Share on Facebook Share on Twitter Share on Google+ Share on Pinterest Share on Linkedin ਸਰਕਾਰੀ ਸਕੂਲਾਂ ਵਿੱਚ ਮੁੜ ਪਰਤੀਆਂ ਰੌਣਕਾਂ, ਤਿੰਨ ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ ਨਬਜ਼-ਏ-ਪੰਜਾਬ, ਮੁਹਾਲੀ, 17 ਜੁਲਾਈ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਰਕਾਰੀ ਸਕੂਲਾਂ ਵਿੱਚ ਮੁੜ ਰੌਣਕਾਂ ਪਰਤ ਆਈਆਂ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੀ ਦਿਨੀਂ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਮਜਬੂਰੀ ਵੱਸ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰਨੇ ਪੈ ਗਏ ਸੀ ਲੇਕਿਨ ਹਾਲਾਤ ਸੁਖਾਵੇਂ ਹੋਣ ਤੋਂ ਬਾਅਦ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਭਰਵੀਂ ਹਾਜ਼ਰੀ ਨਾਲ ਮੁੜ ਰੌਣਕਾਂ ਪਰਤ ਆਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਦੇ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਪਹਿਲੇ ਦਿਨ 70 ਫ਼ੀਸਦੀ ਤੋਂ ਵੱਧ ਹਾਜ਼ਰੀ ਦਰਜ ਕੀਤੀ ਗਈ ਹੈ। ਜਦੋਂਕਿ ਤਿੰਨ ਸਕੂਲ ਫਿਲਹਾਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਸ਼ਵਨੀ ਦੱਤਾ ਨੇ ਦੱਸਿਆ ਕਿ ਹੜ੍ਹਾਂ ਦੇ ਮੱਦੇਨਜ਼ਰ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਟੀਮਾਂ ਦੀ ਉਨ੍ਹਾਂ ਖ਼ੁਦ ਅਗਵਾਈ ਕਰਦਿਆਂ ਸਕੂਲਾਂ ਅਤੇ ਨੇੜਲੇ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸਕੂਲ ਵਿੱਚ ਐਤਵਾਰ ਸ਼ਾਮ ਤੱਕ ਸਾਫ਼-ਸਫ਼ਾਈ ਕਰਵਾ ਕੇ ਅੱਜ ਸਕੂਲ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਰ ਪੱਖੋਂ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਵੀ ਸਕੂਲਾਂ ਦੇ ਦੌਰੇ ਕੀਤੇ। ਉਨ੍ਹਾਂ ਦੱਸਿਆ ਕਿ ਤਿੰਨ ਪ੍ਰਾਇਮਰੀ/ਮਿਡਲ ਸਕੂਲਾਂ ਵਿੱਚ ਸਮੱਸਿਆਵਾਂ ਹੋਣ ਕਾਰਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅਗਲੇ ਹੁਕਮ ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗਾਜ਼ੀਪੁਰ, ਨਗਲਾ ਅਤੇ ਭਾਂਖਰਪੁਰ ਦਾ ਉਨ੍ਹਾਂ ਵੱਲੋਂ ਖ਼ੁਦ ਦੌਰਾ ਕੀਤਾ ਗਿਆ। ਜਿੱਥੇ ਸਕੂਲ ਦੀਆਂ ਇਮਾਰਤਾਂ ਵਿਦਿਆਰਥੀਆਂ ਦੀ ਸੁਰੱਖਿਆ ਮੱਦੇਨਜ਼ਰ ਠੀਕ ਹਨ। ਇੰਜ ਹੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪਰਮਿੰਦਰ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਦੇਸੂਮਾਜਰਾ ਅਤੇ ਝੂੰਗੀਆਂ ਦਾ ਦੌਰਾ ਕੀਤਾ। ਇੱਥੇ ਵੀ ਹਾਲਾਤ ਵਿੱਦਿਅਕ ਮਾਹੌਲ ਲਈ ਸਾਜ਼ਗਾਰ ਸਨ। ਇਸੇ ਤਰ੍ਹਾਂ ਸਮੂਹ ਬੀਪੀਈਓਜ਼ ਨੇ ਵੀ ਆਪਣੇ ਬਲਾਕ ਅਧੀਨ ਆਉਂਦੇ ਸਕੂਲਾਂ ਦੇ ਦੌਰੇ ਕੀਤੇ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ