
ਝੋਨੇ ਦੀ ਸਰਕਾਰੀ ਖ਼ਰੀਦ ਵਿੱਚ ਦੇਰੀ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਕਤੂਬਰ:
ਝੋਨੇ ਦੀ ਸਰਕਾਰੀ ਖਰੀਦ ਵਿੱਚ ਦੇਰੀ ਹੋਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਬਰਾਬਰ ਦੇ ਜ਼ਿੰਮੇਵਾਰ ਹਨ। ਜਿਸ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ (ਸੰਯੁਕਤ) ਦੇ ਜਰਨਲ ਸਕੱਤਰ ਤੇ ਨੌਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪਿੰਡ ਨੰਡਿਆਲੀ ਵਿਖੇ ਕਿਸਾਨਾਂ ਨੂੰ ਮਿਲਣ ਉਪਰੰਤ ਕੀਤਾ। ਬੱਬੀ ਬਾਦਲ ਨੇ ਮੋਦੀ ਸਰਕਾਰ ਵੱਲੋਂ ਖ਼ਰੀਦ ਸ਼ੁਰੂ ਹੋਣ ਵਾਲੇ ਦਿਨ ਤੋਂ ਮਹਿਜ ਇੱਕ ਘੰਟਾ ਪਹਿਲਾ ਪੰਜਾਬ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਨਾ ਕਰਕੇ ਪੰਜਾਬ ਵਿੱਚ 11 ਅਕਤੂਬਰ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਦੀ ਸਖ਼ਤ ਅਲੋਚਨਾ ਕੀਤੀ ਹੈ ਅਤੇ ਇਸ ਨੂੰ ਮੋਦੀ ਸਰਕਾਰ ਦਾ ‘ਤੁਗਲਕੀ ਫ਼ੁਰਮਾਨ‘ ਕਰਾਰ ਦਿੱਤਾ ਹੈ।
ਸ੍ਰੀ ਬੱਬੀ ਬਾਦਲ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਲਵੇ ਅਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ।ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਐਨ ਮੌਕੇ ਸਿਰ ਝੋਨੇ ਦੀ ਖ਼ਰੀਦ ਰੋਕ ਕੇ ਪੰਜਾਬ ਦੇ ਕਿਸਾਨਾਂ ਤੋਂ ਬਦਲਾ ਲੈਣ ਦੀ ਸਾਜਿਸ਼ ਕੀਤੀ ਹੈ, ਕਿਉਂਕਿ ਇੱਥੋਂ ਦੇ ਕਿਸਾਨ ਹੀ ਅੱਗੇ ਹੋ ਕੇ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ।‘‘ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨਾਂ ਲਈ ਫ਼ਸਲ ਨੂੰ 10 ਦਿਨਾਂ ਤੱਕ ਸੰਭਾਲਣਾ ਮੁਸ਼ਕਲ ਹੋ ਜਾਵੇਗਾ। ਮੰਡੀਆਂ ਵਿੱਚ ਆਈ ਫ਼ਸਲ ਨੂੰ ਹੋਣ ਵਾਲੇ ਨੁਕਸਾਨ ਲਈ ਸਰਕਾਰ ਦੀ ਜ਼ਿੰਮੇਵਾਰੀ ਹੈ, ਕਿਉਂਕਿ ਫ਼ਸਲ ਨੂੰ ਮੰਡੀਆਂ ਵਿੱਚ ਲਿਆਉਣ ਦੀ ਤਰੀਕ 1 ਅਕਤੂਬਰ ਸਰਕਾਰ ਨੇ ਹੀ ਤਹਿ ਕੀਤੀ ਸੀ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ ਉਨ੍ਹਾਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਕਈ ਦਿਨਾਂ ਤੋਂ ਕੁਰਸੀ ਦੀ ਲੜਾਈ ਵਿੱਚ ਰੁੱਝੀ ਕਾਂਗਰਸ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੁਕਾਈ ਦੇ ਪ੍ਰਬੰਧ ਕਰਨ ਵਿੱਚ ਅਸਫਲ ਰਹੀ ਹੈ ਸੂਬੇ ਕੋਲ ਬਾਰਦਾਨਾ ਨਹੀਂ ਲੇਬਰ ਤੇ ਟਰਾਂਸਪੋਰਟ ਦੇ ਟੈਂਡਰ ਹੁਣ ਤੱਕ ਨਹੀਂ ਹੋਏ ਹੁਣ ਜਦੋਂ ਝੋਨਾ ਮੰਡੀਆਂ ਵਿੱਚ ਪੁੱਜਣਾ ਸ਼ੁਰੂ ਹੋ ਗਿਆ ਹੈ ਅਤੇ ਖਰਾਬ ਮੌਸਮ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਦੂਜੇ ਪਾਸੇ ਪ੍ਰਾਈਵੇਟ ਅਦਾਰੇ ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਚੁੱਕਦੇ ਹੋਏ ਮੰਡੀਆਂ ਵਿੱਚ ਪੁੱਜੀ ਫਸਲ ਨੂੰ ਘੱਟ ਰੇਟ ’ਤੇ ਖ਼ਰੀਦ ਰਹੇ ਹਨ ਜੋ ਸਿੱਧੇ ਤੌਰ ’ਤੇ ਕਿਸਾਨਾਂ ਦੀ ਲੁੱਟ ਹੈ। ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਨੂੰ ਰੋਕਣ ਲਈ ਝੋਨੇ ਦੀ ਫਸਲ ਦੀ ਖਰੀਦ ਤੁਰੰਤ ਜਾਰੀ ਕੀਤੀ ਜਾਵੇ।
ਇਸ ਮੌਕੇ ਦਵਿੰਦਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ, ਜਸਪ੍ਰੀਤ ਸਿੰਘ ਚਹਿਲ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੰਵਲਜੀਤ ਸਿੰਘ ਪੱਤੋਂ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ।