ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਨਵਾਂ ਬਿਜਲੀ ਸੋਧ ਬਿਲ ਲਾਗੂ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ

ਬਿੱਲ ਨਾਲ ਕਿਸਾਨਾਂ, ਇੰਡਸਟਰੀ ਤੇ ਗਰੀਬ ਵਰਗ ’ਤੇ ਪਵੇਗਾ ਆਰਥਿਕ ਬੋਝ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਨਵਾਂ ਬਿਜਲੀ ਸੋਧ ਬਿੱਲ 2021 ਲਾਗੂ ਕਰਨ ਚਾਹੁੰਦੀ ਹੈ ਕੇਂਦਰ ਸਰਕਾਰ ਜਿਸ ਨਾਲ ਕਿਸਾਨਾਂ, ਇੰਡਸਟਰੀ ਅਤੇ ਗਰੀਬਾਂ ਉੱਤੇ ਇੱਕ ਹੋਰ ਵਿੱਤੀ ਬੋਝ ਪੈ ਜਾਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਰਨਲ ਸਕੱਤਰ ਤੇ ਨੋਜਵਾਨ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਇੰਡਸਟਰੀ ਨਾਲ ਸਬੰਧਤ ਆਗੂਆਂ ਨਾਲ ਮੁਲਾਕਾਤ ਕਰਦਿਆਂ ਆਖੇ ਬੱਬੀ ਬਾਦਲ ਨੇ ਕਿਹਾ ਕਿ ਕੇਂਦਰ ਰਾਜਾਂ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਮਾਰ ਰਹੀ ਹੈ ।
ਇੱਕ ਪਾਸੇ ਦੇਸ਼ ਦਾ ਅੰਨਦਾਤਾ ਕੇਂਦਰ ਦੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਨ ਦੀ ਮੰਗ ਕਰਦਾ ਹੋਇਆ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਬੈਠਾ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਬੇਰਹਿਮੀ ਅਤੇ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਟੱਪਦੀ ਹੋਈ ਮੋਦੀ ਸਰਕਾਰ ਕਿਸਾਨਾਂ ਸਮੇਤ ਬਿਜਲੀ ਸਬਸਿਡੀ ਦਾ ਲਾਭ ਲੈਣ ਵਾਲੇ ਸਾਰੇ ਵਰਗਾਂ ਉੱਤੇ ਇੱਕ ਹੋਰ ਵਿੱਤੀ ਹਮਲਾ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿਲ 2021 ਜੇਕਰ ਲਾਗੂ ਹੋ ਗਿਆ ਤਾਂ ਖੇਤੀ ਖੇਤਰ ਅਤੇ ਗਰੀਬਾਂ ਸਮੇਤ ਹੋਰਨਾਂ ਨੂੰ ਬਿਜਲੀ ‘ਤੇ ਮਿਲਣ ਵਾਲੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਬੱਬੀ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਹੋਈਆਂ ਬੈਠਕਾਂ ਦੌਰਾਨ ਕੇਂਦਰੀ ਮੰਤਰੀ ਪਿਊਸ ਗੋਇਲ ਅਤੇ ਨਰਿੰਦਰ ਸਿੰਘ ਤੋਮਰ ਨੇ ਭਰੋਸਾ ਦਿੱਤਾ ਸੀ ਬਿਜਲੀ ਸੋਧ ਬਿਲ ਸੰਸਦ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਬਿਜਲੀ ਸੋਧ ਬਿਲ ਪਾਸ ਹੋਣ ਪਿੱਛੋਂ ਬਿਜਲੀ ਰਾਜਾਂ ਦੇ ਅਧਿਕਾਰ ਦਾ ਵਿਸ਼ਾ ਨਹੀਂ ਰਹੇਗੀ। ਕੇਂਦਰ ਵੱਲੋਂ ਰਾਜਾ ਦੇ ਅਧਿਕਾਰਾ ਤੇ ਡਾਕਾ ਮਾਰਿਆ ਜਾ ਰਿਹਾ ਹੈ, ਜੋ ਸੰਘੀ ਢਾਂਚੇ ਦੀ ਸ਼ਰੇਆਮ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਅਨਾਜ ਭੰਡਾਰ ਵਿੱਚ 60 ਫ਼ੀਸਦੀ ਹਿੱਸਾ ਪਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਖੇਤਰ ਦੇ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਪੰਜਾਬ ਸਰਕਾਰ ਇਹ ਸਬਸਿਡੀ ਚੁੱਕਦੀ ਹੈ, ਪ੍ਰੰਤੂ ਨਵੇਂ ਬਿਜਲੀ ਸੋਧ ਬਿਲ ਵੀ ਦੀਆਂ ਸ਼ਰਤਾਂ ਤਹਿਤ ਬਿਜਲੀ ਖੇਤਰ ਦੀਆਂ ਸਾਰੀਆਂ ਸਬਸਿਡੀਆਂ ਬੰਦ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਤਹਿਤ ਖੇਤੀ ਖੇਤਰ ਨੂੰ ਇਸ ਕਦਰ ਮਹਿੰਗਾ ਬਣਾਇਆ ਜਾ ਰਿਹਾ ਹੈ, ਤਾਂ ਕਿ ਕਿਸਾਨ ਮਜਬੂਰ ਹੋ ਕੇ ਕਾਰਪੋਰੇਟ ਘਰਾਣਿਆਂ ਅੱਗੇ ਆਤਮ ਸਮਰਪਣ ਕਰ ਦੇਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਦਲੇ ਦੀ ਭਾਵਨਾ ਨਾਲ ਪ੍ਰੇਸ਼ਾਨ ਕਰ ਰਹੀ ਹੈ। ਇਸੇ ਸਿਲਸਿਲੇ ਤਹਿਤ ਹਵਾ ਪ੍ਰਦੂਸ਼ਣ ਬਿਲ ਲਿਆਂਦਾ ਜਾ ਰਿਹਾ ਹੈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਕਾਲੇ ਖੇਤੀ ਕਾਨੂੰਨਾਂ ਦੇ ਨਾਲ ਨਾਲ ਬਿਜਲੀ ਸੋਧ ਬਿਲ ਅਤੇ ਹਵਾ ਪ੍ਰਦੂਸ਼ਣ ਬਿਲ ਦਾ ਸੰਸਦ ਤੋਂ ਸੜਕ ਤੱਕ ਬੁਲੰਦ ਆਵਾਜ਼ ਨਾਲ ਵਿਰੋਧ ਜਾਰੀ ਰੱਖੇਗਾ। ਇਸ ਮੌਕੇ ਨਿਰਮਲ ਸਿੰਘ ਰਹਿਲ, ਤਜਿੰਦਰ ਸਿੰਘ ਰਹਿਲ, ਬਲਦੇਵ ਸਿੰਘ, ਗੁਰਸੇਵਕ ਸਿੰਘ, ਗੋਲਡੀ, ਅਮਰੀਕ ਸਿੰਘ, ਕੁਲਵਿੰਦਰ ਸਿੰਘ, ਲਖਵੀਰ ਸਿੰਘ, ਤਰਸੇਮ ਸਿੰਘ, ਪਲਵਿੰਦਰ ਸਿੰਘ,ਬਲਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਵਿੰਦਰ ਸਿੰਘ, ਹਰਮੀਤ ਸਿੰਘ, ਜਸਮੇਲ ਸਿੰਘ, ਇੰਦਰਜੀਤ ਕੌਰ, ਕਮਲਦੀਪ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …