Share on Facebook Share on Twitter Share on Google+ Share on Pinterest Share on Linkedin ਵਿਵਾਦਿਤ ਕਿਤਾਬ: ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਕਮੇਟੀ ਮੁਖੀ ਪ੍ਰੋ. ਕ੍ਰਿਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੇ ਜਾਂਚ ਅਧਿਕਾਰੀ ਕੋਲ ਬਿਆਨ ਦਰਜ ਕਰਵਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਕਿਤਾਬ ’ਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਕੁੱਝ ਅਹਿਮ ਚੈਪਟਰ ਗਾਇਬ ਹੋਣ ਦਾ ਮਾਮਲਾ ਮੁੜ ਤੋਂ ਭਖ ਗਿਆ ਹੈ। ਇਸ ਸਬੰਧੀ ਯੂਨਾਈਟਿਡ ਸਿੱਖ ਪਾਰਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਨੇ ਮੁਹਾਲੀ ਵਿੱਚ ਜਾਂਚ ਅਧਿਕਾਰੀ ਅੱਗੇ ਪੇਸ਼ ਹੋ ਕੇ ਨਿੱਜੀ ਤੌਰ ’ਤੇ ਆਪਣੇ ਬਿਆਨ ਦਰਜ ਕਰਵਾਏ ਅਤੇ ਇਸ ਬਜਰ ਗਲਤੀ ਲਈ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਅਤੇ ਕਿਤਾਬ ਸਬੰਧੀ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਵਿਸ਼ੇਸ਼ ਕਮੇਟੀ ਦੇ ਮੁਖੀ ਪ੍ਰੋ. ਕ੍ਰਿਪਾਲ ਸਿੰਘ ਦੇ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਭਾਈ ਜਸਵਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਇਤਿਹਾਸ ਦੀ ਵਿਵਾਦਿਤ ਕਿਤਾਬ ਸਬੰਧੀ ਪਟਿਆਲਾ ਦੇ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਜਿਨ੍ਹਾਂ ਨੇ ਸਿੱਖ ਆਗੂ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਕਰਨ ਤੋਂ ਪੱਲਾ ਝਾੜਦਿਆਂ ਇਹ ਕੇਸ ਮੁਹਾਲੀ ਪੁਲੀਸ ਦੇ ਸਪੁਰਦ ਕਰ ਦਿੱਤਾ। ਉਧਰ, ਇਸ ਮਾਮਲੇ ਦੀ ਜਾਂਚ ਕਰ ਰਹੇ ਮੁਹਾਲੀ ਦੇ ਐਸਪੀ (ਸਿਟੀ) ਜਸਕਿਰਨਜੀਤ ਸਿੰਘ ਤੇਜਾ ਦੇ ਦਫ਼ਤਰੀ ਸਟਾਫ਼ ਵੱਲੋਂ ਸ਼ਿਕਾਇਤ ਕਰਤਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਜ਼ਿਲ੍ਹਾ ਪੁਲੀਸ ਹੈੱਡਕਵਾਟਰ ’ਤੇ ਸੱਦਿਆ ਗਿਆ। ਭਾਈ ਜਸਵਿੰਦਰ ਸਿੰਘ ਨੇ ਐਸਪੀ ਸਿਟੀ ਮੁਹਾਲੀ ਦੇ ਦਫ਼ਤਰ ਵਿੱਚ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਅਤੇ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਇਤਿਹਾਸਕ ਪ੍ਰੋ. ਕ੍ਰਿਪਾਲ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। ਭਾਈ ਜਸਵਿੰਦਰ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦਾ ਪਾਠਕ੍ਰਮ ਵੈਬਸਾਈਟ ਉੱਤੇ ਪਾਇਆ ਗਿਆ ਸੀ। ਜਿਸ ਦਾ ਸਿੱਖ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ ਕਿਉਂਕਿ ਉਕਤ ਕਿਤਾਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੂੰ ਲੁੱਟਮਾਰ ਕਰਨ ਵਾਲਾ ਲਿਖਿਆ ਗਿਆ ਸੀ ਅਤੇ ਹੋਰ ਗੁਰੂ ਸਾਹਿਬਾਨ ਬਾਰੇ ਵੀ ਘਟੀਆ ਦਰਜੇ ਦੀ ਸ਼ਬਦਾਵਲੀ ਵਰਤੀ ਗਈ ਸੀ। ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਕਾਫੀ ਠੇਸ ਪਹੁੰਚੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪਟਿਆਲਾ ਦੇ ਐਸਐਸਪੀ ਨੂੰ ਸ਼ਿਕਾਇਤ ਦੇ ਕੇ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਅਤੇ ਇਤਿਹਾਸਕਾਰ ਪ੍ਰੋ. ਕ੍ਰਿਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਲੇਕਿਨ ਪਟਿਆਲਾ ਪੁਲੀਸ ਮੁਖੀ ਨੇ ਉਨ੍ਹਾਂ ਦੀ ਇਹ ਸ਼ਿਕਾਇਤ ਮੁਹਾਲੀ ਪੁਲੀਸ ਕੋਲ ਭੇਜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਪਰੈਲ ਦੇ ਅਖੀਰਲੇ ਹਫ਼ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਕਿਤਾਬ ’ਚੋਂ ਸਿੱਖ ਗੁਰੂਆਂ ਅਤੇ ਪੰਜਾਬ ਦੇ ਇਤਿਹਾਸ ਨਾਲ ਸਬੰਧਤ ਕੁੱਝ ਅਹਿਮ ਚੈਪਟਰ ਗਾਇਬ ਹੋਣ ਦਾ ਮਾਮਲਾ ਚੁੱਕਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਕਾਫੀ ਭਖ ਗਿਆ ਸੀ ਅਤੇ ਸਰਕਾਰ ਦੀ ਬਦਨਾਮੀ ਹੋਣ ਕਾਰਨ ਮੁੱਖ ਮੰਤਰੀ ਵੱਲੋਂ ਪ੍ਰੋ. ਕ੍ਰਿਪਾਲ ਸਿੰਘ ਦੀ ਅਗਵਾਈ ਹੇਠ ਛੇ ਮੈਂਬਰ ਵਿਸ਼ੇਸ਼ ਕਮੇਟੀ ਬਣਾਈ ਗਈ ਸੀ। ਹਾਲਾਂਕਿ ਪਿਛਲੇ ਕਾਫੀ ਦਿਨਾਂ ਤੋਂ ਇਹ ਮਾਮਲਾ ਬਿਲਕੁਲ ਠੰਢਾ ਹੋ ਗਿਆ ਸੀ ਲੇਕਿਨ ਹੁਣ ਸਿੱਖ ਆਗੂ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਫਿਰ ਤੋਂ ਭਖ ਗਿਆ ਹੈ। (ਬਾਕਸ ਆਈਟਮ) ਮੁਹਾਲੀ ਦੇ ਐਸਪੀ (ਸਿਟੀ) ਜਸਕਿਰਨਜੀਤ ਸਿੰਘ ਤੇਜਾ ਨੇ ਵਿਵਾਦਿਤ ਕਿਤਾਬ ਸਬੰਧੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਚਾਇਤ ਚੋਣਾਂ ਤੋਂ ਬਾਅਦ ਇਸ ਸਬੰਧੀ ਡੀਏ ਲੀਗਲ ਦੀ ਰਾਇ ਲਈ ਜਾਵੇਗੀ ਅਤੇ ਸਾਈਬਰ ਸੈੱਲ ਨਾਲ ਵੀ ਮਾਮਲਾ ਵਿਚਾਰਿਆ ਜਾਵੇਗਾ। ਸ਼ਿਕਾਇਤ ਕਰਤਾ ਦੇ ਬਿਆਨ ਦਰਜ ਕਰਨ ਤੋਂ ਅਗਲੀ ਕਾਰਵਾਈ ਬਾਰੇ ਪੁੱਛੇ ਜਾਣ ’ਤੇ ਜਾਂਚ ਅਧਿਕਾਰੀ ਨੇ ਕਿਹਾ ਕਿ ਹਾਲੇ ਬੀਤੇ ਕੱਲ੍ਹ ਹੀ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ। ਫਿਲਹਾਲ ਪੁਲੀਸ ਦਾ ਸਾਰਾ ਧਿਆਨ ਪੰਚਾਇਤ ਚੋਣਾਂ ਸਬੰਧੀ ਸੁਰੱਖਿਆ ਇੰਤਜਾਮ ਕਰਨ ’ਤੇ ਲੱਗਿਆ ਹੋਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ