
ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਨੂੰ ਮਿਲ ਕੇ ਮੌਕੇ ’ਤੇ ਹੱਲ ਕਰਵਾਈਆਂ ਸਮੱਸਿਆਵਾਂ
ਸਰਕਾਰੀ ਦਫ਼ਤਰਾਂ ਵਿੱਚ ਆਮ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ: ਸ਼ਰਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਅੱਜ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮਿਲ ਕੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਕੇ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਅਤੇ ਪੇਂਡੂ ਤੇ ਪੰਚਾਇਤ ਵਿਕਾਸ ਵਿਭਾਗ ਦੇ ਦਫ਼ਤਰ ਵਿਚ ਜਾ ਕੇ ਲੋਕਾਂ ਦੇ ਬਕਾਇਆ ਕੰਮਾਂ ਦਾ ਨਿਪਟਾਰਾ ਕਰਵਾਇਆ, ਜਿਸ ਸਬੰਧੀ ਲੋਕਾਂ ਨੇ ਉਨ੍ਹਾਂ ਦਾ ਉਚੇਚੇ ਤੌਰ ਉਤੇ ਧੰਨਵਾਦ ਕੀਤਾ।
ਇਸ ਮੌਕੇ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਮਾਹੌਲ ਮੁਹੱਈਆ ਕਰਵਾ ਰਹੀ ਹੈ। ਇਸ ਦੇ ਨਾਲ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕ ਜਿਹੜੇ ਵੀ ਕੰਮਾਂ ਲਈ ਸਰਕਾਰੀ ਦਫ਼ਤਰਾਂ ਤੱਕ ਪਹੁੰਚ ਕਰਦੇ ਹਨ, ਉਹ ਫੌਰੀ ਮੁਕੰਮਲ ਹੋਣ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਆਖਿਆ ਕਿ ਜੇ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰੇਗਾ ਜਾਂ ਕਿਸੇ ਵੀ ਢੰਗ ਨਾਲ ਲੋਕਾਂ ਨੂੰ ਪ੍ਰੇਸ਼ਾਨ ਕਰੇਗਾ, ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੱਛਲੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਹਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ, ਜਿਸ ਲਈ ਸਰਕਾਰ ਬਹੁਤ ਹੀ ਮਿਹਨਤ ਅਤੇ ਸੂਝਬੂਝ ਨਾਲ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਨੂੰ ਮੁੜ ਅੱਵਲ ਦਰਜੇ ਦਾ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।