
ਸੀਜੀਸੀ ਕਾਲਜ ਲਾਂਡਰਾਂ ਵਿੱਚ ਚੌਥਾ ਕੋਵਿਡ ਟੀਕਾਕਰਨ ਕੈਂਪ ਲਾਇਆ
ਸੀਜੀਸੀ ਗਰੁੱਪ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦੀ ਸੁਰੱਖਿਆ ਲਈ ਵਚਨਬੱਧ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਚੰਡੀਗੜ੍ਹ ਗਰੱੁਪ ਆਫ਼ ਕਾਲਜਿਜ਼ (ਸੀਜੀਸੀ) ਵੱਲੋਂ ਸਰਕਾਰੀ ਹਸਪਤਾਲ ਅਤੇ ਐਸਡੀਐਮ ਹਰਬੰਸ ਸਿੰਘ ਦੇ ਸਹਿਯੋਗ ਨਾਲ ਅੱਜ ਲਾਂਡਰਾਂ ਕੈਂਪਸ ਵਿਖੇ ਚੌਥਾ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਜਾਣਕਾਰੀ ਅਨੁਸਾਰ ਕਰੋਨਾਵਾਇਰਸ ਸਬੰਧੀ ਸਥਿਤੀ ਸਥਿਰ ਹੋਣ ਤੋਂ ਬਾਅਦ ਬੀਤੀ 18 ਅਕਤੂਬਰ ਤੋਂ ਮੁੜ ਕਾਲਜਾਂ ਦੇ ਬੂਹੇ ਖੋਲ੍ਹ ਦਿੱਤੇ ਗਏ ਹਨ। ਵਿਦਿਆਰਥੀਆਂ ਦੇ ਕਾਲਜ ਵਿੱਚ ਆਉਣ ’ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੀਜੀਸੀ ਗਰੁੱਪ ਵੱਲੋਂ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਦਾ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਦਾ ਬੀੜਾ ਚੁੱਕਿਆ ਹੈ।
ਸੀਜੀਸੀ ਦੇ ਬੁਲਾਰੇ ਨੇ ਦੱਸਿਆ ਕਿ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਕੋਵਿਡ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਅਸਰ ਨਹੀਂ ਪੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲਾਂਕਿ ਸ਼ਹਿਰ ਵਿੱਚ ਕਰੋਨਾ ਮਹਾਮਾਰੀ ਦੇ ਕੇਸਾਂ ਦੀ ਗਿਣਤੀ ਕਾਫ਼ੀ ਹੱਦ ਤੱਕ ਘੱਟ ਗਈ ਹੈ ਪ੍ਰੰਤੂ ਫਿਰ ਵੀ ਕਾਲਜ ਮੈਨੇਜਮੈਂਟ ਆਪਣੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਅਤੇ ਭਲਾਈ ਲਈ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ ਹੈ।