ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦਾ ਸੁਨਹਿਰੀ ਮੌਕਾ ਗਵਾਇਆ: ਚੰਦੂਮਾਜਰਾ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ, ਸਰਕਾਰ ਬੁਨਿਆਦੀ ਮੁਸ਼ਕਲਾਂ ਹੱਲ ਕਰਨਾ ’ਚ ਵੀ ਅਸਮਰੱਥ ਰਹੀ
ਨਬਜ਼-ਏ-ਪੰਜਾਬ, ਮੁਹਾਲੀ, 2 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬੀਤੇ ਦਿਨੀਂ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਬੁਨਿਆਦੀ ਮੁਸ਼ਕਲਾਂ ਹੱਲ ਕਰਨ ਵਿੱਚ ਵੀ ਅਸਮਰੱਥ ਰਹੀ ਹੈ। ਅੱਜ ਇੱਥੇ ਅਕਾਲੀ ਆਗੂ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਕਿਸਾਨ ਅੰਦੋਲਨ ਖ਼ਤਮ ਕਰਵਾਉਣ ਦਾ ਸੁਨਹਿਰੀ ਮੌਕਾ ਸੀ ਪਰ ਮਾੜੀ ਸੋਚ ਅਤੇ ਗਲਤ ਨੀਤੀਆਂ ਕਾਰਨ ਕੇਂਦਰ ਨੇ ਇਹ ਮੌਕਾ ਗਵਾ ਲਿਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਅਤੇ ਅੰਨਦਾਤਾ ਦੀ ਬਾਂਹ ਫੜਨ ਲਈ ਕੇਂਦਰੀ ਬਜਟ ਵਿੱਚ ਕਿਸਾਨਾਂ ਦੀ ਆਰਥਿਕਤਾ ਅਤੇ ਫ਼ਸਲੀ ਵਿਭਿੰਨਤਾ ਬਾਰੇ ਤਜਵੀਜ਼ ਰੱਖਣੀ ਚਾਹੀਦੀ ਸੀ ਅਤੇ ਕਿਸਾਨਾਂ ਦੀ ਸਭ ਤੋਂ ਅਹਿਮ ਮੰਗ ਐਮਐਸਪੀ ਗਰੰਟੀ ਕਾਨੂੰਨ ਲਾਗੂ ਕਰਨਾ ਚਾਹੀਦਾ ਸੀ ਅਤੇ ਕਿਸਾਨਾਂ ਦੀ ਕਰਜਾਮੁਕਤੀ ਦੀ ਗੱਲ ਕਰਨੀ ਚਾਹੀਦੀ ਸੀ ਪਰ ਅਜਿਹਾ ਨਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਅਤੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਬਜਟ ਵਿੱਚ ਬੇਰੁਜ਼ਗਾਰੀ, ਵਾਤਾਵਰਨ ਅਤੇ ਪਾਣੀਆਂ ਦੀ ਸਾਂਭ-ਸੰਭਾਲ ਆਦਿ ਵੱਲ ਵੀ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਦੇਸ਼ ਦੀ ਆਰਥਿਕਤਾ ਦਾ ਕੇਂਦਰੀ ਧੁਰਾ ਹੈ, ਜਿਸ ਨੂੰ ਬਜਟ ਅੰਦਰ ਪੂਰੀ ਤਰ੍ਹਾਂ ਅੱਖੋ-ਪਰੋਖੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਣੀ ਦੇ ਸੰਕਟ ਦਾ ਹੱਲ ਬਜਟ ਵਿੱਚ ਕਿਧਰੇ ਦਿਖਾਈ ਨਹੀਂ ਦੇ ਰਿਹਾ। ਸਰਹੱਦੀ ਸੂਬੇ ਨੂੰ ਕੇਂਦਰੀ ਬਜਟ ਵਿੱਚ ਕੋਈ ਵਿਸ਼ੇਸ਼ ਪੈਕੇਜ ਨਾ ਦੇਣਾ ਬਹੁਤ ਮੰਦਭਾਗੀ ਗੱਲ ਹੈ। ਜਿਸ ਦਾ ਭਾਜਪਾ ਨੂੰ ਖ਼ਮਿਆਜ਼ਾ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਚਾਹੁੰਦਾ ਤਾਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਖ਼ਤਮ ਕਰਵਾਇਆ ਜਾ ਸਕਦਾ ਸੀ ਪਰ ਹੁਕਮਰਾਨ ਕਿਸਾਨੀ ਮਸਲਿਆਂ ਨੂੰ ਲੈ ਕੇ ਗੰਭੀਰ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੀ ਪੰਜਾਬ ਦੀ ਕੋਈ ਚਿੰਤਾ ਹੈ।