
ਕੇਂਦਰ ਦੀ ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਅਤੇ ਦੇਸ਼ ਲਈ ਖਤਰਨਾਕ: ਡਾ. ਮਨਮੋਹਨ ਸਿੰਘ
ਲੋਕਾਂ ਦੀਆਂ ਸਮੱਸਿਆਵਾਂ ਲਈ ਹਾਲੇ ਵੀ ਜਵਾਹਰ ਲਾਲ ਨਹਿਰੂ ਨੂੰ ਦੋਸ਼ੀ ਠਹਿਰਾ ਰਹੀ ਹੈ ਭਾਜਪਾ
ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਫਰਵਰੀ:
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦਾ ਰਾਸ਼ਟਰਵਾਦ ਨਕਲੀ ਹੈ। ਜੋ ਅੰਗਰੇਜ਼ਾਂ ਫੁੱਟ ਪਾਓ ਅਤੇ ਰਾਜ ਕਰੋ ਦੀ ਨੀਤੀ ਤੇ ਚੱਲਦਾ ਹੈ। ਲੰਮੇ ਸਮੇਂ ਬਾਅਦ ਆਪਣੀ ਚੁੱਪੀ ਤੋੜਦਿਆਂ ਡਾ. ਮਨਮੋਹਨ ਸਿੰਘ ਨੇ ਇੱਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਕਾਂਗਰਸ ਨੇ ਸਿਆਸੀ ਲਾਭ ਲਈ ਕਦੇ ਦੇਸ਼ ਨੂੰ ਨਹੀਂ ਵੰਡਿਆ ਨਾ ਹੀ ਸੱਚ ਲੁਕਾਇਆ। ਕੇੱਦਰ ਸਰਕਾਰ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਭਾਜਪਾ ਪਿਛਲੇ 7 ਸਾਲਾਂ ਤੋਂ ਵਧ ਸਮੇਂ ਤੋਂ ਸੱਤਾ ਵਿੱਚ ਹੈ ਪਰ ਲੋਕਾਂ ਦੀਆਂ ਸਮੱਸਿਆਵਾਂ ਲਈ ਉਹ ਹਾਲੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦੋਸ਼ੀ ਠਹਿਰਾ ਰਹੀ ਹੈ।
ਡਾ. ਮਨਮੋਹਨ ਸਿੰਘ ਨੇ ਕਿਸਾਨ ਅੰਦੋਲਨ, ਵਿਦੇਸ਼ ਨੀਤੀ, ਮਹਿੰਗਾਈ ਅਤੇ ਬੇਰੁਜ਼ਗਾਰੀ ਸਮੇਤ ਕਈ ਮਾਮਲਿਆਂ ਨੂੰ ਲੈ ਕੇ ਕੇਂਦਰ ਦੀ ਕਾਰਗੁਜਾਰੀ ਤੇ ਸਵਾਲ ਚੁੱਕੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਇੱਕ ਪਾਸੇ ਦੇਸ਼ ਮਹਿੰਗਾਈ ਅਤੇ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ ਤਾਂ ਦੂਜੇ ਪਾਸੇ ਪਿਛਲੇ ਸਾਢੇ 7 ਸਾਲਾਂ ਤੋਂ ਪਹਿਲੇ ਸੱਤਾ ਤੇ ਕਾਬਿਜ਼ ਮੌਜੂਦਾ ਸਰਕਾਰ ਆਪਣੀਆਂ ਗਲਤੀਆਂ ਸਵੀਕਾਰ ਕਰਨ ਅਤੇ ਸੁਧਾਰ ਕਰਨ ਦੀ ਬਜਾਏ, ਲੋਕਾਂ ਦੀਆਂ ਸਮੱਸਿਆਵਾਂ ਲਈ ਹਾਲੇ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਨੂੰ ਦੋਸ਼ੀ ਠਹਿਰਾ ਰਹੀ ਹੈ। ਭਾਜਪਾ ਗਲਤੀਆਂ ਲਈ ਮੁਆਫ਼ੀ ਨਹੀਂ ਮੰਗ ਰਹੀ ਹੈ।
ਡਾ ਮਨਮੋਹਨ ਸਿੰਘ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਨਾਮ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਵੀ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਪੰਜਾਬ ਦੇ ਲੋਕਾਂ ਦੀ ਬਹਾਦਰੀ ਦੇਸ਼ਭਗਤੀ ਅਤੇ ਬਲੀਦਾਨ ਨੂੰ ਸਲਾਮ ਕਰਦੀ ਹੈ ਪਰ ਰਾਸਟਰੀ ਜਨਤਾਂਤਰਿਕ ਗਠਜੋੜ (ਰਾਜਗ) ਸਰਕਾਰ ਇਸ ਬਾਰੇ ਗੱਲ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਸੰਬੰਧ ਰੱਖਣ ਵਾਲਾ ਇੱਕ ਸੱਚਾ ਭਾਰਤੀ ਹੋਣ ਦੇ ਨਾਤੇ, ਇਹ ਸਾਰੀਆਂ ਗੱਲਾਂ ਮੈਨੂੰ ਬਹੁਤ ਦੁਖ਼ੀ ਕਰਦੀਆਂ ਹਨ।
ਮਨਮੋਹਨ ਸਿੰਘ ਨੇ ਕਿਹਾ ਕਿ ਚੋਣਾਵੀ ਮਾਹੌਲ ਵਿੱਚ ਪੰਜਾਬ ਦੀ ਜਨਤਾ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਮੁਕਾਬਲਾ ਠੀਕ ਤਰੀਕੇ ਨਾਲ ਕਰਨਾ ਜ਼ਰੂਰੀ ਹੈ। ਕਾਂਗਰਸ ਹੀ ਪੰਜਾਬ ਵਿੱਚ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਬੇਰੁਜ਼ਗਾਰੀ ਨੂੰ ਦੂਰ ਕਰ ਸਕਦੀ ਹੈ। ਪੰਜਾਬ ਦੇ ਵੋਟਰਾਂ ਨੂੰ ਇਸ ਗੱਲ ਦਾ ਧਿਆਨ ਜ਼ਰੂਰ ਰੱਖਣਾ ਚਾਹੀਦਾ ਹੈ। ਸਾਬਕਾ ਪੀ. ਐੱਮ. ਨੇ ਕਿਹਾ ਕਿ ਭਾਰਤ ਅੱਜ ਇੱਕ ਅਹਿਮ ਮੋੜ ਤੇ ਖੜ੍ਹਾ ਹੈ। ਮੇਰੀ ਵੱਡੀ ਇੱਛਾ ਸੀ ਕਿ ਮੈਂ ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼, ਗੋਆ ਅਤੇ ਮਣੀਪੁਰ ਦੇ ਭਰਾ-ਭੈਣਾਂ ਨਾਲ ਦੇਸ਼ ਅਤੇ ਸੂਬੇ ਦੇ ਹਾਲਾਤ ਬਾਰੇ ਚਰਚਾ ਕਰਾਂ ਪਰ ਡਾਕਟਰਾਂ ਦੀ ਸਲਾਹ ਕਾਰਨ ਇਸੇ ਤਰ੍ਹਾਂ ਸੰਬੋਧਨ ਕਰ ਰਿਹਾ ਹਾਂ।