ਚੇਅਰਮੈਨ ਮੱਛਲੀ ਕਲਾਂ ਨੇ ਭਾਗੋਮਾਜਰਾ ਮੰਡੀ ਵਿੱਚ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਮੌਸਮ ਦੀ ਬੇਰੁਖ਼ੀ ਦੇ ਮੱਦੇਨਜ਼ਰ ਬੋਰੀਆਂ ਦੀ ਲਿਫ਼ਟਿੰਗ ਨਾਲੋ ਨਾਲ ਕਰਨ ਦੀਆਂ ਹਦਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਭਾਗੋਮਾਜਰਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਦੀਆਂ ਬੋਰੀਆਂ ਦੇ ਵਜ਼ਨ ਦੀ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਸਮ ਦੀ ਬੇਰੁਖ਼ੀ ਨੂੰ ਦੇਖਦੇ ਹੋਏ ਖਰੀਦੀ ਗਈ ਫਸਲ ਦੀ ਨਾਲੋ ਨਾਲੋ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਮੇਂ ਸਿਰ ਅਨਾਜ ਨੂੰ ਸੰਭਾਲਿਆ ਜਾ ਸਕੇ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਭਾਗੋਮਾਜਰਾ ਖ਼ਰੀਦ ਕੇਂਦਰ ਵਿੱਚ 1829 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਜਿਸ ’ਚੋਂ 1600 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀਆਂ ਬੋਰੀਆਂ ਦਾ ਵਜ਼ਨ ਬਿਲਕੁਲ ਸਹੀ ਸੀ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀ ਪਨਸਪ ਵੱਲੋਂ 7 ਮਈ ਤੱਕ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਅਦਾਇਗੀ ਵੀ ਜਲਦੀ ਕੀਤੀ ਜਾਵੇਗੀ।
ਉਨ੍ਹਾਂ ਕਣਕ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਦੇ ਸੁਚਾਰੂ ਪ੍ਰਬੰਧਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਕਰੋਨਾਵਾਇਰਸ’ ਦੀ ਮਹਾਮਾਰੀ ਫੈਲਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਬਹੁਤ ਹੀ ਸੁਚੱਜੇ, ਯੋਜਨਾਬੱਧ ਤੇ ਸਮਾਂਬੱਧ ਤਰੀਕੇ ਨਾਲ ਕਣਕ ਦੀ ਖ਼ਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ ਮੰਡੀ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਬਿਮਾਰੀ ਕਾਰਨ ਕਣਕ ਦੀ ਖ਼ਰੀਦ ਤੇ ਚੁਕਾਈ ਦੇ ਪ੍ਰਬੰਧ ਕਰਨਾ ਵੱਡੀ ਚੁਨੌਤੀ ਤੋਂ ਘੱਟ ਨਹੀਂ ਸੀ ਪਰ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਨਾਲ ਸਮੁੱਚੇ ਸੂਬੇ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਢੰਗ ਨਾਲ ਹੋ ਰਹੀ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੀ ਸਕੱਤਰ ਅਰਚਨਾ ਬਾਂਸਲ, ਸੁਪਰਵਾਈਜ਼ਰ ਹਰਪਾਲ ਸਿੰਘ, ਪਨਸਪ ਦੇ ਇੰਸਪੈਕਟਰ ਬਿਕਰਮਜੀਤ ਸਿੰਘ ਅਤੇ ਆੜ੍ਹਤੀ ਮੋਹਨ ਲਾਲ, ਪਰਮਜੀਤ ਸਿੰਘ ਪਾਸੀ ਆੜ੍ਹਤੀ, ਕੁਲਵਿੰਦਰ ਸਿੰਘ ਆਕਸ਼ਨ ਰਿਕਾਰਡਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…