ਖਾਦਾਂ ਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਚੋਰੀ ਮਾਮਲੇ ਵਿੱਚ ਹੁਣ ਤੱਕ ਪੇਸ਼ ਨਹੀਂ ਕੀਤਾ ਚਲਾਨ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦਾ ਵਫ਼ਦ ਵਿਜੀਲੈਂਸ ਬਿਊਰੋ ਦੇ ਮੁਖੀ ਨੂੰ ਮਿਲਿਆ
ਆਈਜੀ ਸਿਨਹਾ ਨਾਲ ਵੀ ਕੀਤੀ ਮੁਲਾਕਾਤ, ਮੁਲਜ਼ਮ ਖ਼ਿਲਾਫ਼ ਚਲਾਨ ਜਲਦੀ ਪੇਸ਼ ਕਰਨ ਦਾ ਭਰੋਸਾ ਦਿੱਤਾ
ਨਬਜ਼-ਏ-ਪੰਜਾਬ, ਮੁਹਾਲੀ, 5 ਫਰਵਰੀ:
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਦੇ ਤਹਿਤ ਕਰੀਬ ਡੇਢ ਸਾਲ ਪਹਿਲਾਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਸੈਂਪਲ ਚੋਰੀ ਕਰਨ ਦੇ ਮਾਮਲੇ ਵਿੱਚ ਦਰਜ ਕੀਤੇ ਕੇਸ ਵਿੱਚ ਹਾਲੇ ਤੱਕ ਮੁਲਜ਼ਮ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਗਿਆ। ਸ਼ਿਕਾਇਤ ਕਰਤਾ ਜਥੇਬੰਦੀ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਅੱਜ ਇੱਕ ਵਫ਼ਦ ਨੇ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਖੇਤੀਬਾੜੀ ਵਿਭਾਗ ਦੇ ਇੱਕ ਭ੍ਰਿਸ਼ਟ ਅਧਿਕਾਰੀ ਵੱਲੋਂ ਖਾਦਾਂ ਅਤੇ ਕੀਟਨਾਸ਼ਕਾਂ ਦਵਾਈਆਂ ਦੇ ਸੈਂਪਲ ਚੋਰੀ ਕਰ ਲਏ ਸਨ ਅਤੇ ਕਿਸਾਨ ਜਥੇਬੰਦੀ ਦੀ ਸ਼ਿਕਾਇਤ ’ਤੇ 16 ਅਗਸਤ 2023 ਨੂੰ ਵਿਜੀਲੈਂਸ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਪਰਚਾ ਦਰਜ ਕੀਤਾ ਗਿਆ ਸੀ ਪ੍ਰੰਤੂ ਹੁਣ ਤੱਕ ਮੁਲਜ਼ਮ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਗਿਆ।
ਕਿਸਾਨਾਂ ਨੇ ਵਿਜੀਲੈਂਸ ਮੁਖੀ ਦੇ ਕਹਿਣ ’ਤੇ ਆਈਜੀ ਸਿਨਹਾ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੁੱਚੇ ਮਾਮਲੇ ਤੋਂ ਜਾਣੂ ਕਰਵਾਇਆ।
ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਵਿਜੀਲੈਂਸ ਮੁਖੀ ਨੇ ਸਖ਼ਤ ਨੋਟਿਸ ਲੈਂਦਿਆਂ ਵਿਜੀਲੈਂਸ ਦੇ ਡੀਐਸਪੀ ਤੋਂ ਤੁਰੰਤ ਰਿਪੋਰਟ ਮੰਗੀ ਗਈ ਅਤੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਵਿਭਾਗ ਭ੍ਰਿਸ਼ਟ ਅਧਿਕਾਰੀ ਵਿਰੁੱਧ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰਕੇ ਲੋੜੀਂਦੀ ਸ਼ਿਕਾਇਤ ਕਰਤਾ ਨਾਲ ਸਾਂਝੀ ਕੀਤੀ ਜਾਵੇਗੀ।
ਇਸ ਮੌਕੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੇ ਕਿਸਾਨ ਜਥੇਬੰਦੀ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟ ਵਿਰੁੱਧ ਵਿੱਢੀ ਮੁਹਿੰਮ ਵਿੱਚ ਚੌਕਸੀ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ ਕਿਉਂਕਿ ਕੋਈ ਮੁਹਿੰਮ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਫਲ ਨਹੀਂ ਹੋ ਸਕਦੀ। ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿੱਚ ਬੈਠੀਆਂ ਕੱੁਝ ਕਾਲੀਆਂ ਭੇਡਾਂ ਜਿੱਥੇ ਕਿਸਾਨ ਦੀ ਰਾਖੀ ਲਈ ਬਣਾਏ ਕਿਸਾਨ ਭਲਾਈ ਅਤੇ ਖੇਤੀਬਾੜੀ ਵਿਭਾਗ ਨੂੰ ਬਦਨਾਮ ਕਰ ਰਹੀਆਂ ਹਨ, ਉੱਥੇ ਨਕਲੀ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਕਾਲਾ-ਬਾਜ਼ਾਰੀ ਕਰਵਾ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ। ਉਨ੍ਹਾਂ ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ ਅਤੇ ਪ੍ਰੈਸ ਸਕੱਤਰ ਦਲਜੀਤ ਸਿੰਘ ਸੰਧੂ ਵੀ ਹਾਜ਼ਰ ਸਨ।