਬਾਗੋ-ਬਾਗ ਦਿਖਾਈ ਦਿੱਤੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਮੀਡੀਆ ਸਰੋਤਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਾਪਿਆਂ ਨੇ ਸਰਕਾਰੀ ਸਕੂਲਾਂ ਦੀ ਬਦਲਦੀ ਨੁਹਾਰ, ਮਿਆਰੀ ਸਿੱਖਿਆ ਨਾਲ ਸਬੰਧਤ ਅਧਿਆਪਕਾਂ ਵੱਲੋਂ ਕੀਤੇ ਸਿਰਤੋੜ ਯਤਨਾਂ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ। ਮਾਪਿਆਂ ਨੇ ਆਪਣੇ ਬੱਚਿਆਂ ਦੇ ਬਿਹਤਰੀਨ ਭਵਿੱਖ ਦੀ ਕਾਮਨਾ ਕਰਦਿਆਂ ਅਧਿਆਪਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…