
ਮੁਲਤਾਨੀ ਕੇਸ: ਮੁਹਾਲੀ ਅਦਾਲਤ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼
ਸਾਬਕਾ ਡੀਜੀਪੀ ਨੂੰ 22 ਜਨਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਪੰਜਾਬ ਦੇ ਸੇਵਾਮੁਕਤ ਸੀਨੀਅਰ ਆਈਏਐਸ ਅਧਿਕਾਰੀ ਦੇ ਸਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਅਤੇ ਕਥਿਤ ਤੌਰ ’ਤੇ ਕਤਲ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖ਼ਿਲਾਫ਼ ਪੁਲੀਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਸੈਣੀ ਦੇ ਖ਼ਿਲਾਫ਼ 500 ਤੋਂ ਵੱਧ ਪੰਨਿਆਂ ਦੇ ਇਸ ਚਲਾਨ ਵਿੱਚ ਸਿੱਟ ਨੇ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਅਦਾਲਤ ਨੇ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰਕੇ 22 ਜਨਵਰੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣ ਲਈ ਵੀ ਕਿਹਾ ਹੈ। ਚਲਾਨ ਨਾਲ 45 ਗਵਾਹਾਂ ਦੀ ਸੂਚੀ ਵੀ ਨੱਥੀ ਹੈ।
ਇਸ ਸਬੰਧੀ ਪੀੜਤ ਪਰਿਵਾਰ ਦੇ ਮੈਂਬਰ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ ’ਤੇ ਮਟੌਰ ਥਾਣੇ ਵਿੱਚ ਧਾਰਾ 364 (ਕਤਲ ਦੇ ਇਰਾਦੇ ਨਾਲ ਅਗਵਾ ਕਰਨਾ), 201 (ਸਬੂਤਾਂ ਨੂੰ ਗਾਇਬ ਕਰਨਾ), 344 (ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖਣਾ) 330 (ਦਬਾਅ ਬਣਾ ਕੇ ਇਕਬਾਲੀਆ ਬਿਆਨ ਲੈਣਾ) ਅਤੇ 120-ਬੀ (ਅਪਰਾਧਿਕ ਸਾਜ਼ਿਸ਼ ਰਚਨਾ) ਤਹਿਤ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਬਾਅਦ ਵਿੱਚ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਦੀ ਅਪੀਲ ’ਤੇ ਅਦਾਲਤ ਦੇ ਹੁਕਮਾਂ ’ਤੇ ਸੈਣੀ ਖ਼ਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਗਿਆ ਸੀ। ਚਾਰ ਹੋਰ ਮੁਲਜ਼ਮਾਂ ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੌਖ ਸਿੰਘ (65) ਵਾਸੀ ਸੈਕਟਰ-21 ਅਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਚਾਰੇ ਮੁਲਜ਼ਮ ਯੂਟੀ ਪੁਲੀਸ ’ਚੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹਨ ਅਤੇ ਚੰਡੀਗੜ੍ਹ ਵਿੱਚ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਚਹੇਤੇ ਸਨ। ਸਾਬਕਾ ਡੀਜੀਪੀ ਸੈਣੀ ਸਮੇਤ ਉਕਤ ਸਾਰੇ ਮੁਲਜ਼ਮ ਇਸ ਸਮੇਂ ਜ਼ਮਾਨਤ ’ਤੇ ਹਨ। ਬਾਅਦ ਵਿੱਚ ਇਨ੍ਹਾਂ ’ਚੋਂ ਤਿੰਨ ਸਾਬਕਾ ਇੰਸਪੈਕਟਰ ਵਾਅਦਾ ਮੁਆਫ਼ ਗਵਾਹ ਬਣ ਗਏ ਸੀ।
ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 3 ਦਸੰਬਰ ਨੂੰ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ਦੀ ਅਗਵਾਈ ਵਾਲੀ ਬੈਂਚ ਨੇ ਸਾਬਕਾ ਡੀਜੀਪੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਧਾਰਾ 302 ਵਿੱਚ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਗਈ ਸੀ ਅਤੇ ਉਸ ਨੂੰ ਆਪਣਾ ਪਾਸਪੋਰਟ ਥਾਣੇ ਵਿੱਚ ਜਮ੍ਹਾ ਕਰਵਾਉਣ ਦੇ ਨਾਲ-ਨਾਲ ਜਾਂਚ ਵਿੱਚ ਪੁਲੀਸ ਨੂੰ ਸਹਿਯੋਗ ਕਰਨ ਅਤੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਸੀ। ਨਾਲ ਹੀ ਸੈਣੀ ਨੂੰ ਇਕ ਲੱਖ ਰੁਪਏ ਦਾ ਨਿੱਜੀ ਮੁਚੱਲਕਾ ਅਤੇ ਐਨੀ ਹੀ ਰਕਮ ਦੇ ਦੋ ਜ਼ਮਾਨਤੀ ਬਾਂਡ ਭਰਨ ਕਰਨ ਲਈ ਕਿਹਾ ਗਿਆ ਸੀ।