ਚੰਡੀਗੜ੍ਹ ਮੋਰਚਾ: ਕਿਸਾਨ ਆਗੂਾਂ ਦੀ ਫੜੋ-ਫੜੀ ਜਾਰੀ, ਕਈ ਆਗੂ ਹਾਊਸ ਅਰੈਸਟ ਕੀਤੇ
ਕਿਸਾਨਾਂ ਵੱਲੋਂ ਪਿੰਡ ਸਿਆਊ ਵਿੱਚ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ, ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਤੇ ਸਾਥੀਆਂ ਨੂੰ ਮੁਹਾਲੀ ਥਾਣੇ ’ਚ ਡੱਕਿਆ
ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ:
ਕਿਸਾਨੀ ਸੰਘਰਸ਼ ਅਤੇ ਮੰਗਾਂ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਆਹਮੋ-ਸਾਹਮਣੇ ਆ ਗਏ ਹਨ। ਐਸਕੇਐਸ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਨੂੰ ਤਾਰਪੀਡੋ ਕਰਨ ਲਈ ਸਰਕਾਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ’ਤੇ ਅੱਜ ਤੜਕੇ ਹੀ ਮੁਹਾਲੀ ਪੁਲੀਸ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਕਿਸਾਨਾਂ ਦੀ ਫੜੋ-ਫੜੀ ਜਾਰੀ ਹੈ ਅਤੇ ਕਾਫ਼ੀ ਕਿਸਾਨਾਂ ਨੂੰ ਘਰਾਂ ਵਿੱਚ ਹਾਊਸ ਅਰੈਸਟ ਕੀਤਾ ਗਿਆ ਹੈ। ਜਿਸ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ, ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਬਲਾਕ ਪ੍ਰਧਾਨ ਗੁਰਮੀਤ ਸਿੰਘ ਖੂੰਨੀਮਾਜਰਾ ਨੂੰ ਪੁਲੀਸ ਨੇ ਅੱਜ ਤੜਕੇ ਸਵੇਰੇ ਹੀ ਛਾਪੇਮਾਰੀ ਕਰਕੇ ਉਨ੍ਹਾਂ ਦੇ ਘਰਾਂ ’ਚੋਂ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂਕਿ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੂੰ ਪਿੰਡ ਸੋਹਾਣਾ ਸਥਿਤ ਘਰ ਵਿੱਚ ਹੀ ਹਾਊਸ ਅਰੈਸਟ ਕੀਤਾ ਗਿਆ ਹੈ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਨੇ ਉਨ੍ਹਾਂ ਦੇ ਘਰ ਦਸਤਕ ਦਿੱਤੀ ਲੇਕਿਨ ਉਹ ਪਹਿਲਾਂ ਹੀ ਫ਼ਰਾਰ ਹੋ ਗਿਆ ਸੀ। ਇੰਜ ਹੀ ਪੁਲੀਸ ਵੱਲੋਂ ਵਕੀਲਾਂ ਦੀ ਸਿਰਮੌਰ ਜਥੇਬੰਦੀ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਜਸਪਾਲ ਸਿੰਘ ਦੱਪਰ ਨੂੰ ਘਰਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਹ ਮੁਹਾਲੀ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਹਨ ਅਤੇ ਹਮੇਸ਼ਾ ਹੀ ਲੋਕਹਿੱਤ ਵਿੱਚ ਕੀਤੇ ਜਾਂਦੇ ਸੰਘਰਸ਼ਾਂ ਵਿੱਚ ਹਿੱਸਾ ਲੈਂਦੇ ਹਨ।
ਉਧਰ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਤੇ ਸਾਥੀਆਂ ਨੂੰ ਕਿਸਾਨ ਭਵਨ ਚੰਡੀਗੜ੍ਹ ’ਚੋਂ ਹਿਰਾਸਤ ਵਿੱਚ ਲੈ ਕੇ ਮੁਹਾਲੀ ਥਾਣੇ ਵਿੱਚ ਡੱਕਿਆ ਗਿਆ। ਇਸੇ ਦੌਰਾਨ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਦੀ ਅਗਵਾਈ ਹੇਠ ਪਿੰਡ ਸਿਆਊ ਵਿੱਚ ਕਿਸਾਨਾਂ ਦੀ ਫੜੋ-ਫੜੀ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲੀਸ ਤੰਤਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਧੱਕੇਸ਼ਾਹੀ ਦਾ ਭਲਕੇ ਮੂੰਹਾ ਤੋੜ ਜਵਾਬ ਦਿੱਤਾ ਜਾਵੇਗਾ ਅਤੇ ਮੁਹਾਲੀ ਜ਼ਿਲ੍ਹੇ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਕਾਫ਼ਲਿਆਂ ਦੇ ਰੂਪ ਵਿੱਚ ਚੰਡੀਗੜ੍ਹ ਵੱਲ ਕੂਚ ਕਰਨਗੇ ਅਤੇ ਜੇਕਰ ਪੁਲੀਸ ਨੇ ਕਿਸਾਨਾਂ ਦਾ ਰਾਹ ਰੋਕਣ ਦਾ ਯਤਨ ਕੀਤਾ ਤਾਂ ਜਿੱਥੇ ਪੁਲੀਸ ਰੋਕੇਗੀ, ਕਿਸਾਨ ਉੱਥੇ ਹੀ ਧਰਨਾ ਲਗਾ ਕੇ ਬੈਠ ਜਾਣਗੇ।
ਹਾਊਸ ਅਰੈਸਟ ਕੀਤੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕ੍ਰਾਂਤੀਕਾਰੀ ਅਤੇ ਧਰਨਿਆਂ ’ਚੋਂ ਉਪਜੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਜਿਸ ਦਾ ਹੁਕਮਰਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਖ਼ਮਿਆਜ਼ਾ ਭੁਗਤਨਾ ਪਵੇਗਾ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ ਪ੍ਰੰਤੂ ਸਰਕਾਰ ਨੇ ਕਿਸਾਨੀ ਸੰਘਰਸ਼ ਦਾ ਸਾਹਮਣਾ ਕਰਨ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ ਅਤੇ ਘਰਾਂ ਵਿੱਚ ਨਜ਼ਰਬੰਦ ਕਰਨਾ ਮੁੱਖ ਮੰਤਰੀ ਦੀ ਘਬਰਾਹਟ ਨੂੰ ਦਰਸਾਉਂਦਾ ਹੈ।