
ਮੁਹਾਲੀ ਪੁਲੀਸ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲੇ 62 ਲੋਕਾਂ ਦੇ ਚਲਾਨ
ਕਰੋਨਾਵਾਇਰਸ: ਮਾਸਕ ਨਾ ਪਹਿਨਣ ਵਾਲਿਆਂ ਵਿਰੁੱਧ ਸਖ਼ਤ ਹੋਇਆ ਮੁਹਾਲੀ ਪ੍ਰਸ਼ਾਸਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਕੋਵਿਡ-19 ਦੂਜੀ ਲਹਿਰ ਦੇ ਮੱਦੇਨਜ਼ਰ ਅਤੇ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਮਾਮਲੇ ਵਧਣ ਕਾਰਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ ਅਤੇ ਕੋਵਿਡ-19 ਪ੍ਰੋਟੋਕਾਲ ਅਤੇ ਨਿਯਮਾਂ ਦੀ ਉਲੰਘਣਾ ਕਾਰਨ ਵਾਲੇ ਵਿਅਕਤੀਆਂ ਦੇ ਚਲਾਨ ਅਤੇ ਸੈਂਪਲ ਲੈਣ ਦੀ ਕਾਰਵਾਈ ਆਰੰਭ ਦਿੱਤੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਅੱਜ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਸਮੇਤ ਹੋਰਨਾਂ ਜਨਤਕ ਥਾਵਾਂ ’ਤੇ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਅਤੇ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਕੋਵਿਡ ਨਿਯਮਾਂ ਦੀ ਉਲੰਘਣ ਕਰਨ ਵਾਲੇ 62 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਸ਼ਹਿਰ ਵਿੱਚ ਬਿਨਾਂ ਮਾਸਕ ਤੋਂ ਘੁੰਮ ਰਹੇ ਲੋਕਾਂ ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਸਨ, ਦੇ ਮੌਕੇ ’ਤੇ ਹੀ ਕਰੋਨਾ ਦੀ ਜਾਂਚ ਸਬੰਧੀ ਸੈਂਪਲ ਲਏ ਗਏ ਅਤੇ ਉਨ੍ਹਾਂ ਨੂੰ ਮਾਸਕ ਵਹੀ ਵੰਡੇ ਗਏ।
ਐਸਪੀ ਸ੍ਰੀ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਵਿੱਚ ਕਰੋਨਾ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਨੂੰ ਬਿਲਕੁਲ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲੀਸ ਕਰਮਚਾਰੀ ਜਿੱਥੇ ਆਮ ਸ਼ਹਿਰੀਆਂ ਨੂੰ ਕਰੋਨਾ ਮਹਾਮਾਰੀ ਦੀ ਲਾਗ ਤੋਂ ਬਚਨ ਲਈ ਜਾਗਰੂਕ ਕਰ ਰਹੇ ਹਨ, ਉੱਥੇ ਸਰਕਾਰ ਦੀਆਂ ਹਦਾਇਤਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਹੂਬਹੂ ਪਾਲਣਾ ਕਰਨ ਅਤੇ ਐਮਰਜੈਂਸੀ ਪੈਣ ’ਤੇ ਹੀ ਆਪਣੇ ਘਰਾਂ ਤੋਂ ਬਾਹਰ ਜਾਣ ਅਤੇ ਬਾਹਰ ਜਾਣ ਵੇਲੇ ਆਪਣੇ ਮੂੰਹ ’ਤੇ ਮਾਸਕ ਪਾਉਣਾ ਅਤੇ ਇਕ ਦੂਜੇ ਤੋਂ ਫਿਜ਼ੀਕਲ ਦੂਰੀ ਬਣਾ ਕੇ ਰੱਖਣ ਤਾਂ ਜੋ ਇਸ ਜਾਨਲੇਵਾ ਮਹਾਮਾਰੀ ਤੋਂ ਬਚਿਆ ਜਾ ਸਕੇ।