Nabaz-e-punjab.com

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਿਆਰੀਆਂ ਤੇ ਅਗਾਊਂ ਪ੍ਰਬੰਧਾਂ ਦੀ ਸਮੀਖਿਆ

ਪ੍ਰੀਖਿਆਵਾਂ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ, ਨਵੇਂ ਸਾਲ 2019 ਦੇ ਦੋ ਕੈਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ-ਦਫ਼ਤਰ ਵਿੱਚ ਅਗਾਮੀਂ ਪ੍ਰੀਖਿਆਵਾਂ ਲਈ ਵੱਖ-ਵੱਖ ਜ਼ਿਲ੍ਹਿਆਂ ਲਈ ਲਗਾਏ ਗਏ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੀ ਕਲੋਹੀਆ ਨੇ ਹਾਜ਼ਰ ਨੋਡਲ ਅਫ਼ਸਰਾਂ ਤੋਂ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਸਾਲਾਨਾ ਪ੍ਰੀਖਿਆਵਾਂ ਲਈ ਕੀਤੇ ਜਾ ਰਹੇ ਇੰਤਜ਼ਾਮਾਂ ਦੀ ਰਿਪੋਰਟ ਲਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਮੀਟਿੰਗ ਵਿੱਚ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਪ੍ਰੀਖਿਆਵਾਂ ਤੋਂ ਬਾਅਦ ਕਿਸੇ ਵੀ ਵਿਦਿਆਰਥੀ ਦਾ ਨਤੀਜਾ ਲੇਟ ਨਾ ਹੋਵੇ ਅਤੇ ਇਸ ਲਈ ਲੋੜੀਂਦੀ ਤਿਆਰੀ ਸਮਾਂ ਰਹਿੰਦੇ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪ੍ਰੀਖਿਆਵਾਂ ਦੀ ਤਿਆਰੀ ਲਈ ਡਿੱਪੂਆਂ ਅਤੇ ਮਾਰਕਿੰਗ ਸੈਂਟਰਾਂ ਵਿੱਚ ਪਿਛਲੇ ਸਾਲ ਦਾ ਰੱਦੀ ਸਟਾਕ ਜਲਦੀ ਤੋਂ ਜਲਦੀ ਚੁੱਕਿਆ ਜਾਵੇ ਅਤੇ ਨਵੇਂ ਸਾਲ ਦੀ ਪ੍ਰੀਖਿਆਵਾਂ ਲਈ ਇੰਤਜ਼ਾਮ ਮੁਕੰਮਲ ਕੀਤੇ ਜਾਣ। ਉਨ੍ਹਾਂ ਨਕਲ ਸਬੰਧੀ ਸੰਵੇਦਨਸ਼ੀਲ ਪ੍ਰੀਖਿਆ ਕੇਂਦਰਾਂ ਦੀ ਰਿਪੋਰਟ ਵੀ ਮੰਗੀ ਅਤੇ ਇਸ ਸਾਲ ਨਕਲ ਨੂੰ ਰੋਕਣ ਅਤੇ ਸ਼ਾਂਤੀਮਈ ਪ੍ਰੀਖਿਆਵਾਂ ਕਰਵਾਉਣ ਲਈ ਵਿਸ਼ੇਸ਼ ਨਕਲ ਰੋਕੂ ਦਸਤੇ ਪ੍ਰੀਖਿਆ ਕੇਦਰਾਂ ਵਿੱਚ ਭੇਜਣ ਲਈ ਕਿਹਾ।
ਇਸ ਮੌਕੇ ਚੇਅਰਮੈਨ ਸ੍ਰੀ ਕਲੋਹੀਆ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਿੱਖਿਆ ਬੋਰਡ ਅਨੁਸੂਚਿਤ ਜਾਤੀ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਨਵੇਂ ਸਾਲ 2019 ਦੇ ਵੱਖ ਵੱਖ ਕੈਲੰਡਰ ਵੀ ਜਾਰੀ ਕੀਤੇ ਗਏ। ਇਸ ਮੌਕੇ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ, ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ, ਸਿੱਖਿਆ ਬੋਰਡ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਰਾੜ, ਅਨੁਸੂਚਿਤ ਜਾਤੀ ਕਰਮਚਾਰੀ ਭਲਾਈ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…