
ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਵਤੀਰਾ ਪੱਖਪਾਤੀ: ਹਰਕੇਸ਼ ਚੰਦ ਸ਼ਰਮਾ
ਭਾਖੜਾ ਪ੍ਰਬੰਧਨ ਬੋਰਡ ਤੋਂ ਪੰਜਾਬ ਦਾ ਕੰਟਰੋਲ ਖਤਮ ਕਰਨ ਦੀਆਂ ਕੋਸ਼ਿਸ਼ਾਂ ਮੰਦਭਾਗੀਆਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਤੋਂ ਪੰਜਾਬ ਦਾ ਕੰਟਰੋਲ ਖਤਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਦੱਸਿਆ ਹੈ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਸ੍ਰੀ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਕਾਲ ਧੱਕਾ ਕੀਤਾ ਹੈ।
ਮੋਦੀ ਸਰਕਾਰ ਵਲੋਂ ਲੁਕਵੇਂ ਢੰਗ ਨਾਲ ਜਿਥੇ ਚੰਡੀਗੜ੍ਹ ਉੱਤੋਂ ਪੰਜਾਬ ਦਾ ਹੱਕ ਕਮਜ਼ੋਰ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਬੀਬੀਐੱਮਬੀ ਦੇ ਨਿਯਮਾਂ ਵਿਚ ਸੋਧ ਕਰਨ ਦੀ ਤਿਆਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹਾਲੇ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਾ ਹੋਇਆ ਹੈ ਤੇ ਕੇਂਦਰ ਸਰਕਾਰ ਇਸ ਮੌਕੇ ਦਾ ਫਾਇਦਾ ਚੁੱਕ ਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਨੂੰ ਵੱਡੀਆਂ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨੂੰ ਹਿਜਰਤ ਲਈ ਮਜਬੂਰ ਕਰ ਦਿੱਤਾ ਸੀ ਜਿਸ ਕਾਰਨ ਪੰਜਾਬ ਦੇ ਆਰਥਿਕ ਹਿੱਤਾਂ ਨੂੰ ਵੱਡੀ ਢਾਹ ਲੱਗੀ ਸੀ।
ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਕਾਰਨ ਵੀ ਸਭ ਤੋਂ ਵੱਡੀ ਮਾਰ ਪੰਜਾਬ ਦੇ ਕਿਸਾਨਾਂ ਨੇ ਆਪਣੇ ਪਿੰਢੇ ਉੱਤੇ ਹੰਢਾਈ ਹੈ ਅਤੇ ਇਸ ਸਭ ਲਈ ਵੀ ਸਿਰਫ਼ ਅਤੇ ਸਿਰਫ਼ ਭਾਜਪਾ ਜ਼ਿੰਮੇਵਾਰ ਸੀ। ਉਨ੍ਹਾਂ ਕੇਂਦਰ ਦੀਆਂ ਇਨ੍ਹਾਂ ਕਾਰਵਾਈਆਂ ਨੂੰ ਸੰਘੀ ਢਾਂਚੇ ਉੱਤੇ ਹਮਲਾ ਕਰਾਰ ਦਿੰਦਿਆਂ ਇਸ ਨੂੰ ਭਾਜਪਾ ਦਾ ਪੰਜਾਬ ਨਾਲ ਪੱਖਪਾਤੀ ਵਿਵਹਾਰ ਦੱਸਿਆ।