
ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਸ਼ਰਮਾ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਮੰਡੀਆਂ ਵਿੱਚ ਝੋਨਾ ਲੈ ਕੇ ਪੁੱਜੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ: ਸ਼ਰਮਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਨੇ ਅੱਜ ਕਸਬਾ ਸਨੇਟਾ ਵਿਖੇ ਸੀਜ਼ਨਲ ਖ਼ਰੀਦ ਕੇਂਦਰ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਚੇਅਰਮੈਨ ਨੇ ਖ਼ਰੀਦ ਏਜੰਸੀ ਪਨਸਪ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੁਰਾ ਸਹਿਯੋਗ ਦੇਣ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਮੂਹ ਅਨਾਜ ਮੰਡੀਆਂ ਅਤੇ ਸੀਜ਼ਨਲ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਨਾਲੋ-ਨਾਲ ਖਾਤਿਆਂ ਵਿੱਚ ਸਿੱਧੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਅਤੇ ਅਦਾਇਗੀ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਨੇਟਾ ਖ਼ਰੀਦ ਕੇਂਦਰ ਵਿੱਚ ਹੁਣ ਤੱਕ ਲਗਭਗ 3739.50 ਕੁਇੰਟਲ ਝੋਨਾ ਖ਼ਰੀਦਿਆਂ ਜਾ ਚੱੁਕਾ ਹੈ। ਇਸ ਮੌਕੇ ਆੜ੍ਹਤੀ ਸੁਰਿੰਦਰ ਅਗਰਵਾਲ, ਰਾਜਨ ਦਿਲਾਵਰੀ, ਪਨਸਪ ਦੇ ਇੰਸਪੈਕਟਰ ਪ੍ਰਭਪਾਲ ਸਿੰਘ, ਆਕਸ਼ਨ ਰਿਕਾਰਡਰ ਕੁਲਵਿੰਦਰ ਸਿੰਘ, ਅਮਰਜੀਤ ਸਿੰਘ ਲਖਨੌਰ, ਚਮਨ ਲਾਲ ਸਮੇਤ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਮੁਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1 ਲੱਖ 69 ਹਜ਼ਾਰ 697 ਮੀਟਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ, ਪਨਸਪ, ਮਾਰਕਫੈੱਡ ਅਤੇ ਐਫ਼ਸੀਆਈ ਆਦਿ ਏਜੰਸੀਆਂ ਵੱਲੋਂ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਮੀ ਰਹਿਤ ਅਨਾਜ ਹੀ ਮੰਡੀ ਵਿੱਚ ਲਿਆਉਣ ਅਤੇ ਝੋਨਾ ਕੱਟਣ ਤੋਂ ਬਾਅਦ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਸਾੜਨ ਤੋਂ ਗੁਰੇਜ਼ ਕੀਤਾ ਜਾਵੇ ਕਿਉਂਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਵਿਚਲੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।