
ਪੰਜਾਬੀ ਮਾਂ-ਬੋਲੀ ਨੂੰ ਵਿਗਾੜਨ ਤੇ ਦਬਾਉਣ ਦੀ ਕੋਸ਼ਿਸ਼ ਦੇ ਰਾਹ ਤੁਰੀ ਕੇਂਦਰ ਸਰਕਾਰ: ਕਾਹਲੋਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀ ਮਾਂ-ਬੋਲੀ ਨੂੰ ਵਿਗਾੜਨ ਅਤੇ ਦਬਾਉਣ ਦੀ ਕੋਸ਼ਿਸ਼ ਵਿੱਚ ਜੁਟੀ ਹੋਈ ਹੈ। ਹਾਲਾਂਕਿ ਪਹਿਲਾਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਮਾਂ-ਬੋਲੀ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਭਾਜਪਾ ਹਕੂਮਤ ਨੇ ਪੰਜਾਬੀ ਵਿਰੋਧੀ ਫ਼ੈਸਲੇ ਲੈ ਕੇ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਅੱਜ ਇੱਥੇ ਸ੍ਰੀ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਵੱਲੋਂ ਦਿੱਲੀ ਦੂਰ ਦਰਸ਼ਨ ਵਿੱਚ ਚਲ ਰਹੇ ਪੰਜਾਬੀ ਭਾਸ਼ਾ ਨਾਲ ਸਬੰਧਤ ਬੁਲੇਟਿਨ ਨੂੰ ਹਟਾਏ ਜਾਣ ਦੇ ਹੁਕਮ ਸੁਣਾਏ ਗਏ ਹਨ। ਦਿੱਲੀ ਦੂਰਦਰਸ਼ਨ ਅਤੇ ਚੰਡੀਗੜ੍ਹ ਆਕਾਸ਼ਬਾਣੀ ਵਿੱਚ ਪੰਜਾਬੀ ਦੇ ਪ੍ਰੋਗਰਾਮਾਂ ਦਾ ਸਮਾਂ ਖ਼ਤਮ ਕਰ ਦਿੱਤਾ ਗਿਆ ਹੈ ਜੋ ਕਿ ਅਤਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਕਾਰਵਾਈ ਵੱਲੋਂ ਪੰਜਾਬੀਆਂ ਦੀ ਗ਼ੈਰਤ ਨੂੰ ਚੋਟ ਮਾਰਨ ਵਾਂਗ ਹੈ ਤੇ ਪੰਜਾਬੀ ਇਸ ਧੱਕੇਸ਼ਾਹੀ ਵਿਰੁੱਧ ਸੰਘਰਸ਼ ਕਰਨ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਵੱਲੋਂ ਇਹ ਫ਼ੈਸਲਾ ਵਾਪਸ ਨਹੀਂ ਲਿਆ ਗਿਆ। ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਕੱੁਝ ਦਿਨਾਂ ਵਿੱਚ ਪੰਜਾਬੀ ਮਾਂ-ਬੋਲੀ ਪ੍ਰਤੀ ਚਿੰਤਤ ਬੁੱਧੀਜੀਵੀ ਦੀ ਇਹ ਵਿਸ਼ੇਸ਼ ਇਕੱਤਰਤਾ ਕੀਤੀ ਜਾਵੇਗੀ ਅਤੇ ਸਭਨਾਂ ਦੀ ਰਾਏ ਨਾਲ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਰਵਿੰਦਰ ਸਿੰਘ ਸ਼ਾਮਪੁਰ, ਹਰਵਿੰਦਰ ਡੀਐਮ, ਹਰਮੇਜ ਸਿੰਘ ਢਿੱਲੋਂ, ਗੁਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਧਨੋਆ, ਨਰਿੰਦਰ ਸਿੰਘ ਬੈਂਸ, ਗੁਰਮਿੰਦਰ ਸਿੰਘ ਪਟਿਆਲਾ, ਨਵਰਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਮੁਹਾਲੀ, ਕਰਨਵੀਰ ਸਿੰਘ ਸਾਹੀ, ਕਸ਼ਮੀਰ ਸਿੰਘ ਸਿਆਲਬਾ ਮਾਜਰੀ, ਨਾਰਾਇਣ ਸਿੰਘ ਢਿੱਲੋਂ ਸਮੇਤ ਪੰਜਾਬੀ ਮਾਂ-ਬੋਲੀ ਪ੍ਰਤੀ ਫ਼ਿਕਰਮੰਦ ਵੱਡੀ ਗਿਣਤੀ ਲੋਕ ਮੌਜੂਦ ਸਨ।