ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ ਕੇਂਦਰ ਸਰਕਾਰ: ਚੜੂਨੀ

ਕਿਸਾਨ ਆਗੂ ਨੇ ਭਾਜਪਾ ਦੀਆਂ ਮਨਮਾਨੀਆਂ ਨੂੰ ਦੇਸ਼ ਲਈ ਘਾਤਕ ਦੱਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਆਪਣੀ ਪੂਰੀ ਵਾਹ ਲਗਾ ਰਹੀ ਹੈ ਅਤੇ ਇਸ ਦੇ ਤਹਿਤ ਕਿਸਾਨ ਜਥੇਬੰਦੀਆਂ ਵਿੱਚ ਫੁੱਟ ਪੈਣ ਦੀਆਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਗੱਲ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਸੋਹਾਣਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨੇ ਨੂੰ ਸੰਬੋਧਨ ਕਰਦਿਆਂ ਆਖੀ। ਅੱਜ ਯੂਥ ਕਲੱਬ ਸੋਹਾਣਾ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ ਦੀ ਅਗਵਾਈ ਵਿੱਚ ਨੌਜਵਾਨਾਂ ਦਾ ਜਥਾ ਭੁੱਖ-ਹੜਤਾਲ ’ਤੇ ਬੈਠਾ।
ਕਿਸਾਨ ਆਗੂ ਨੇ ਭੁੱਖ ਹੜਤਾਲ ’ਤੇ ਬੈਠੇ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਮਨਮਰਜ਼ੀਆਂ ਦੇਸ਼ ਲਈ ਘਾਤਕ ਹਨ ਅਤੇ ਹੁਕਮਰਾਨਾਂ ਨੂੰ ਦੇਸ਼ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ।
ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਨੌਜਵਾਨਾਂ ਨੇ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ ਅਤੇ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਸਦਕਾ ਇਹ ਅੰਦੋਲਨ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਹਿਗੁਰੂ ਦੀ ਮਿਹਰ ਸਦਕਾ ਦੇਸ਼-ਵਿਆਪੀ ਕਿਸਾਨੀ ਸੰਘਰਸ਼ ਇੰਨੇ ਲੰਮੇ ਸਮੇਂ ਤੋਂ ਕਾਮਯਾਬੀ ਨਾਲ ਚੱਲ ਰਿਹਾ ਹੈ ਜਦੋਂਕਿ ਭਾਜਪਾ ਸਰਕਾਰ ਆਏ ਦਿਨ ਕਿਸਾਨੀ-ਅੰਦੋਲਨ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਅਤੇ ਫਸਲਾਂ ’ਤੇ ਐਮਐਸਪੀ ਨਹੀਂ ਮਿਲਦਾ।
ਕਿਸਾਨ ਆਗੂ ਨੇ ਕਿਹਾ ਕਿ ਜਿਸ ਦੇਸ਼ ਦਾ ਰਾਜਾ ਆਪਣੀਆਂ ਮਨਮਰਜ਼ੀਆਂ ਕਰਨ ਲੱਗ ਜਾਵੇ ਉਹ ਦੇਸ਼ ਤੇ ਲੋਕਾਂ ਲਈ ਘਾਤਕ ਸਿੱਧ ਹੁੰਦਾ ਹੈ। ਸੋਸ਼ਲ ਮੀਡੀਆ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਨੂੰ ਤੋੜਨ ਲਈ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਪ੍ਰੰਤੂ ਇਹ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਜ਼ਿੱਦ ਛੱਡ ਕੇ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ। ਨਹੀਂ ਤਾਂ ਭਾਜਪਾ ਦਾ ਜੋ ਹਸ਼ਰ ਪੱਛਮੀ ਬੰਗਾਲ ਵਿੱਚ ਹੋਇਆ ਹੈ, ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸੂਬਿਆਂ ਵਿੱਚ ਉਸ ਤੋਂ ਵੀ ਮਾੜਾ ਹਾਲ ਹੋਵੇਗਾ।

ਇਸ ਮੌਕੇ ਲੇਬਰਫੈਡ ਪੰਜਾਬ ਦੇ ਸਾਬਕਾ ਐਮਡੀ ਪਰਵਿੰਦਰ ਸਿੰਘ ਬੈਦਵਾਨ, ਕੌਂਸੋਲਰ ਹਰਜਿੰਦਰ ਕੌਰ ਸੋਹਾਣਾ, ਹਰਜਿੰਦਰ ਸਿੰਘ, ਮਿੰਦਰ ਸਿੰਘ, ਨੰਬਰਦਾਰ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਅਮਰਜੀਤ ਸਿੰਘ, ਅਮਨ ਪੁਨੀਆ ਪਹਿਲਵਾਨ ਅਤੇ ਬੀਬੀਆ ਮੌਜੂਦ ਸਨ। ਅਖੀਰ ਵਿੱਚ ਕਿਸਾਨਾਂ ਵੱਲੋਂ ਗੁਰਨਾਮ ਸਿੰਘ ਚੜੂਨੀ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕਰਕੇ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…